ਨੀਟ ਪੇਪਰ ਲੀਕ ਮਾਮਲਾ: ਕਾਂਗਰਸੀਆਂ ਵੱਲੋਂ ਵਿਦਿਆਰਥੀਆਂ ਦੇ ਪੱਖ ’ਚ ਮੁਜ਼ਾਹਰਾ
ਸਿੱਖਿਆ ਮੰਤਰੀ ਦਾ ਪੁਤਲਾ ਸਾਡ਼ਿਆ; ਕੇਂਦਰ ਸਰਕਾਰ ’ਤੇ ਹਰ ਮੁਕਾਮ ’ਤੇ ਨਾਕਾਮ ਰਹਿਣ ਦੇ ਦੋਸ਼ ਲਾਏ
‘ਨੀਟ’ ਦਾ ਪੇਪਰ ਲੀਕ ਹੋਣ ਦੇ ਮਾਮਲੇ ’ਚ ਅੱਜ ਕਾਂਗਰਸ ਸੜਕਾਂ ’ਤੇ ਉਤਰੀ। ਕਾਂਗਰਸ ਦੀ ਮੁਕਾਮੀ ਲੀਡਰਸ਼ਿਪ ਅਤੇ ਵਰਕਰਾਂ ਨੇ ਰੋਸ ਮਾਰਚ ਕਰ ਕੇ ਨਾਅਰੇਬਾਜ਼ੀ ਕੀਤੀ। ਮੁਜ਼ਾਹਰਾਕਾਰੀਆਂ ਨੇ ਪੇਪਰ ਲੀਕ ਹੋਣ ਲਈ ਮੋਦੀ ਸਰਕਾਰ ਨੂੰ ਨਿਕੰਮੀ ਗਰਦਾਨਦਿਆਂ ਪੀੜਤ ਵਿਦਿਆਰਥੀਆਂ ਲਈ ਇਨਸਾਫ਼ ਮੰਗਿਆ। ਧਰਨਾਕਾਰੀਆਂ ਨੇ ਹਨੂੰਮਾਨ ਚੌਕ ’ਚ ਪੁੱਜ ਕੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦਾ ਪੁਤਲਾ ਫੂਕਿਆ ਅਤੇ ਅਸਤੀਫ਼ੇ ਦੀ ਮੰਗ ਕੀਤੀ।
ਜ਼ਿਲ੍ਹਾ ਕਾਂਗਰਸ ਬਠਿੰਡਾ (ਸ਼ਹਿਰੀ) ਦੇ ਪ੍ਰਧਾਨ ਐਡਵੋਕੇਟ ਰਾਜਨ ਗਰਗ ਨੇ ਕਿਹਾ ਕਿ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਜੁੜੀ ਇਸ ਪ੍ਰੀਖਿਆ ਨੂੰ ਲੈ ਕੇ ਪੇਪਰ ਲੀਕ, ਗੜਬੜੀਆਂ ਅਤੇ ਪ੍ਰੀਖਿਆ ਪ੍ਰਬੰਧਨ ਵਿੱਚ ਖਾਮੀਆਂ ਦੇ ਦੋਸ਼ਾਂ ਨੇ ਸਿੱਖਿਆ ਪ੍ਰਣਾਲੀ ਦੀ ਭਰੋਸੇਯੋਗਤਾ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਪ੍ਰੀਖਿਆ ਪ੍ਰਕਿਰਿਆ ਦੀ ਨਿਰਪੱਖਤਾ ’ਤੇ ਸਵਾਲ ਚੁੱਕਦਿਆਂ ਸੁਤੰਤਰ ਜਾਂਚ ਦੀ ਮੰਗ ਕਰਦਿਆਂ ਪ੍ਰੀਖਿਆ ਪ੍ਰਣਾਲੀ ਵਿੱਚ ਸੁਧਾਰਾਂ ਦੀ ਮੰਗ ਕੀਤੀ। ਅੰਮ੍ਰਿਤਾ ਗਿੱਲ ਨੇ ਮੋਦੀ ਹਕੂਮਤ ਨੂੰ ਨੀਟ ਵਿਦਿਆਰਥੀਆਂ ਦੀ ਦੋਸ਼ੀ ਕਰਾਰ ਦਿੰਦਿਆਂ ਕਿਹਾ ਕਿ ਵਾਰ-ਵਾਰ ਅਜਿਹੇ ਮਾਮਲੇ ਸਾਹਮਣੇ ਆਉਣ ਕਾਰਨ ਸਰਕਾਰ ਦੀ ਪਾਰਦਰਸ਼ਤਾ ਅਤੇ ਭਰੋਸੇਯੋਗਤਾ ਉੱਪਰ ਉਂਗਲ ਉੱਠਣੀ ਸੁਭਾਵਿਕ ਹੈ। ਇਸ ਮੌਕੇ ਸਾਬਕਾ ਵਿਧਾਇਕ ਜਗਦੇਵ ਸਿੰਘ ਕਮਾਲੂ, ਸੀਨੀਅਰ ਮੀਤ ਪ੍ਰਧਾਨ ਲਖਵਿੰਦਰ ਸਿੰਘ ਲੱਖਾ, ਮੀਤ ਪ੍ਰਧਾਨ ਤੇ ਮੀਡੀਆ ਇੰਚਾਰਜ ਰੁਪਿੰਦਰ ਬਿੰਦਰਾ, ਪੀ ਪੀ ਸੀ ਸੀ ਦੇ ਡੈਲੀਗੇਟ ਤੇ ਇੰਪਰੂਵਮੈਂਟ ਟਰੱਸਟ ਬਠਿੰਡਾ ਦੇ ਸਾਬਕਾ ਚੇਅਰਮੈਨ ਕੇ ਕੇ ਅਗਰਵਾਲ, ਮਾਧਵ ਸ਼ਰਮਾ ਤੇ ਸੁਨੀਲ ਕੁਮਾਰ, ਦਰਸ਼ਨ ਸਿੰਘ ਰਾਮਾ, ਕ੍ਰਿਸ਼ਨ ਸਿੰਘ ਭਾਗੀਵਾਂਦਰ, ਅੰਗਰੇਜ਼ ਸਿੰਘ ਭਗਤਾ ਭਾਈਕਾ, ਗੁਰਚਰਨ ਸਿੰਘ ਫੂਲ, ਸੁਰਜੀਤ ਸਿੰਘ ਰਾਮਪੁਰਾ, ਸੁਖਦੀਪ ਸਿੰਘ ਮੌੜ (ਸਾਰੇ ਬਲਾਕ ਪ੍ਰਧਾਨ), ਯੂਥ ਆਗੂ ਸੁਖਵੰਤ ਸਿੰਘ, ਅਰੁਣ ਵਧਾਵਨ, ਕਿਰਨਜੀਤ ਗਹਿਰੀ, ਬਲਜਿੰਦਰ ਠੇਕੇਦਾਰ, ਹਰੀ ਓਮ ਕਪੂਰ ਤੋਂ ਇਲਾਵਾ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਮੌਜੂਦ ਸਨ।
ਕੇਂਦਰ ਵਿਰੁੱਧ ਰੋਸ ਮਾਰਚ ਕੀਤਾ
ਭੀਖੀ (ਮਾਨਸਾ) (ਪੱਤਰ ਪ੍ਰੇਰਕ): ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਵੱਲੋਂ ਨੀਟ ਪ੍ਰੀਖਿਆ ਪੇਪਰ ਲੀਕ ਮਾਮਲੇ ਅਤੇ ਸੀ ਬੀ ਐੱਸ ਈ ਵਿੱਚ ਸਾਹਮਣੇ ਆ ਰਹੀਆਂ ਕਥਿਤ ਬੇਨਿਯਮੀਆਂ ਖ਼ਿਲਾਫ਼ ਜ਼ਿਲ੍ਹਾ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਿਰੁੱਧ ਰੋਸ ਮਾਰਚ ਕੀਤਾ ਗਿਆ। ਧਰਨਾਕਾਰੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਪੁਤਲੇ ਫੂਕੇ ਅਤੇ ਅਸਤੀਫ਼ਿਆਂ ਦੀ ਮੰਗ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਨੇ ਮੰਗ ਕੀਤੀ ਕਿ ਨੈਸ਼ਨਲ ਟੈਸਟਿੰਗ ਏਜੰਸੀ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਜਾਵੇ ਅਤੇ ਲੋੜ ਪੈਣ ’ਤੇ ਇਸ ਨੂੰ ਭੰਗ ਕਰ ਕੇ ਨਵੀਂ, ਪਾਰਦਰਸ਼ੀ ਅਤੇ ਜਵਾਬਦੇਹ ਪ੍ਰਣਾਲੀ ਸਥਾਪਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇ ਕਿਸੇ ਵੀ ਅਧਿਕਾਰੀ, ਸੰਸਥਾ ਜਾਂ ਏਜੰਸੀ ਦੀ ਲਾਪਰਵਾਹੀ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਸ ਮੌਕੇ ਗੁਰਪ੍ਰੀਤ ਸਿੰਘ ਵਿੱਕੀ, ਚਮਕੌਰ ਸਿੰਘ ਮੂਸਾ, ਅਰਸ਼ਦੀਪ ਸਿੰਘ ਮਾਈਕਲ ਗਾਗੋਵਾਲ, ਸਿਮਰਜੀਤ ਸਿੰਘ ਮਾਨਸ਼ਾਹੀਆ, ਬਿਕਰਮ ਸਿੰਘ ਮੋਫਰ, ਵਿਨੌਦ ਸਿੰਗਲਾ, ਧਨਜੀਤ ਸਿੰਘ ਤੇ ਸੁਖਦਰਸ਼ਨ ਸਿੰਘ ਖਾਰਾ ਨੇ ਵੀ ਸੰਬੋਧਨ ਕੀਤਾ।

