ਨਸ਼ਾ ਮੁਕਤ ਸਮਾਜ ਲਈ ਇਕਜੁੱਟ ਹੋ ਕੇ ਹੰਭਲੇ ਦੀ ਲੋੜ: ਸਿੱਧੂ
ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਾਨੂੰ ਸਾਰਿਆਂ ਨੂੰ ਇੱਕਜੁੱਟ ਹੋ ਕੇ ਵੱਡਾ ਹੰਭਲਾ ਮਾਰਨ ਦੀ ਲੋੜ ਹੈ। ਵਿਧਾਇਕ ਸਿੱਧੂ ਨੇ ਭਗਤਾ ਭਾਈ, ਮਲੂਕਾ ਖੁਰਦ ਤੇ ਨਵਾਂ ਕੇਸਰ ਸਿੰਘ ਵਾਲਾ ਵਿੱਚ ਨਸ਼ਾ ਮੁਕਤੀ ਯਾਤਰਾ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ ਨੂੰ ਆਮ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨੂੰ ਨਸ਼ੇ ਦਾ ਸੇਵਨ ਨਾ ਕਰਨ ਤੇ ਨਸ਼ੇ ਵੇਚਣ ਵਾਲਿਆਂ ਦਾ ਸਾਥ ਨਾ ਦੇਣ ਦੀ ਸਹੁੰ ਚੁਕਾਈ। ਵਿਧਾਇਕ ਸਿੱਧੂ ਨੇ ਕਿਹਾ ਕਿ ਜੋ ਲੋਕ ਨਸ਼ਿਆਂ ਦੇ ਚੁੰਗਲ ਵਿੱਚ ਫਸ ਚੁੱਕੇ ਹਨ, ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦਾ ਮੁਫਤ ਇਲਾਜ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰਾਂ ਖਿਲਾਫ ਜਾਣਕਾਰੀ ਸਿਵਲ ਤੇ ਪੁਲੀਸ ਪ੍ਰਸ਼ਾਸਨ ਨਾਲ ਸਾਂਝੀ ਕੀਤੀ ਜਾਵੇ।
ਇਸ ਮੌਕੇ ਨਗਰ ਸੁਧਾਰ ਟਰੱਸਟ ਬਠਿੰਡਾ ਦੇ ਚੇਅਰਮੈਨ ਜਤਿੰਦਰ ਸਿੰਘ ਭੱਲਾ, ਮੁਹਿੰਮ ਦੇ ਹਲਕਾ ਕੋਆਰਡੀਨੇਟਰ ਰਾਜਵਿੰਦਰ ਗਿੱਲ, ਮਾਰਕੀਟ ਕਮੇਟੀ ਦੇ ਚੇਅਰਮੈਨ ਬੇਅੰਤ ਸਿੰਘ ਸਲਾਬਤਪੁਰਾ, ਬਲਾਕ ਸੰਮਤੀ ਦੇ ਚੇਅਰਮੈਨ ਗੁਰਪ੍ਰੀਤ ਧਾਲੀਵਾਲ, ਪ੍ਰਕਾਸ਼ ਸਿੰਘ ਗੌਂਸਪੁਰਾ, ਪਰਮਜੀਤ ਕਾਂਗੜ, ਸੰਜੀਵ ਬੰਟੀ, ਗੁਰਮੁੱਖ ਬਰਾੜ, ਸਹਿਕਾਰੀ ਸਭਾ ਦੇ ਪ੍ਰਧਾਨ ਜਗਸੀਰ ਪੰਨੂੰ, ਰਾਕੇਸ਼ ਅਰੋੜਾ ਤੇ ਪੰਚ-ਸਰਪੰਚ ਹਾਜ਼ਰ ਸਨ।