ਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦਾ ਫ਼ਿਰੋਜ਼ਪੁਰ ਪਹੁੰਚਣ ’ਤੇ ਵਿਧਾਇਕ ਰਜ਼ਨੀਸ ਕੁਮਾਰ ਦਹੀਆ ਸਮੇਤ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਉਪਰੰਤ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ 7 ਨੰਬਰ ਚੁੰਗੀ ਚੌਕ, ਸਾਰਾਗੜ੍ਹੀ ਗੁਰਦੁਆਰਾ ਸਾਹਿਬ ਵਿਖੇ ਡਿਪਟੀ ਕਮਿਸ਼ਨਰ ਦੀਪਸ਼ਿਖ਼ਾ ਸ਼ਰਮਾ ਅਤੇ ਐੱਸ.ਐੱਸ.ਪੀ. ਭੁਪਿੰਦਰ ਸਿੰਘ ਨੇ ਪੰਜ ਪਿਆਰਿਆਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ। ਇਸ ਅਲੌਕਿਕ ਨਗਰ ਕੀਰਤਨ ਦੇ ਸਾਰਾਗੜ੍ਹੀ ਗੁਰਦੁਆਰਾ ਸਾਹਿਬ ਪੁੱਜਣ ’ਤੇ ਪੰਜਾਬ ਪੁਲੀਸ ਦੇ ਜਵਾਨਾਂ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਫਿਰੋਜ਼ਸ਼ਾਹ ਅਤੇ ਗੁਰੂ ਰਾਮਦਾਸ ਪਬਲਿਕ ਸਕੂਲ ਅਰਮਾਨਪੁਰਾ ਦੇ ਬੱਚਿਆਂ ਵੱਲੋਂ ਗੁਰੂ ਸਾਹਿਬ ਨੂੰ ਬੈਂਡ ਦੀਆਂ ਧੁਨਾਂ ਨਾਲ ਆਦਰ ਸਹਿਤ ਸਲਾਮੀ ਦਿੱਤੀ ਗਈ।
ਇਹ ਨਗਰ ਕੀਰਤਨ ਗੁਰਦੁਆਰਾ ਸਾਰਾਗੜ੍ਹੀ ਸਾਹਿਬ, ਸ਼ਹੀਦ ਊਧਮ ਸਿੰਘ ਚੌਕ, ਮੱਲਵਾਲ ਰੋਡ ਰਾਹੀਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਜਾਮਨੀ ਸਾਹਿਬ ਬਾਜ਼ੀਦਪੁਰ ਲਈ ਰਵਾਨਾ ਹੋਇਆ। ਵਿਧਾਇਕ ਰਣਬੀਰ ਭੁੱਲਰ, ਵਿਧਾਇਕ ਰਜਨੀਸ਼ ਦਹੀਆ ਨੇ ਦੱਸਿਆ ਕਿ ਇਹ ਵਿਸ਼ਾਲ ਨਗਰ ਕੀਰਤਨ ਬਾਬਾ ਫ਼ਰੀਦ ਦੇ ਤਪ ਅਸਥਾਨ ਰਿਆਸਤੀ ਕਿਲ੍ਹਾ ਮੁਬਾਰਕ ਫ਼ਰੀਦਕੋਟ ਤੋਂ ਅੱਜ ਸਵੇਰੇ ਰਵਾਨਾ ਹੋਇਆ ਜੋ ਫਿਰੋਜ਼ਪੁਰ, ਮੋਗਾ, ਜਗਰਾਉਂ, ਲੁਧਿਆਣਾ, ਸ੍ਰੀ ਫ਼ਤਹਿਗੜ੍ਹ ਸਾਹਿਬ ਤੇ ਸ੍ਰੀ ਚਮਕੌਰ ਸਾਹਿਬ ਹੁੰਦੇ ਹੋਏ 22 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚੇਗਾ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਇਹ ਪਵਿੱਤਰ ਸਮਾਗਮ ਆਉਣ ਵਾਲੀਆਂ ਪੀੜ੍ਹੀਆਂ ਨੂੰ ਗੁਰੂ ਜੀ ਦੇ ਸ਼ਾਂਤੀ, ਦਇਆ ਅਤੇ ਧਾਰਮਿਕ ਆਜ਼ਾਦੀ ਦੇ ਸਦੀਵੀ ਸੰਦੇਸ਼ ਦੀ ਪ੍ਰੇਰਣਾ ਦੇਣਗੇ। ਇਸ ਮੌਕੇ ਗੁਰੂ ਦੀਆਂ ਲਾਡਲੀਆਂ ਫ਼ੌਜਾਂ ਵੱਲੋਂ ਗਤਕੇ ਦੇ ਜੌਹਰ ਦਿਖਾਏ ਗਏ।

