ਪੱਤਰ ਪ੍ਰੇਰਕ
ਮਾਨਸਾ, 23 ਜੂਨ
ਆਮ ਆਦਮੀ ਪਾਰਟੀ ਦੇ ਸਰਦੂਲਗੜ੍ਹ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਦੱਸਿਆ ਕਿ ਦੇਸ਼ ਦੀ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਸੂਬਾ ਵਾਸੀਆਂ ਨੂੰ ਖੂਬਸੂਰਤ ਤੋਹਫ਼ਾ ਦੇਣ ਦੇ ਮਕਸਦ ਨਾਲ ਪੰਜਾਬ ਸਰਕਾਰ ਵੱਲੋਂ ਪਹਿਲੇ ਪੜ੍ਹਾਅ ਤਹਿਤ ਸੂਬੇ ਭਰ ਵਿੱਚ 75 ਮੁਹੱਲਾ ਕਲੀਨਿਕ ਲੋਕ ਅਰਪਣ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਦੇ ਮੁੱਖ ਪ੍ਰੋਗਰਾਮ ‘ਮੁਹੱਲਾ ਕਲੀਨਿਕ’ ਸੂਬਾ ਵਾਸੀਆਂ ਲਈ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਨਵੀਂ ਕ੍ਰਾਂਤੀ ਲੈਕੇ ਆਉਣਗੇ ਅਤੇ ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ’ਤੇ ਹੀ ਮਿਆਰੀ ਸਿਹਤ ਸਹੂਲਤਾਂ ਮਿਲ ਸਕਣਗੀਆਂ। ਉਨ੍ਹਾਂ ਦੱਸਿਆ ਕਿ ਮੁਹੱਲਾ ਕਲੀਨਿਕ ਖਾਸ ਕਰਕੇ ਉਨ੍ਹਾਂ ਥਾਵਾਂ ’ਤੇ ਸਥਾਪਿਤ ਕੀਤੇ ਜਾਣਗੇ ਜਿੱਥੇ ਹਸਪਤਾਲ ਦੂਰ ਪੈਂਦਾ ਹੈ।
ਵਿਧਾਇਕ ਨੇ ਕਿਹਾ ਕਿ ਸਿਹਤ ਵਿਭਾਗ ਵਿੱਚ ਲੋੜੀਂਦੇ ਸਟਾਫ ਦੀ ਭਰਤੀ ਦੀ ਪ੍ਰਕਿਰਿਆ ਪਹਿਲਾਂ ਹੀ ਚੱਲ ਰਹੀ ਹੈ। ਮਾਨਸਾ ਦੇ ਸਿਵਲ ਸਰਜਨ ਡਾ.ਜਸਵਿੰਦਰ ਸਿੰਘ ਨੇ ਦੱਸਿਆ ਕਿ ਪਹਿਲੇ ਪੜਾਅ ਤਹਿਤ ਜ਼ਿਲ੍ਹੇ ਵਿਚ ਦੋ ਮੁਹੱਲਾ ਕਲੀਨਿਕ, ਇਕ ਮਾਨਸਾ ਸ਼ਹਿਰ ਅਤੇ ਇਕ ਬੋਹਾ ਵਿਖੇ ਖੋਲ੍ਹੇ ਜਾ ਰਹੇ ਹਨ।