ਖੇਤਾਂ ਵਿੱਚ ਪਰਾਲੀ ਸਾੜਨ ਦੇ ਮਾਮਲੇ ਚਾਰ ਗੁਣਾ ਘਟੇ
ਡੀ ਸੀ ਅਤੇ ਐੱਸ ਐਸ ਪੀ ਕਿਸਾਨਾਂ ਨੂੰ ਖੇਤਾਂ ’ਚ ਜਾ ਕੇ ਕਰ ਰਹੇ ਹਨ ਜਾਗਰੂਕ
ਪੰਜਾਬ ’ਚ ਪਰਾਲੀ ਸਾੜਨ ਦੀ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਪ੍ਰਸ਼ਾਸਨ ਤੇ ਪੁਲੀਸ ਦੇ ਨਿਰੰਤਰ ਯਤਨਾਂ ਦੇ ਚੰਗੇ ਨਤੀਜੇ ਸਾਹਮਣੇ ਆਏ ਹਨ। ਸੂਬੇ ਵਿੱਚ ਪਿਛਲੇ ਦੋ ਸਾਲਾਂ ਦੇ ਮੁਕਾਬਲੇ ਐਤਕੀਂ ਖੇਤਾਂ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਲਗਪਗ ਚਾਰ ਗੁਣਾ ਕਮੀ ਦਰਜ ਕੀਤੀ ਗਈ ਹੈ।
ਅਧਿਕਾਰਤ ਅੰਕੜਿਆਂ ਅਨੁਸਾਰ 15 ਸਤੰਬਰ ਤੋਂ 21 ਅਕਤੂਬਰ 2025 ਦੌਰਾਨ ਖੇਤਾਂ ਵਿੱਚ ਪਰਾਲੀ ਸਾੜਨ ਦੇ ਸਿਰਫ਼ 415 ਮਾਮਲੇ ਦਰਜ ਕੀਤੇ ਗਏ ਹਨ ਜਦਕਿ ਸਾਲ 2024 ਅਤੇ 2023 ਵਿੱਚ ਕ੍ਰਮਵਾਰ ਅਜਿਹੇ 1,510 ਅਤੇ 1,764 ਮਾਮਲੇ ਸਾਹਮਣੇ ਆਏ ਸਨ। ਡਿਪਟੀ ਕਮਿਸ਼ਨਰ ਸਾਗਰ ਸੇਤੀਆ ਤੇ ਐੱਸ ਐੱਸ ਪੀ ਅਜੈ ਗਾਂਧੀ ਨੇ ਅੱਜ ਤੱਕ ਜ਼ਿਲ੍ਹੇ ਵਿੱਚ 30 ਫ਼ੀਸਦੀ ਅਤੇ ਆਗਾਮੀ ਦੋ ਦਿਨਾ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਚ ਕਮੀ 50 ਫ਼ੀਸਦੀ ਕਮੀ ਆਉਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਇਹ ਸਫ਼ਲਤਾ ਜਾਗਰੂਕ ਕਿਸਾਨਾਂ, ਸਿਵਲ ਤੇ ਪੁਲੀਸ ਵਿਭਾਗ ਦੀਆਂ ਟੀਮਾਂ ਦੀ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਦੇ ਰੁਝਾਨ ਤੋਂ ਸਪਸ਼ਟ ਹੁੰਦਾ ਹੈ ਕਿ ਅੰਨਦਾਤਾ ਜਾਗਰੂਕ ਹੋ ਚੁੱਕਾ ਹੈ ਅਤੇ ਅਗਾਮੀ ਦੋ ਸਾਲਾਂ ਦੌਰਾਨ ਇਹ ਵਰਤਾਰਾ ਬਿੱਲਕੁਲ ਬੰਦ ਹੋ ਜਾਵੇਗਾ। ਉਨ੍ਹਾਂ ਆਖਿਆ ਕਿ ਉਹ ਖੁਦ ਖੇਤਾਂ ਵਿਚ ਜਾ ਕੇ ਕਿਸਾਨਾਂ ਨੂੰ ਜਾਗਰੂਕ ਕਰ ਰਹੇ ਹਨ। ਇਸ ਦਾ ਮਕਸਦ ਇਹ ਵੀ ਹੈ ਕਿ ਸੰਦਾਂ ਦੀ ਘਾਟ ਕਾਰਨ ਕੋਈ ਵੀ ਕਿਸਾਨ ਪਰਾਲੀ ਨਾ ਸਾੜੇ। ਇਸ ਮੌਕੇ ਐੱਸ ਡੀ ਐੱਮ ਬੇਅੰਤ ਸਿੰਘ ਸਿੱਧੂ, ਮੁੱਖ ਖੇਤੀਬਾੜੀ ਅਫ਼ਸਰ ਡਾ ਗੁਰਪ੍ਰੀਤ ਸਿੰਘ ਤੇ ਡਾ. ਸੁਖਰਜ ਕੌਰ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਮੌਜੂਦਾ ਸਾਲ ਦੌਰਾਨ ਕਿਸਾਨਾਂ ਨੂੰ 337 ਆਧੁਨਿਕ ਮਸ਼ੀਨਾਂ ਸਬਸਿਡੀ ਤੇ ਮੁਹੱਈਆ ਕਰਵਾਈਆਂ ਗਈਆਂ ਹਨ, ਕਰੀਬ 4900 ਮਸ਼ੀਨਰੀ ਪਹਿਲਾਂ ਤੋਂ ਕਿਸਾਨਾਂ ਕੋਲ ਉਪਲੱਬਧ ਹੈ। ਜ਼ਿਲ੍ਹੇ ਦੇ 40 ਪਿੰਡਾਂ ਵਿੱਚ 74 ਏਕੜ ਜ਼ਮੀਨ ਅੰਦਰ ਝੋਨੇ ਦੀ ਪਰਾਲੀ ਦੀਆਂ ਗੱਠਾਂ ਸਾਂਭਣ ਲਈ ਸਟੋਰੇਜ ਥਾਵਾਂ ਬਣਾਈਆਂ ਗਈਆਂ ਹਨ। ਪਰਾਲੀ ਪ੍ਰੋਟੈਕਟਸ਼ਨ ਫੋਰਸ ਦੀਆਂ 9 ਟੀਮਾਂ ਵੀ ਲਗਾਤਾਰ ਕਾਰਜਸ਼ੀਲ ਹਨ।

