ਜੀਵਨ ਸਿੰਘ
ਝੁਨੀਰ, 12 ਜੁਲਾਈ
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਝੁਨੀਰ ਬਲਾਕ ਦੀ ਮੀਟਿੰਗ ਬਾਬਾ ਧਿਆਨ ਦਾਸ ਦੇ ਡੇਰੇ ਵਿੱਚ ਬਲਾਕ ਪ੍ਰਧਾਨ ਮਨਜੀਤ ਸਿੰਘ ਉੱਲਕ ਦੀ ਅਗਵਾਈ ਵਿੱਚ ਵਿੱਚ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਮਹਿੰਦਰ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਜੋ ਕੇਂਦਰ ਸਰਕਾਰ ਵੱਲੋਂ ਖੇਤੀ ਨਾਲ ਸਬੰਧਿਤ ਤਿੰਨ ਆਰਡੀਨੈਂਸ ਜਾਰੀ ਕੀਤੇ ਗਏ ਹਨ, ਜਿਸ ਦੇ ਵਿਰੋਧ ’ਚ 27 ਜੁਲਾਈ ਨੂੰ ਕੁੱਲ ਹਿੰਦ ਤਾਲਮੇਲ ਕਮੇਟੀ ਦੇ ਸੱਦੇ ਉੱਤੇ ਕਿਸਾਨ ਆਪਣੇ ਆਪਣੇ ਰਵਾਇਤੀ ਸੰਦ ਟਰੈਕਟਰਾਂ ਸਮੇਤ ਅਕਾਲੀ ਭਾਜਪਾ ਦੇ ਐੱਮਪੀ, ਐੱਮਐੱਲਏ ਅਤੇ ਰਾਜ ਸਭਾ ਮੈਂਬਰ ਦੀਆਂ ਕੋਠੀਆਂ ਅੱਗੇ ਪ੍ਰਦਰਸਨ ਕੀਤੇ ਜਾਣਗੇ।
ਮੋਗਾ, (ਮਹਿੰਦਰ ਸਿੰਘ ਰੱਤੀਆਂ): ਕੇਂਦਰ ਵੱਲੋਂ ਜਾਰੀ ਆਰਡੀਨੈਂਸਾਂ, ਬਿਜਲੀ (ਸੋਧ) ਬਿੱਲ 2020 ਦੇ ਵਿਰੋਧ ਅਤੇ ਡੀਜ਼ਲ ਦਾ ਭਾਅ ਘਟਾਉਣ ਦੀ ਮੰਗ ਨੂੰ ਲੈ ਕੇ ਸੂਬੇ ਦੀਆਂ ਕਿਸਾਨ ਜਥੇਬੰਦੀਆਂ ਦੇ ਸਾਝੇ ਫਰੰਟ ਵੱਲੋਂ 27 ਜੁਲਾਈ ਨੂੰ ਭਾਜਪਾ ਤੇ ਸਹਿਯੋਗੀ ਪਾਰਟੀਆਂ ਦੇ ਵਜ਼ੀਰਾਂ, ਸੰਸਦ ਮੈਂਬਰਾਂ, ਵਿਧਾਇਕਾਂ, ਜ਼ਿਲ੍ਹਾ ਪ੍ਰਧਾਨਾਂ, ਸਰਕਲ ਆਗੂਆਂ ਦੇ ਘਰਾਂ, ਦਫ਼ਤਰਾਂ ਦਾ ਟਰੈਕਟਰ ਸਮੇਤ ਘਿਰਾਓ ਕਰਨ ਦਾ ਸੱਦਾ ਦਿੱਤਾ ਗਿਆ ਹੈ।
ਟੱਲੇਵਾਲ, (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਬਲਾਕ ਪੱਧਰੀ ਮੀਟਿੰਗ ਪਿੰਡ ਚੀਮਾ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ। ਆਗੂਆਂ ਨੇ ਕਿਹਾ ਕਿ ਕਰੋਨਾਵਾਇਰਸ ਦੀ ਆੜ ਵਿੱਚ ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਕਾਲੇ ਕਾਨੂੰਨ ਲਿਆ ਕੇ ਕਿਸਾਨ ਵਿਰੋਧੀ ਬਿੱਲ ਲਿਆਂਦੇ ਜਾ ਰਹੇ ਹਨ।
ਚਾਉਕੇ, (ਪੱਤਰ ਪ੍ਰੇਰਕ): ਬੀਕੇਯੂ ਡਕੌਂਦਾ ਦੇ ਸੂਬਾ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਦੱਸਿਆ ਕਿ ਫ਼ੈਸਲਾ ਕੀਤਾ ਗਿਆ ਕਿ 27 ਜੁਲਾਈ ਨੂੰ ਇਤਿਹਾਸਕ ਥਾਂਵਾਂ ਤੋਂ ਟਰੈਕਟਰਾਂ ਰਾਹੀਂ ਚੱਲ ਕੇ ਬਾਦਲ ਪਿੰਡ ਵੱਲ ਕੂਚ ਕੀਤਾ ਜਾਵੇਗਾ।
ਹਰਸਿਮਰਤ ਕੌਰ ਬਾਦਲ ਦੇ ਦਫ਼ਤਰ ਦੇ ਘਿਰਾਓ ਦਾ ਐਲਾਨ
ਮਾਨਸਾ, (ਜੋਗਿੰਦਰ ਸਿੰਘ ਮਾਨ): ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਸੂਬਾ ਸਕੱਤਰ ਹਰਿੰਦਰ ਕੌਰ ਬਿੰਦੂ ਅਤੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਮੋਦੀ ਸਰਕਾਰ ਵਲੋਂ ਖੇਤੀ ਵਿਰੋਧੀ ਆਰਡੀਨੈਂਸਾਂ ਖ਼ਿਲਾਫ਼ ਅਰਵਿੰਦ ਨਗਰ ਮਾਨਸਾ ’ਚ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਆਗੂਆਂ ਨੇ ਕਿਹਾ ਕਿ 27 ਜੁਲਾਈ ਨੂੰ ਕੇਂਦਰੀ ਮੰਤਰੀ ਦੇ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ।