ਪਰਸ਼ੋਤਮ ਬੱਲੀ
ਬਰਨਾਲਾ, 15 ਅਕਤੂਬਰ
ਜਮਹੂਰੀ ਅਧਿਕਾਰ ਸਭਾ ਬਰਨਾਲਾ ਵੱਲੋਂ ਸ਼ਹੀਦ ਭਗਤ ਸਿੰਘ ਤੇ ਦੁਰਗਾ ਭਾਬੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਇੱਥੇ ਤਰਕਸ਼ੀਲ ਭਵਨ ਵਿੱਚ ਸੈਮੀਨਾਰ ਕਰਵਾਇਆ ਗਿਆ। ਇਸ ਦੌਰਾਨ ਬੁਲਾਰਿਆਂ ਵਜੋਂ ਉੱਘੇ ਜਮਹੂਰੀ ਕਾਰਕੁਨ ਹਿਮਾਂਸ਼ੂ ਕੁਮਾਰ ਅਤੇ ਸਭਾ ਦੇ ਸੂਬਾ ਜਨਰਲ ਸਕੱਤਰ ਪ੍ਰਿਤਪਾਲ ਸਿੰਘ ਬਠਿੰਡਾ ਨੇ ਸ਼ਿਰਕਤ ਕੀਤੀ।
ਪ੍ਰਧਾਨਗੀ ਮੰਡਲ ਵਿੱਚ ਸਭਾ ਦੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਠੁੱਲੀਵਾਲ, ਇਸਤਰੀ ਜਾਗ੍ਰਿਤੀ ਮੰਚ ਪੰਜਾਬ ਆਗੂ ਚਰਨਜੀਤ ਕੌਰ ਤੇ ਪ੍ਰੇਮਪਾਲ ਕੌਰ ਹਾਜ਼ਰ ਸਨ। ਇਸ ਮੌਕੇ ਹਿਮਾਂਸ਼ੂ ਕੁਮਾਰ ਨੇ ਕਿਹਾ ਕਿ ਆਏ ਦਿਨ ਲੋਕਾਂ ਦੇ ਜਮਹੂਰੀ ਅਧਿਕਾਰਾਂ ’ਤੇ ਹਮਲੇ ਹੋ ਰਹੇ ਹਨ। ਆਦਿਵਾਸੀਆਂ ਤੋਂ ਜਲ ਜੰਗਲ ‘ਤੇ ਜ਼ਮੀਨ ਖੋਹ ਕੇ ਕਾਰਪੋਰੇਟਾਂ ਦੇ ਹਵਾਲੇ ਕੀਤੀ ਜਾ ਰਹੀ ਹੈ ਤਾਂ ਜੋ ਧਰਤੀ ਹੇਠਲੇ ਖਣਿਜ ਪਦਾਰਥਾਂ ਦੀ ਲੁੱਟ ਕੀਤੀ ਜਾ ਸਕੇ।
ਸਭਾ ਦੇ ਜਨਰਲ ਸਕੱਤਰ ਪ੍ਰਿਤਪਾਲ ਸਿੰਘ ਨੇ ਆਪਣੀ ਤਕਰੀਰ ਵਿੱਚ ਸ਼ਹੀਦ ਭਗਤ ਸਿੰਘ, ਉਸ ਦੇ ਸਾਥੀਆਂ, ਖਾਸਕਰ ਦੁਰਗਾ ਭਾਬੀ ਦੀਆਂ ਕੁਰਬਾਨੀਆਂ ਬਾਰੇ ਖੁੱਲ੍ਹ ਕੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਅਤੇ ਉਸ ਦੇ ਸਾਥੀਆਂ ਦੀਆਂ ਕੁਰਬਾਨੀਆਂ ਨੂੰ ਸਿਰਫ਼ ਯਾਦ ਹੀ ਨਹੀਂ ਰੱਖਣਾ ਚਾਹੀਦਾ ਸਗੋਂ ਇਨ੍ਹਾਂ ਤੋਂ ਸੇਧ ਲੈਣੀ ਚਾਹੀਦੀ ਹੈ।
ਇਸ ਮੌਕੇ ਅਜਮੇਰ ਅਕਲੀਆ, ਜਗਰਾਜ ਧੌਲਾ, ਪ੍ਰੇਮਪਾਲ ਕੌਰ, ਗੋਪੀ ਰਾਏਸਰ ਅਤੇ ਦਲਵਾਰਾ ਸਿੰਘ ਨੇ ਇਨਕਲਾਬੀ ਕਵਿਤਾਵਾਂ ਤੇ ਗੀਤ ਸੁਣਾਏ। ਮਤੇ ਪਾ ਕੇ ਜੇਲ੍ਹਾਂ ‘ਚ ਬੰਦ ਬੁਧੀਜੀਵੀਆਂ ਨੂੰ ਰਿਹਾਅ ਕਰਨ, ਪੰਜਾਬ ਦੇ ਸਦਭਾਵਨਾ ਮਾਹੌਲ ਨੂੰ ਖਰਾਬ ਕਰਨ ਵਾਲੀਆਂ ਫਿਰਕੂ ਤਾਕਤਾਂ ਨੂੰ ਨਕੇਲ ਪਾਉਣ, ਟੌਲ ਪਲਾਜ਼ਿਆਂ ਦੀ ਲੁੱਟ ਬੰਦ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਅਤੇ ਕਿਸਾਨਾਂ ਦੀਆਂ ਰਹਿੰਦੀਆਂ ਮੰਗਾਂ ਨੂੰ ਤੁਰੰਤ ਸਵੀਕਾਰ ਕਰਨ ਦੀ ਮੰਗ ਕੀਤੀ ਗਈ। ਸਭਾ ਦੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਠੁੱਲੀਵਾਲ ਨੇ ਆਏ ਸਰੋਤਿਆਂ ਦਾ ਧੰਨਵਾਦ ਕੀਤਾ। ਸਟੇਜ ਦੀ ਕਾਰਵਾਈ ਜ਼ਿਲ੍ਹਾ ਸਕੱਤਰ ਸੋਹਣ ਸਿੰਘ ਮਾਝੀ ਨੇ ਬਾਖੂਬੀ ਨਿਭਾਈ।