ਮਹਿੰਦਰ ਸਿੰਘ ਰੱਤੀਆਂ
ਮੋਗਾ, 28 ਦਸੰਬਰ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਸੂਬਾ ਸਰਕਾਰ ਵੱਲੋਂ ਮੰਨੀਆਂ ਮੰਗਾਂ ਤੇ ਪਿਛਲੇ ਚੋਣ ਵਾਅਦੇ ਲਾਗੂ ਕਰਨ ਤੋਂ ਇਲਾਵਾ ਹੋਰ ਭਖਦੇ ਮਸਲੇ ਹੱਲ ਕਰਨ ਬਾਰੇ ਅਪਣਾਈ ਟਰਕਾਊ ਨੀਤੀ ਖ਼ਿਲਾਫ਼ ਅੱਜ ਦੁਪਹਿਰ ਵੇਲੇ ਮਿੰਨੀ ਸਕੱਤਰੇਤ ਦੇ ਦੋਵੇਂ ਗੇਟ ਬੰਦ ਕਰਕੇ ਧਰਨਾ ਸ਼ੁਰੂ ਕਰ ਦਿੱਤਾ ਹੈ।
ਜਥੇਬੰਦੀ ਦੇ ਸੁੂਬਾਈ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜੱਥੇਬੰਦੀ ਦੇ ਆਗੂਆਂ ਨੂੰ ਪਹਿਲਾਂ 16 ਦਸੰਬਰ ਲਈ ਗੱਲਬਾਤ ਲਈ ਸੱਦ ਕੇ ਆਪ ਹੀ ਅਣਮਿੱਥੇ ਸਮੇਂ ਲਈ ਮੁਲਤਵੀ ਕਰਨ ਦੇ ਤਾਨਾਸ਼ਾਹ ਰਵੱਈਏ ਖ਼ਿਲਾਫ਼ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਅੱਜ ਮੁੜ ਚੰਡੀਗੜ੍ਹ ਵਿਖੇ ਗੱਲਬਾਤ ਲਈ ਸੱਦਿਆ ਗਿਆ ਸੀ। ਉਨ੍ਹਾਂ ਨੂੰ ਉਸ ਵੇਲੇ ਹੈਰਾਨਗੀ ਹੋਈ ਜਦੋਂ ਮੁੱਖ ਮੰਤਰੀ ਨੇ ਇਹ ਕਹਿ ਦਿੱਤਾ ਕਿ ਅੱਜ ਦੀ ਗੱਲਬਾਤ ਬਾਰੇ ਗਲਤ ਫ਼ਹਿਮੀ ਪੈਦਾ ਹੋਈ ਹੈ। ਉਨ੍ਹਾਂ ਦੇ ਅੱਜ ਹੋਰ ਬਹੁਤ ਸਾਰੇ ਰੁਝੇਵੇਂ ਹਨ। ਇਥੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ, ਗੁਰਮੀਤ ਸਿੰਘ ਕਿਸ਼ਨਪੁਰਾ, ਬਲੌਰ ਸਿੰਘ ਘਾਲੀ ਨੇ ਕਿਹਾ ਕਿ ਉਨ੍ਹਾਂ ਰੋਸ ਵਿੱਚ ਸਕੱਤਰੇਤ ਦੇ ਦੋਵੇਂ ਗੇਟ ਬੰਦ ਕਰ ਦਿੱਤੇ ਹਨ।