ਗੁਰੂ ਤੇਗ ਬਹਾਦਰ ਦੀ ਸ਼ਹਾਦਤ ਤੋਂ ਸੇਧ ਲੈਣ ਦੀ ਲੋੜ: ਬਲਜੀਤ ਕੌਰ
ਗੁਰੂ ਤੇਗ ਬਹਾਦਰ ਦੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ ਫਿਰੋਜ਼ਪੁਰ ਛਾਉਣੀ ਵਿੱਚ ਕਰਵਾਇਆ ਗਿਆ, ਜਿਸ ਨੂੰ ਦੇਖ ਕੇ ਸੰਗਤ ਭਾਵੁਕ ਹੋ ਗਈ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਵਿਧਾਇਕ ਰਣ ਬੀਰ ਸਿੰਘ ਭੁੱਲਰ, ਵਿਧਾਇਕ ਰਜਨੀਸ਼ ਕੁਮਾਰ ਦਹੀਆ, ਵਿਧਾਇਕ ਫੌਜਾ ਸਿੰਘ ਸਰਾਰੀ, ਡਿਪਟੀ ਕਮਿਸ਼ਨਰ ਦੀਪ ਸਿਖ਼ਾ ਸ਼ਰਮਾ ਅਤੇ ਐੱਸ ਐੱਸ ਪੀ ਭੁਪਿੰਦਰ ਸਿੰਘ ਸਿੱਧੂ ਵੀ ਹਾਜ਼ਰ ਸਨ। ਇਸ ਲਾਈਟ ਅਤੇ ਸਾਊਂਡ ਸ਼ੋਅ ਵਿੱਚ ਗੁਰੂ ਸਾਹਿਬ ਦੇ ਜੀਵਨ, ਉਪਦੇਸ਼ਾਂ ਅਤੇ ਸ਼ਹਾਦਤ ਨੂੰ ਪੇਸ਼ ਕੀਤਾ ਗਿਆ। ਇਸ ਮੌਕੇ ਦੀਦਾਰ ਸਿੰਘ ਸੰਗਤਪੁਰਾ ਫਗਵਾੜਾ ਢਾਡੀ ਜਥੇ ਨੇ ਵਾਰਾਂ ਰਾਹੀਂ ਗੁਰੂ ਤੇਗ ਬਹਾਦਰ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਦੀ ਸ਼ਹਾਦਤ ਬਾਰੇ ਚਾਨਣਾ ਪਾਇਆ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਬੱਚਿਆਂ ਅਤੇ ਨੌਜਵਾਨ ਪੀੜ੍ਹੀ ਨੂੰ ਆਪਣੇ ਅਮੀਰ ਵਿਰਸੇ ਅਤੇ ਇਤਿਹਾਸ ਨਾਲ ਵੀ ਜੋੜਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਵੱਲੋਂ ਮਨੁੱਖਤਾ ਦੀ ਭਲਾਈ ਲਈ ਦਿੱਤੀ ਲਾਸਾਨੀ ਕੁਰਬਾਨੀ ਦੀ ਮਿਸਾਲ ਪੂਰੀ ਦੁਨੀਆ ਵਿੱਚ ਨਹੀਂ ਮਿਲਦੀ ਅਤੇ ਸਾਨੂੰ ਆਪਣੇ ਰਹਿਬਰਾਂ ਦੀਆਂ ਸਿੱਖਿਆਵਾਂ ਤੋਂ ਸੇਧ ਲੈਂਦਿਆਂ ਆਪਣੇ ਦੇਸ਼ ਦੀ ਬਿਹਤਰੀ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ।
