ਜੋਗਿੰਦਰ ਸਿੰਘ ਮਾਨ
ਮਾਨਸਾ, 3 ਦਸੰਬਰ
ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ 18 ਦਿਨਾਂ ਤੋਂ ਲਗਾਤਾਰ ਸੰਘਰਸ਼ ਕਰ ਰਹੇ ਸਿਹਤ ਵਿਭਾਗ ਦੇ ਅਧੀਨ ਐਨਐਚਐਮ ਕਰਮਚਾਰੀਆਂ ਵੱਲੋਂ ਐਨਐਚਐਮ ਐਪਲਾਈਜ਼ ਯੂਨੀਅਨ ਦੇ ਸੱਦੇ ’ਤੇ ਜ਼ਿਲ੍ਹਾ ਪੱਧਰੀ ਰੋਸ ਧਰਨਾ ਕਮਿਊਨਿਟੀ ਹੈਲਥ ਸੈਂਟਰ ਖਿਆਲਾ ਕਲਾਂ ਵਿਖੇ ਬਠਿੰਡਾ-ਚੰਡੀਗੜ੍ਹ ਮੁੱਖ ਮਾਰਗ ’ਤੇ ਲਗਾਇਆ ਗਿਆ। ਇਸ ਧਰਨੇ ਕਾਰਨ ਰਾਹਗੀਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਕੁਮਾਰ ਨੇ ਕਿਹਾ ਕਿ ਬੀਤੇ ਇੱਕ ਦਹਾਕੇ ਤੋਂ ਵੱਧ ਸਮੇਂ ਦੌਰਾਨ ਸਿਹਤ ਵਿਭਾਗ ਦੇ ਐਨਐਚਐਮ ਮੁਲਾਜ਼ਮ ਬਰਾਬਰ ਕੰਮ ਬਰਾਬਰ ਤਨਖਾਹ ਲਈ ਸੰਘਰਸ਼ ਕਰਦੇ ਆ ਰਹੇ ਹਨ, ਪਰ ਹੁਣ ਤੱਕ ਦੀਆਂ ਸਾਰੀਆਂ ਸਰਕਾਰਾਂ ਤੋਂ ਉਨ੍ਹਾਂ ਪੱਲੇ ਸਿਰਫ ਨਿਰਾਸ਼ਾ ਹੀ ਪਈ ਹੈ। ਆਗੂ ਨੇ ਕਿਹਾ ਕਿ ਬੇਹੱਦ ਨਿਗੂਣੀਆਂ ਤਨਖਾਹਾਂ ’ਤੇ ਕੰਮ ਕਰਵਾ ਕੇ ਸਰਕਾਰਾਂ ਵੱਲੋਂ ਉਨ੍ਹਾਂ ਦਾ ਆਰਥਿਕ ਤੇ ਮਾਨਸਿਕ ਸ਼ੋਸਣ ਕੀਤਾ ਜਾ ਰਿਹਾ ਹੈ। ਜਥੇਬੰਦੀ ਦੇ ਸੂਬਾ ਆਗੂ ਜਗਦੇਵ ਸਿੰਘ ਮਾਨ ਨੇ ਕਿਹਾ ਕਿ ਐਨਐਚਐਮ ਮੁਲਾਜ਼ਮਾਂ ਕਾਰਨ ਹੀ ਸਿਹਤ ਵਿਭਾਗ ਪੰਜਾਬ ਕਰੋਨਾ ਵਰਗੀ ਭਿਆਨਿਕ ਮਹਾਂਮਾਰੀ ਤੋਂ ਨਿਜਾਤ ਪਾਉਣ ’ਚ ਕਾਮਯਾਬ ਹੋ ਸਕਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 36 ਹਜ਼ਾਰ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੇ ਦਮਗਜ਼ੇ ਮਾਰਨਾ ਨਿਰਾ ਝੂਠ ਦਾ ਪੁਲੰਦਾ ਹੈ, ਜਦੋਂ ਕਿ ਅਸਲੀਅਤ ਇਹ ਹੈ ਕਿ ਸਿਹਤ ਵਿਭਾਗ ਅਧੀਨ ਇੱਕ ਦਹਾਕੇ ਤੋਂ ਕੰਮ ਕਰਦੇ ਆ ਰਹੇ 13 ਹਜ਼ਾਰ ਦੇ ਕਰੀਬ ਐਨਐਚਐਮ ਮੁਲਾਜ਼ਮਾਂ ਵਿੱਚੋਂ ਇੱਕ ਵੀ ਮੁਲਾਜ਼ਮ ਰੈਗੂਲਰ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਰੋਨਾ ਸਮੇਂ ਦੌਰਾਨ ਵਧੀਆ ਸੇਵਾਵਾਂ ਦੌਰਾਨ ਦਿੱਤੇ ਗਏ ਸਨਮਾਨ ਰੋਸ ਵਜੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ 6 ਦਸੰਬਰ ਨੂੰ ਵਾਪਸ ਕਰਨਗੇ।