ਧਰਮਪਾਲ ਸਿੰਘ ਤੂਰ
ਸੰਗਤ ਮੰਡੀ, 16 ਅਪਰੈਲ
ਥਾਣਾ ਨੰਦਗੜ੍ਹ ਅਧੀਨ ਆਉਂਦੇ ਪਿੰਡ ਘੁੱਦਾ ਵਿੱਚ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ ਕਰ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਨੰਦਗੜ੍ਹ ਦੇ ਐੱਸਐੱਚਓ ਰਜਿੰਦਰ ਸਿੰਘ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ (30) ਪੁੱਤਰ ਭਰਪੂਰ ਸਿੰਘ ਵਾਸੀ ਪਿੰਡ ਘੁੱਦਾ ਲੰਘੀ ਸ਼ਾਮ ਨੂੰ ਤਕਰੀਬਨ ਸਾਢੇ ਸੱਤ ਵਜੇ ਘਰੋਂ ਬਾਹਰ ਗਿਆ ਸੀ। ਜਦੋਂ ਰਾਤ ਨੂੰ ਕਾਫੀ ਦੇਰ ਤੱਕ ਗੁਰਪ੍ਰੀਤ ਸਿੰਘ ਵਾਪਸ ਨਾ ਆਇਆ ਤਾਂ ਪਰਿਵਾਰਕ ਮੈਂਬਰਾਂ ਵੱਲੋਂ ਉਸ ਦੀ ਭਾਲ ਸ਼ੁਰੂ ਕੀਤੀ ਗਈ। ਦੇਰ ਰਾਤ ਨੂੰ ਗੁਰਪ੍ਰੀਤ ਸਿੰਘ ਦੀ ਲਾਸ਼ ਘਰ ਦੇ ਨਜ਼ਦੀਕ ਹੀ ਪਿੰਡ ਦੇ ਸ਼ਮਸ਼ਾਨਘਾਟ ਦੀ ਕੰਧ ਨਾਲ ਖ਼ੂਨ ਨਾਲ ਲੱਥਪਥ ਮਿਲੀ।
ਇਸ ਘਟਨਾ ਦੀ ਸੂਚਨਾ ਥਾਣਾ ਨੰਦਗੜ੍ਹ ਦੀ ਪੁਲੀਸ ਨੂੰ ਦਿੱਤੀ ਗਈ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਦੀ ਜਾਂਚ ਸ਼ੁਰੂ ਕੀਤੀ। ਪੁਲੀਸ ਨੇ ਮ੍ਰਿਤਕ ਦੇ ਪਿਤਾ ਭਰਪੂਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਧਾਰਾ 302 ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੋਸਟਮਾਰਟਮ ਉਪਰੰਤ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਹੈ। ਇਸ ਘਟਨਾ ਕਾਰਨ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਤੇ ਪੀੜਤ ਪਰਿਵਾਰ ਨਾਲ ਪਿੰਡ ਦੇ ਵਸਨੀਕਾਂ ਨੇ ਦੁੱਖ ਸਾਂਝਾ ਕੀਤਾ।