ਜੋਗਿੰਦਰ ਸਿੰਘ ਮਾਨ
ਮਾਨਸਾ, 28 ਫਰਵਰੀ
ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਨੇ ਇਥੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਾਲੇ ਕਾਨੂੰਨਾਂ ਨੂੰ ਵਾਪਸ ਨਾ ਲੈਣ ਦੀ ਅੜੀ ਬਹੁਤ ਮਹਿੰਗੀ ਸਾਬਤ ਹੋਵੇਗੀ ਅਤੇ ਕਿਸਾਨ ਘੋਲ ਦਾ ਪਾਸਾਰ ਦੇਸ਼ ਦੇ ਕੋਨੇ-ਕੋਨੇ ਤੋਂ ਹੁੰਦਾ ਹੋਇਆ ਪੂਰੀ ਦੁਨੀਆ ਵਿੱਚ ਫੈਲ ਗਿਆ ਹੈ। ਉਹ ਲੰਬੇ ਸਮੇਂ ਤੋਂ ਦਿੱਲੀ ਵਿੱਚ ਕਿਸਾਨੀ ਅੰਦੋਲਨ ਵਿੱਚ ਰਹਿਣ ਤੋਂ ਬਾਅਦ ਅਚਾਨਕ ਮਾਨਸਾ ਵਿੱਚ ਕਿਸੇ ਕਾਰਜ ਲਈ ਆਏ ਸਨ ਅਤੇ ਅੱਜ ਇਥੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ।
ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਪੂਰੇ ਦੇਸ਼ ਵਿੱਚ ਫੈਲ ਰਿਹਾ ਹੈ, ਜਿਨ੍ਹਾਂ ਲੋਕਾਂ ਨੇ ਮੋਦੀ ਨੂੰ ਵੋਟਾਂ ਪਾ ਕੇ ਕੁਰਸੀ ਦਿੱਤੀ ਸੀ, ਉਹ ਅੱਜ ਭਾਜਪਾ ਨੂੰ ਛੱਡ ਕੇ ਕਿਸਾਨਾਂ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਉਤਰ ਪ੍ਰਦੇਸ਼ ਅਤੇ ਹਰਿਆਣੇ ਦੀਆਂ ਜਿਹੜੀਆਂ ਖਾਪ ਪੰਚਾਇਤਾਂ ਵੋਟਾਂ ਵਿੱਚ ਭਾਜਪਾ ਨਾਲ ਖੜ੍ਹੀਆਂ ਸੀ, ਉਹ ਉਤਰ ਪ੍ਰਦੇਸ਼ ਅਤੇ ਹਰਿਆਣਾ ਵਿੱਚ ਉਨ੍ਹਾਂ ਨੇ ਹੁਣ ਬੀਜੇਪੀ ਦੇ ਆਗੂਆਂ ਅਤੇ ਵਰਕਰਾਂ ਦਾ ਘਰਾਂ ਵਿੱਚੋਂ ਨਿਕਲਣਾ ਦੁੱਭਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਮੂੰਹ ਦੀ ਖਾਣੀ ਪਵੇਗੀ ਤੇ ਇਕ ਦਿਨ ਇਹ ਕਾਨੂੰਨ ਵਾਪਸ ਲੈਣੇ ਹੀ ਪੈਣਗੇ। ਉਨ੍ਹਾਂ ਆਪਣੀ ਤਕਰੀਰ ਦੌਰਾਨ ਕਿਹਾ ਕਿ ਤਿੰਨ ਕਾਲੇ ਖੇਤੀ ਕਾਨੂੰਨਾਂ ਤੋਂ ਇਲਾਵਾ ਬਿਜਲੀ ਬਿਲ-2020, ਪਰਾਲੀ ਆਰਡੀਨੈਂਸ ਰੱਦ ਕਰਨ, ਪੂਰੇ ਮੁਲਕ ਵਿੱਚ ਘੱਟੋ-ਘੱਟ ਖਰੀਦ ਮੁੱਲ ’ਤੇ ਸਾਰੀਆਂ ਫ਼ਸਲਾਂ ਦੀ ਸਰਕਾਰੀ ਖਰੀਦ ਦੀ ਕਾਨੂੰਨੀ ਗਰੰਟੀ ਕਰਨ, ਸਰਵਜਨਕ ਜਨਤਕ ਵੰਡ ਪ੍ਰਣਾਲੀ ਪੂਰੇ ਮੁਲਕ ਵਿੱਚ ਲਾਗੂ, ਝੂਠੇ ਮੁਕੱਦਮੇ ਤੇ ਜੇਲ੍ਹ ਵਿੱਚ ਬੰਦ ਸਾਰੇ ਬੇਦੋਸ਼ੇ ਕਿਸਾਨਾਂ-ਮਜ਼ਦੂਰਾਂ ਨੂੰ ਬਿਨਾਂ ਸ਼ਰਤਾਂ ਰਿਹਾਅ ਕਰਨ ਵਰਗੇ ਮਾਮਲਿਆਂ ਉਤੇ ਜਥੇਬੰਦੀਆਂ ਵੱਲੋਂ ਕੋਈ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ।
ਗਿੱਦੜਬਾਹਾ (ਪੱਤਰ ਪ੍ਰੇਰਕ) ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਗਿੱਦੜਬਾਹਾ ਕਿਸਾਨਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਕਿਸਾਨ ਅੰਦੋਲਨ ਲੰਮਾ ਚੱਲੇਗਾ। ਉਨ੍ਹਾਂ ਕਿਹਾ ਕਿ ਜੇ ਹਰ ਵਰਗ ਇਸ ਅੰਦੋਲਨ ਵਿੱਚ ਸਾਥ ਦੇਵੇ ਤਾਂ ਇਹ ਅੰਦੋਲਨ ਜਲਦੀ ਜਿੱਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਅੰਦੋਲਨ ’ਚ ਆੜ੍ਹਤੀ ਵੀਰਾਂ ਦੀ ਹਾਜ਼ਰੀ ਬਹੁਤ ਘੱਟ ਹੈ। ਉਨ੍ਹਾਂ ਕਿਹਾ ਕਿ ਆੜ੍ਹਤੀ ਵੀਰਾਂ ਨੂੰ ਡਰਨ ਦੀ ਲੋੜ ਨਹੀਂ। ਕਿਸਾਨ ਉਨ੍ਹਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹੇ ਹਨ। ਛੱਬੀ ਤਰੀਕ ਵਾਲੀ ਘਟਨਾ ਤੇ ਉਨ੍ਹਾਂ ਨੇ ਬੋਲਦੇ ਹੋਏ ਕਿਹਾ ਕਿ ਇਹ ਕੰਮ ਬਹੁਤ ਜ਼ਿਆਦਾ ਵਿਗੜ ਗਿਆ ਸੀ ਪਰ ਹੁਣ ਉਨ੍ਹਾਂ ਦੀ ਪਕੜ ਵਿੱਚ ਹੈ ਤੇ ਅੰਦੋਲਨ ਵਧੀਆ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਹੁਣ ਫਸੀ ਹੋਈ ਹੈ। ਇਕ ਹੱਥ ਮੋਦੀ ਦਾ ਕਾਰਪੋਰੇਟ ਘਰਾਣਿਆਂ ਦੇ ਹੱਥ ਵਿੱਚ ਹੈ ਤੇ ਦੂਸਰਾ ਹੱਥ ਕਿਸਾਨਾਂ ਦੇ ਹੱਥ ਵਿੱਚ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਾਨੂੰਨਾਂ ਨੂੰ ਡੇਢ ਸਾਲ ਲਈ ਰੋਕਣ ਦੀ ਗੱਲ ਕਰ ਰਹੀ ਹੈ ਪਰ ਉਨ੍ਹਾਂ ਨੇ ਵੀ ਕਾਨੂੰਨ ਰੱਦ ਹੋਣ ਮਗਰੋਂ ਹੀ ਆਪਣਾ ਅੰਦੋਲਨ ਸਮਾਪਤ ਕਰਨ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਛੇ ਤਰੀਕ ਨੂੰ ਦਿੱਲੀ ਦੇ ਵੱਡੇ ਰੋਡ ਜਾਮ ਕੀਤੇ ਜਾਣਗੇ।