ਆਜ਼ਾਦੀ ਦਿਹਾੜੇ ਮੌਕੇ ਪੇਂਡੂ ਮਜ਼ਦੂਰਾਂ ਵੱਲੋਂ ਮੋਟਰਸਾਈਕਲ ਮਾਰਚ
ਕਿਰਤ ਕਾਨੂੰਨਾਂ ਵਿੱਚ ਤਬਦੀਲੀ ਖ਼ਿਲਾਫ਼ ਸਰਕਾਰ ਵਿਰੁੱਧ ਨਾਅਰੇਬਾਜ਼ੀ
ਆਜ਼ਾਦੀ ਦਿਵਸ ਮੌਕੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਬਲਾਕ ਪ੍ਰਧਾਨ ਜਗਸੀਰ ਸਿੰਘ, ਸੂਬਾ ਖਜ਼ਾਨਚੀ ਗਿਆਨ ਸਿੰਘ ਅਤੇ ਸੰਦੀਪ ਭੰਡੋਰੀ ਦੀ ਅਗਵਾਈ ਹੇਠ ਜ਼ੀਰਾ ਵਿੱਚ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਲਈ ਮੋਟਰਸਾਈਕਲ ਮਾਰਚ ਕੱਢਿਆ ਗਿਆ। ਇਹ ਮਾਰਚ ਦਾਣਾ ਮੰਡੀ ਜ਼ੀਰਾ ਤੋਂ ਸ਼ੁਰੂ ਹੋ ਕੇ ਮਨਸੂਰ ਦੇਵਾ, ਸੁੱਖੇ ਵਾਲਾ, ਨੂਰਪੁਰ, ਮੱਲੋਕੇ ਅਤੇ ਨਵਾਂ ਜ਼ੀਰਾ ਸਮੇਤ ਵੱਖ-ਵੱਖ ਪਿੰਡਾਂ ਤੋਂ ਹੁੰਦਾ ਹੋਇਆ ਵਾਪਸ ਜ਼ੀਰਾ ਵਿੱਚ ਸਮਾਪਤ ਹੋਇਆ।
ਇਸ ਦੌਰਾਨ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਜਾਨਾਂ ਕੁਰਬਾਨ ਕੀਤੀਆਂ ਸਨ, ਪਰ 15 ਅਗਸਤ 1947 ਦੀ ਸੱਤਾ ਤਬਦੀਲੀ ਮਜ਼ਦੂਰਾਂ ਦੇ ਘਰਾਂ ਵਿੱਚੋਂ ਗ਼ਰੀਬੀ, ਭੁੱਖਮਰੀ ਅਤੇ ਬੇਰੁਜ਼ਗਾਰੀ ਖ਼ਤਮ ਕਰਨ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਹਾਕਮ ਕਾਰਪੋਰੇਟ ਘਰਾਣਿਆਂ ਅਤੇ ਸਾਮਰਾਜੀਆਂ ਪੱਖੀ ਨੀਤੀਆਂ ਘੜ ਕੇ ਮਜ਼ਦੂਰਾਂ-ਕਿਸਾਨਾਂ ਦਾ ਆਰਥਿਕ ਸ਼ੋਸ਼ਣ ਕਰ ਰਹੇ ਹਨ। ਆਗੂਆਂ ਨੇ ਕੇਂਦਰ ਸਰਕਾਰ ਵੱਲੋਂ ਕਿਰਤ ਕਾਨੂੰਨਾਂ ਵਿੱਚ ਸੋਧ ਕਰਕੇ ਡਿਊਟੀ ਦਾ ਸਮਾਂ ਅੱਠ ਘੰਟਿਆਂ ਤੋਂ ਵਧਾ ਕੇ 12 ਘੰਟੇ ਕਰਨ ਦੇ ਫ਼ਸਲੇ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਮਗਨਰੇਗਾ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ। ਪੰਜਾਬ ਦੀਆਂ ਮਜ਼ਦੂਰ ਜਥੇਬੰਦੀਆਂ ਪਿਛਲੇ ਚਾਰ ਸਾਲਾਂ ਤੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੀਆਂ ਹਨ, ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗਾਂ ਹੋਣ ਦੇ ਬਾਵਜੂਦ ਮਜ਼ਦੂਰਾਂ ਦੀ ਕੋਈ ਵੀ ਮੰਗ ਨਹੀਂ ਮੰਨੀ ਗਈ। ਇਸ ਮੌਕੇ ਲਖਵੀਰ ਸਿੰਘ ਲੱਖਾ, ਤੇਜ ਸਿੰਘ ਨਾਹਰ ਖੋਟੇ ਅਤੇ ਛਿੰਦਰ ਸਿੰਘ ਸਮנתਤ ਕਈ ਆਗੂ ਹਾਜ਼ਰ ਸਨ।

