N H M ਮੁਲਾਜ਼ਮਾਂ ਵੱਲੋਂ ਸੰਘਰਸ਼ ਮਘਾਉਣ ਦਾ ਐਲਾਨ
ਐੱਨ ਐੱਚ ਐੱਮ ਐਂਪਲਾਈਜ਼ ਯੂਨੀਅਨ ਪੰਜਾਬ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਲ ਲਈ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਵੱਲੋਂ ਜਾਰੀ ਕੀਤੇ ਗਏ ਸੰਘਰਸ਼ ਪ੍ਰੋਗਰਾਮ ਤਹਿਤ ਪੰਜਾਬ ਭਰ ਵਿੱਚ ਪੜਾਅ ਵਾਰ ਰੋਸ ਪ੍ਰਦਰਸ਼ਨਾਂ ਮਗਰੋਂ 9...
ਐੱਨ ਐੱਚ ਐੱਮ ਐਂਪਲਾਈਜ਼ ਯੂਨੀਅਨ ਪੰਜਾਬ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਲ ਲਈ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਵੱਲੋਂ ਜਾਰੀ ਕੀਤੇ ਗਏ ਸੰਘਰਸ਼ ਪ੍ਰੋਗਰਾਮ ਤਹਿਤ ਪੰਜਾਬ ਭਰ ਵਿੱਚ ਪੜਾਅ ਵਾਰ ਰੋਸ ਪ੍ਰਦਰਸ਼ਨਾਂ ਮਗਰੋਂ 9 ਅਕਤੂਬਰ ਨੂੰ ਸੂਬਾ ਪੱਧਰੀ ਮਹਾਂਰੈਲੀ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਯੂਨੀਅਨ ਆਗੂ ਨਰਿੰਦਰ ਸਿੰਘ ਅਨੁਸਾਰ 28 ਸਤੰਬਰ ਨੂੰ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਵਿੱਚ ਸਿਵਲ ਸਰਜਨ ਦਫ਼ਤਰਾਂ ਦੇ ਬਾਹਰ ਜ਼ਿਲ੍ਹਾ ਪੱਧਰੀ ਧਰਨੇ ਦਿੱਤੇ ਜਾਣਗੇ। ਇਸ ਮੌਕੇ ਸਿਵਲ ਸਰਜਨਾਂ ਰਾਹੀਂ ਸਿਹਤ ਵਿਭਾਗ ਅਤੇ ਸਰਕਾਰ ਨੂੰ ਐੱਨ ਐੱਚ ਐੱਮ ਮੁਲਾਜ਼ਮਾਂ ਦੀਆਂ ਲੰਬਿਤ ਮੰਗਾਂ ਸਬੰਧੀ ਜਾਣੂ ਕਰਵਾਇਆ ਜਾਵੇਗਾ। ਯੂਨੀਅਨ ਆਗੂ ਬਗੀਚਾ ਸਿੰਘ ਨੇ ਦੱਸਿਆ ਕੇ 1 ਅਕਤੂਬਰ ਨੂੰ ਪੰਜਾਬ ਭਰ ਵਿੱਚ ਵਿਧਾਇਕਾਂ ਦੇ ਦਫ਼ਤਰਾਂ ਅੱਗੇ ਪ੍ਰਦਰਸ਼ਨ ਕਰ ਕੇ ਉਨ੍ਹਾਂ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਪੱਤਰ ਸੌਂਪੇ ਜਾਣਗੇ।
ਯੂਨੀਅਨ ਵੱਲੋਂ ਸਰਕਾਰ ਨੂੰ ਪਿਛਲੀਆਂ ਮੀਟਿੰਗਾਂ ਵਿੱਚ ਕੀਤੇ ਗਏ ਫ਼ੈਸਲਿਆਂ ਅਤੇ ਭਰੋਸਿਆਂ ਨੂੰ ਅਮਲੀ ਰੂਪ ਦੇਣ ਦੀ ਮੰਗ ਕੀਤੀ ਜਾਵੇਗੀ। ਇਸੇ ਲੜੀ ਤਹਿਤ 9 ਅਕਤੂਬਰ ਨੂੰ ਸੂਬਾ ਪੱਧਰੀ ਮਹਾ ਰੈਲੀ ਕੀਤੀ ਜਾਵੇਗੀ, ਜਿਸ ਵਿੱਚ ਪੰਜਾਬ ਭਰ ਤੋਂ ਲਗਪਗ 6,000 ਤੋਂ 6,500 ਐੱਨ ਐੱਚ ਐੱਮ ਮੁਲਾਜ਼ਮਾਂ ਤੋਂ ਇਲਾਵਾ ਹੋਰ ਭਰਾਤਰੀ ਸਿਹਤ ਜਥੇਬੰਦੀਆਂ ਦੇ ਮੈਂਬਰਾਂ ਵੱਲੋਂ ਸ਼ਮੂਲੀਅਤ ਕੀਤੀ ਜਾਵੇਗੀ। ਯੂਨੀਅਨ ਆਗੂਆਂ ਵੱਲੋਂ ਸਰਕਾਰ ਅੱਗੇ ਮੁੱਖ ਤੌਰ ’ਤੇ ਐੱਨ ਐੱਚ ਐੱਮ. ਮੁਲਾਜ਼ਮਾਂ ਦੀਆਂ ਸਾਲਾਂ ਤੋਂ ਲਟਕਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਵਿਭਾਗੀ ਕਮੇਟੀ ਰਾਹੀਂ ਹੱਲ ਕਰਨ, ਪਿਛਲੀ ਮੀਟਿੰਗ ਵਿੱਚ ਕੀਤੇ ਫ਼ੈਸਲੇ ਲਾਗੂ ਕਰਨ ਦੀ ਮੰਗ ਕੀਤੀ ਹੈ। ਯੂਨੀਅਨ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਜੇਕਰ ਸਰਕਾਰ ਵੱਲੋਂ ਮੰਗਾਂ ਦੇ ਹੱਲ ਲਈ ਠੋਸ ਕਾਰਵਾਈ ਨਾ ਕੀਤੀ ਗਈ ਤਾਂ 9 ਅਕਤੂਬਰ ਦੀ ਮਹਾਂਰੈਲੀ ਮਗਰੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

