ਰਾਜਵਿੰਦਰ ਰੌਂਤਾ
ਨਿਹਾਲ ਸਿੰਘ ਵਾਲਾ/ ਮੋਗਾ, 3 ਨਵੰਬਰ
ਕਿਰਤੀ ਕਿਸਾਨ ਯੂਨੀਅਨ, ਪੇਂਡੂ ਮਜ਼ਦੂਰ ਯੂਨੀਅਨ, ਨੌਜਵਾਨ ਭਾਰਤ ਸਭਾ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ 1984 ਵਿੱਚ ਹੋਏ ਸਿੱਖ ਕਤਲੇਆਮ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਸਮੇਤ ਬੁੱਧੀਜੀਵੀਆਂ, ਸਮਾਜਿਕ ਕਾਰਕੁਨਾਂ ਅਤੇ ਹਵਾਲਤੀਆਂ ਨੂੰ ਰਿਹਾਅ ਕਰਵਾਉਣ ਲਈ ਮੋਗਾ ਸ਼ਹਿਰ ਵਿੱਚ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਸਾਨ ਮਜਦੂਰ ਨੌਜਵਾਨ ਤੇ ਵਿਦਿਆਰਥੀ ਆਗੂਆਂ ਪ੍ਰਗਟ ਸਿੰਘ ਸਾਫੂਵਾਲਾ, ਚਮਕੌਰ ਸਿੰਘ ਰੋਡੇ, ਬਲਕਰਨ ਸਿੰਘ ਵੈਰੋਕੇ, ਮੰਗਾ ਸਿੰਘ ਵੈਰੋਕੇ, ਕਰਮਜੀਤ ਸਿੰਘ ਮਾਣੂੰਕੇ ਅਤੇ ਜਸਪ੍ਰੀਤ ਸਿੰਘ ਰਾਜੇਆਣਾ ਨੇ ਕਿਹਾ ਕਿ ਸਿੱਖ ਕੈਦੀ ਸਜ਼ਾਵਾਂ ਪੂਰੀਆਂ ਕਰਕੇ ਵੀ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਹਨ। ਉਨ੍ਹਾਂ ਨੂੰ ਪੈਰੋਲ ’ਤੇ ਵੀ ਨਹੀਂ ਛੱਡਿਆ ਜਾ ਰਿਹਾ ਹੈ। ਦੂਜੇ ਪਾਸੇ ਬਲਤਕਾਰ ਦੇ ਦੋਸ਼ੀਆਂ ਨੂੰ ਵਾਰ ਵਾਰ ਪੈਰੋਲ ਦੇ ਕੇ ਵੋਟਾਂ ਪੱਕੀਆਂ ਕੀਤੀਆਂ ਜਾ ਰਹੀਆਂ ਹਨ। ਗੁਜਰਾਤ ਦੰਗਿਆਂ ਦੇ ਦੋਸ਼ੀਆਂ ਹਨ ਆਜ਼ਾਦ ਕਰ ਦਿੱਤਾ ਗਿਆ ਹੈ। ਲੋਕਪੱਖੀ ਸਮਾਜਿਕ ਕਾਰਕੁਨਾਂ, ਬੁੱਧੀਜੀਵੀਆਂ ਨੂੰ ਵੀ ਗੈਰ ਕਾਨੂੰਨੀ ਢੰਗ ਨਾਲ ਜੇਲ੍ਹਾਂ ਵਿੱਚ ਡੱਕ ਰੱਖਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਭਾਜਪਾ ਦੇ ਏਜੰਡੇ ’ਤੇ ਚੱਲ ਰਹੀ ਹੈ। ਸਮੂਹ ਹਾਜ਼ਰੀਨ ਨੇ ਹੱਥ ਖੜੇ ਕਰਕੇ ਸਰਕਾਰ ਤੋਂ ਮੰਗ ਕੀਤੀ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਅਤੇ ਸਮਾਜਿਕ ਕਾਰਕੁਨਾਂ ਸਮੇਤ ਬੁੱਧੀਜੀਵੀਆਂ ਨੂੰ ਰਿਹਾਅ ਕੀਤਾ ਜਾਵੇ ਅਤੇ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਔਰਤ ਵਿੰਗ ਦੀ ਛਿੰਦਰਪਾਲ ਰੋਡੇ, ਜਗਵਿੰਦਰ ਕੌਰ ਰਾਜੇਆਣਾ, ਪਵਨਦੀਪ ਕੌਰ ਮਾਛੀਕੇ, ਨੌਜਵਾਨ ਭਾਰਤ ਦੇ ਜ਼ਿਲ੍ਹਾ ਆਗੂ ਰਾਜਦੀਪ ਸਿੰਘ, ਬ੍ਰਿਜ਼ ਰਾਜੇਆਣਾ, ਕਿਰਤੀ ਕਿਸਾਨ ਯੂਨੀਅਨ ਦੇ ਨਿਰਮਲਜੀਤ ਘਾਲੀ, ਨਾਜ਼ਰ ਸਿੰਘ ਖਾਈ, ਗੁਰਦੀਪ ਰਾਊਕੇ ਤੇ ਬੇਅੰਤ ਸਿੰਘ ਮੱਲੇਆਣਾ ਹਾਜ਼ਰ ਸਨ।
ਧੂਰੀ(ਹਰਦੀਪ ਸਿੰਘ ਸੋਢੀ): ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਅੱਜ ਯੂਨੀਵਰਸਿਟੀ ਕਾਲਜ ਬੇਨੜਾ (ਧੂਰੀ) ਵਿਖੇ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਅਤੇ ਲੰਬੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਸਿੰਘਾਂ ਦੀ ਰਿਹਾਈ ਦੀ ਮੰਗ ਲਈ ਪ੍ਰਦਰਸ਼ਨ ਕੀਤਾ ਗਿਆ। ਯੂਨੀਅਨ ਦੇ ਸੂਬਾਈ ਆਗੂ ਸੁਖਦੀਪ ਹਥਨ ਨੇ ਕਿਹਾ ਕਿ 38 ਸਾਲ ਪਹਿਲਾਂ ਹੋਏ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਹਾਲੇ ਤੱਕ ਸਜ਼ਾ ਨਹੀਂ ਮਿਲੀ।
ਉਨ੍ਹਾਂ ਮੰਗ ਕੀਤੀ ਕਿ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ ਦਿੱਤੀ ਜਾਵੇ। ਸਜ਼ਾ ਪੂਰੀ ਕਰ ਚੁੱਕੇ ਸਿੱਖ ਕੈਦੀਆਂ, ਸਿਆਸੀ ਕਾਰਕੁਨਾਂ ਅਤੇ ਹਵਾਲਾਤੀਆਂ ਨੂੰ ਜਲਦੀ ਤੋਂ ਜਲਦੀ ਰਿਹਾਅ ਕੀਤਾ ਜਾਵੇ। ਇਸ ਮੌਕੇ ਕਾਲਜ ਦੇ ਵਿਦਿਆਰਥੀ ਆਗੂ ਤਰਨਪ੍ਰੀਤ ਸਿੰਘ ਤੇ ਹਰਮਨ ਸਿੰਘ ਹਾਜ਼ਰ ਸਨ।