ਮੁੱਖ ਅੰਸ਼
- ਭਾਰਤੀ ਕਿਸਾਨ ਯੂਨੀਅਨ ਏਕਤਾ ਫਤਹਿ ਨੇ ਰੋਸ ਮੁਜ਼ਾਹਰੇ ਦੀ ਅਗਵਾਈ ਕੀਤੀ
- ਸਰਕਾਰ ਦੀ ਰੁਜ਼ਗਾਰ ਨੀਤੀ ’ਤੇ ਸਵਾਲ ਉਠਾਏ
ਭਾਰਤ ਭੂਸ਼ਨ ਆਜ਼ਾਦ
ਕੋਟਕਪੂਰਾ, 24 ਅਪਰੈਲ
ਭਾਰਤੀ ਕਿਸਾਨ ਯੂਨੀਅਨ ਫਤਿਹ ਦੀ ਅਗਵਾਈ ਹੇਠ ਫਰੀਦਕੋਟ ਦੇ ਪਿੰਡ ਸੰਧਵਾਂ ਵਿੱਚ ਮੋਟਰਸਾਈਕਲ ਰੇਹੜੀ ਚਾਲਕਾਂ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਦੀ ਰਿਹਾਇਸ਼ ਦਾ ਘਿਰਾਓ ਕੀਤਾ ਅਤੇ ਕੱਟੇ ਗਏ ਚਲਾਨ ਰੱਦ ਕਰਨ ਦੀ ਮੰਗ ਕੀਤੀ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ਭਰ ’ਚ ਮੋਟਰਸਾਈਕਲ ਰੇਹੜੀਆਂ ਨੂੰ ਬੰਦ ਰੱਖਣ ਦਾ ਹੁਕਮ ਜਾਰੀ ਕੀਤਾ ਸੀ ਜਿਸ ਤੋਂ ਬਾਅਦ ਪੁਲੀਸ ਵੱਲੋਂ ਚਲਾਨ ਕੱਟੇ ਗਏ ਸਨ ਅਤੇ ਸੂਬੇ ’ਚ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਸਰਕਾਰ ਨੇ ਇਹ ਫੈਸਲਾ ਵਾਪਸ ਲੈ ਲਿਆ ਸੀ। ਭਾਰਤੀ ਕਿਸਾਨ ਯੂਨੀਅਨ ਏਕਤਾ ਫਤਹਿ ਨੇ ਐਤਵਾਰ ਨੂੰ ਜ਼ਿਲ੍ਹੇ ਭਰ ਦੇ ਮੋਟਰਸਾਈਕਲ ਰੇਹੜੀ ਚਾਲਕਾਂ ਨੂੰ ਨਾਲ ਲੈ ਕੇ ਪਿੰਡ ਸੰਧਵਾਂ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰ ਦੇ ਬਾਹਰ ਧਰਨਾ ਦੇ ਕੇ ਇਸ ਮਾਮਲੇ ਵਿੱਚ ਕੱਟੇ ਗਏ ਚਲਾਨ ਰੱਦ ਕਰਨ ਅਤੇ ਭਵਿੱਖ ਵਿੱਚ ਅਜਿਹੇ ਫੈਸਲਿਆਂ ਨੂੰ ਰੋਕਣ ਦੀ ਮੰਗ ਕੀਤੀ। ਇਸ ਦੌਰਾਨ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।
ਇਸੇ ਦੌਰਾਨ ਕਿਸਾਨ ਆਗੂ ਸ਼ਰਨਜੀਤ ਸਿੰਘ ਸਰਾਂ ਨੇ ਕਿਹਾ ਕਿ ਜੇਕਰ ਸਰਕਾਰ ਜੁਗਾੜੂ ਵਾਹਨਾਂ ਨੂੰ ਰੋਕਣਾ ਚਾਹੁੰਦੀ ਹੈ ਤਾਂ ਪਹਿਲਾਂ ਸਾਰੇ ਡਰਾਈਵਰਾਂ ਲਈ ਰੁਜ਼ਗਾਰ ਦਾ ਪ੍ਰਬੰਧ ਕਰੇ| ਉਨ੍ਹਾਂ ਕਿਹਾ ਕਿ ਸਰਕਾਰ ਸਵੇਰੇ ਕੁਝ ਹੋਰ ਕਹਿੰਦੀ ਹੈ, ਸ਼ਾਮ ਨੂੰ ਬਿਆਨ ਬਦਲ ਦਿੰਦੀ ਹੈ। ਸਰਕਾਰ ਇਸ ਗੱਲ ਨੂੰ ਨਜ਼ਰਅੰਦਾਜ਼ ਕਰ ਰਹੀ ਹੈ ਕਿ ਉਨ੍ਹਾਂ ਨੇ ਹੁਕਮ ਜਾਰੀ ਨਹੀਂ ਕੀਤੇ, ਫਿਰ ਕਿਸ ਦੇ ਕਹਿਣ ’ਤੇ ਅਧਿਕਾਰੀ ਨੇ ਹੁਕਮ ਜਾਰੀ ਕੀਤੇ ਸਨ।
ਇਸ ਮੌਕੇ ਮੋਟਰਸਾਈਕਲ ਸਟਰੀਟ ਡਰਾਈਵਰ ਯੂਨੀਅਨ ਦੇ ਪ੍ਰਧਾਨ ਜਸਵਿੰਦਰ ਸਿੰਘ ਅਤੇ ਹੋਰ ਵਾਹਨ ਚਾਲਕਾਂ ਨੇ ਕਿਹਾ ਕਿ ਪੰਜਾਬ ਵਿੱਚ ਬਦਲਾਅ ਲਿਆਉਣ ਲਈ ਉਨ੍ਹਾਂ ਨੇ ਆਮ ਆਦਮੀ ਪਾਰਟੀ ਨੂੰ ਸੱਤਾ ਵਿੱਚ ਲਿਆਂਦਾ ਹੈ ਅਤੇ ਜੇਕਰ ਨੌਕਰੀਆਂ ਖੋਹੀਆਂ ਜਾ ਰਹੀਆਂ ਹਨ ਤਾਂ ਸਾਨੂੰ ਬਦਲਾਅ ਲਿਆਉਣ ਦਾ ਕੀ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਜੇਕਰ ਲੋਕਾਂ ਦਾ ਰੁਜ਼ਗਾਰ ਬੰਦ ਕੀਤਾ ਗਿਆ ਤਾਂ ਉਹ ਨਸ਼ੇ ਵੇਚਣ ਲਈ ਮਜਬੂਰ ਹੋਣਗੇ।
ਦੱਸਣਯੋਗ ਹੈ ਕਿ ਮੋਟਰਸਾਈਕਲ ਰੇਹੜੀਆਂ ’ਤੇ ਲਗਾਈ ਗਈ ਪਾਬੰਦੀ ਦਾ ਬੀਤੇ ਦਿਨ ਮਾਲਵਾ ਖੇਤਰ ਸਣੇ ਪੂਰੇ ਪੰਜਾਬ ਵਿੱਚ ਵਿਰੋਧ ਹੋਇਆ ਸੀ ਤੇ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਇਹ ਫੈਸਲਾ ਵਾਪਸ ਲੈ ਲਿਆ ਸੀ।
ਸਰਕਾਰ ਨੂੰ ਰੁਜ਼ਗਾਰ ਖੋਹਣ ਦਾ ਹੱਕ ਨਹੀਂ: ਪ੍ਰਧਾਨ ਹਰਜਿੰਦਰ ਸਿੰਘ
ਧਰਨਾਕਾਰੀਆਂ ਦੀ ਅਗਵਾਈ ਕਰ ਰਹੇ ਭਾਕਿਯੂ ਫਤਿਹ ਦੇ ਸੂਬਾਈ ਪ੍ਰਧਾਨ ਹਰਜਿੰਦਰ ਸਿੰਘ ਨੇ ਕਿਹਾ ਕਿ ਜਦੋਂ ਸਰਕਾਰ ਕਿਸੇ ਨੂੰ ਰੁਜ਼ਗਾਰ ਨਹੀਂ ਦੇ ਸਕਦੀ ਤਾਂ ਫਿਰ ਕਿਸੇ ਦਾ ਰੁਜ਼ਗਾਰ ਖੋਹਣ ਦਾ ਵੀ ਕੋਈ ਹੱਕ ਨਹੀਂ ਹੈ। ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਆਮ ਤੋਂ ਖਾਸ ਬਣਾਇਆ ਹੈ। ਜੇਕਰ ਉਹ ਲੋਕ ਵਿਰੋਧੀ ਫੈਸਲੇ ਲੈਣ ਤੋਂ ਨਾ ਹਟੀ ਤਾਂ ਲੋਕ ਇਸ ਪਾਰਟੀ ਨੂੰ ਆਮ ਬਣਾਉਣ ਵਿੱਚ ਦੇਰ ਨਹੀਂ ਲਗਾਉਣਗੇ।