ਧਰਮਪਾਲ ਸਿੰਘ ਤੂਰ
ਸੰਗਤ ਮੰਡੀ, 15 ਅਪਰੈਲ
ਥਾਣਾ ਨੰਦਗੜ੍ਹ ਅਧੀਨ ਆਉਂਦੇ ਪਿੰਡ ਘੁੱਦਾ ਵਿੱਚ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਨੇ ਇਕ ਵਿਅਕਤੀ ਦਾ ਕਤਲ ਕਰ ਦਿੱਤਾ। ਥਾਣਾ ਨੰਦਗੜ੍ਹ ਦੇ ਮੁਖੀ ਰਾਜਿੰਦਰ ਸਿੰਘ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ (30) ਪੁੱਤਰ ਭਰਪੂਰ ਸਿੰਘ ਵਾਸੀ ਪਿੰਡ ਘੁੱਦਾ ਲੰਘੀ ਸ਼ਾਮ ਕਰੀਬ 7.30 ਵਜੇ ਘਰੋਂ ਬਾਹਰ ਗਿਆ ਸੀ। ਜਦੋਂ ਰਾਤ ਨੂੰ ਕਾਫੀ ਦੇਰ ਤੱਕ ਗੁਰਪ੍ਰੀਤ ਸਿੰਘ ਘਰ ਨਾ ਪਰਤਿਆ ਤਾਂ ਪਰਿਵਾਰਕ ਮੈਂਬਰਾਂ ਵੱਲੋਂ ਉਸ ਦੀ ਭਾਲ ਸ਼ੁਰੂ ਕੀਤੀ ਗਈ। ਦੇਰ ਰਾਤ ਗੁਰਪ੍ਰੀਤ ਸਿੰਘ ਦੀ ਲਾਸ਼ ਘਰ ਦੇ ਨੇੜੇ ਸਥਿਤ ਪਿੰਡ ਦੇ ਸ਼ਮਸ਼ਾਨਘਾਟ ਦੀ ਕੰਧ ਕੋਲ ਪਈ ਮਿਲੀ। ਲਾਸ਼ ਖ਼ੂਨ ਨਾਲ ਲਿੱਬੜੀ ਹੋਈ ਸੀ। ਸੂਚਨਾ ਮਿਲਣ ’ਤੇ ਪੁਲੀਸ ਪਾਰਟੀ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲੀਸ ਨੇ ਮ੍ਰਿਤਕ ਦੇ ਪਿਤਾ ਭਰਪੂਰ ਸਿੰਘ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਧਾਰਾ 302 ਤਹਿਤ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੋਸਟਮਾਰਟਮ ਉਪਰੰਤ ਮ੍ਰਿਤਕ ਦੀ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ।