ਰਾਜਿੰਦਰ ਸਿੰਘ ਮਰਾਹੜ
ਭਗਤਾ ਭਾਈ, 29 ਜੂਨ
ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਅਨਾਜ ਮੰਡੀਆਂ ਵਿੱਚ ਮੂੰਗੀ ਦੀ ਖਰੀਦ ਦੇ ਕੀਤੇ ਜਾ ਰਹੇ ਦਾਅਵੇ ਖੋਖਲੇ ਸਾਬਤ ਹੋ ਰਹੇ ਹਨ। ਬੀਤੇ ਕੁਝ ਦਿਨਾਂ ਤੋਂ ਸਥਾਨਕ ਅਨਾਜ ਮੰਡੀ ਵਿੱਚ ਮੂੰਗੀ ਦੀ ਬੋਲੀ ਨਾ ਲੱਗਣ ਕਾਰਨ ਇਲਾਕੇ ਦੇ ਮੂੰਗੀ ਉਤਪਾਦਨ ਕਿਸਾਨ ਖੱਜਲ ਖੁਆਰ ਹੋ ਰਹੇ ਹਨ। ਇਸੇ ਦੌਰਾਨ ਖ਼ਰੀਦ ਨਾ ਹੋਣ ਕਾਰਨ ਰੋਹ ਵਿੱਚ ਆਏ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਅਗਵਾਈ ਹੇਠ ਪੰਜਾਬ ਸਰਕਾਰ ਅਤੇ ਮਾਰਕਫੈੱਡ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਤਿੱਖੇ ਸੰਘਰਸ਼ ਦੀ ਚਿਤਾਵਨੀ ਦਿੱਤੀ। ਇਸ ਮੌਕੇ ਬੀਕੇਯੂ (ਉਗਰਾਹਾਂ) ਜ਼ਿਲ੍ਹਾ ਬਠਿੰਡਾ ਦੇ ਮੀਤ ਪ੍ਰਧਾਨ ਬਸੰਤ ਸਿੰਘ ਕੋਠਾ ਗੁਰੂ ਤੇ ਬਲਾਕ ਪ੍ਰਧਾਨ ਜਸਪਾਲ ਸਿੰਘ ਪਾਲਾ ਨੇ ਦੋਸ਼ ਲਗਾਇਆ ਕਿ ਸੂਬਾ ਸਰਕਾਰ ਮੂੰਗੀ ’ਤੇ ਐੱਮ.ਐੱਸ.ਪੀ. ਭਾਅ ਦੇਣ ਤੇ ਖ਼ਰੀਦ ਸਬੰਧੀ ਵੱਡੇ-ਵੱਡੇ ਦਾਅਵੇ ਕਰਦੇ ਹੋਏ ਕਰੋੜਾਂ ਰੁਪਏ ਦੇ ਇਸ਼ਤਿਹਾਰ ਲਗਾ ਕੇ ਝੂਠਾ ਪ੍ਰਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੂੰਗੀ ਨੂੰ ਐੱਮ.ਐੱਸ.ਪੀ. ਰੇਟ ਉੱਪਰ ਖ਼ਰੀਦਣ ਦੀ ਗੱਲ ਤਾਂ ਦੂਰ ਸਗੋਂ ਮੰਡੀਆਂ ਵਿੱਚ ਕਈ-ਕਈ ਦਿਨਾਂ ਤੋਂ ਬੈਠੇ ਕਿਸਾਨ ਬੋਲੀ ਦੀ ਉਡੀਕ ਕਰ ਰਹੇ ਹਨ। ਕਿਸਾਨ ਜਗਜੀਤ ਸਿੰਘ ਕੋਇਰ ਸਿੰਘ ਵਾਲਾ ਨੇ ਕਿਹਾ ਕਿ ਇਸ ਮੁਸ਼ਕਲ ਨੂੰ ਲੈ ਕੇ ਕੋਈ ਵੀ ਸਰਕਾਰੀ ਨੁਮਾਇੰਦਾ ਉਨ੍ਹਾਂ ਦੀ ਸਾਰ ਨਹੀਂ ਲੈ ਰਿਹਾ। ਕਿਸਾਨ ਆਗੂਆਂ ਨੇ ਸਰਕਾਰ ਅਤੇ ਮਾਰਕਫੈੱਡ ਅਧਿਕਾਰੀਆਂ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਭਗਤਾ ਭਾਈ ਦੀ ਅਨਾਜ ਮੰਡੀ ਵਿੱਚ ਜਲਦੀ ਮੂੰਗੀ ਦੀ ਬੋਲੀ ਨਾ ਹੋਈ ਤਾਂ ਉਹ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ।