ਮਹਿੰਦਰ ਸਿੰਘ ਰੱਤੀਆਂ
ਮੋਗਾ, 7 ਦਸੰਬਰ
ਸੇਵਾਵਾਂ ਰੈਗੂਲਰ ਕਰਨ ਦੀ ਮੰਗ ਲਈ ਹੜਤਾਲ ’ਤੇ ਚੱਲ ਰਹੇ ਕੌਮੀ ਸਿਹਤ ਮਿਸ਼ਨ (ਐੱਨਐੱਚਐੱਮ) ਕਾਮਿਆਂ ਵੱਲੋਂ ਇਥੇ ਜਿਲ੍ਹਾ ਸਕੱਤਰੇਤ ਅੱਗੇ ਰਾਜ ਸਰਕਾਰ ਦਾ ਪਿੱਟ ਸਿਆਪਾ ਕਰਨ ਮਗਰੋਂ ਮੋਗਾ-ਫ਼ਿਰੋਜ਼ਪੁਰ ਕੌਮੀ ਸ਼ਾਹ ਮਾਰਗ ਉੱਤੇ ਚੱਕਾ ਜਾਮ ਕਰਕੇ ਮੁੱਖ ਮੰਤਰੀ, ਵਿੱਤ ਮੰਤਰੀ ਤੇ ਸਿਹਤ ਮੰਤਰੀ ਖਿਲਾਫ ਨਾਅਰੇਬਾਜ਼ੀ ਕੀਤੀ। ਇਸ ਮੌਕੇ ਐੱਨਐੱਚਐੱਮ ਕਾਮਿਆਂ ਨੇ ਕਿਹਾ ਕਿ ਉਨ੍ਹਾਂ ਬੀਤੇ ਕੱਲ੍ਹ ਹਾਕਮ ਧਿਰ ਦੇ ਵਿਧਾਇਕ ਦੇ ਘਰ ਅੱਗੇ ਵੀ ਧਰਨਾ ਦਿੱਤਾ ਪਰ ਮਸਲੇ ਦਾ ਹੱਲ ਨਹੀਂ ਨਿਕਲਿਆ। ਉਨ੍ਹਾਂ ਕੌਮੀ ਮਾਰਗ ਉੱਤੇ ਦੋ ਘੰਟੇ ਚੱਕਾ ਜਾਮ ਕਰਨ ਮਗਰੋਂ ਮੁੜ ਜ਼ਿਲ੍ਹਾ ਸਕੱਤਰੇਤ ਅੱਗੇ ਰੋਸ ਧਰਨਾ ਸ਼ੁਰੂ ਕਰ ਦਿੱਤਾ। ਐੱਨਐੱਚਐੱਮ ਕਾਮਿਆਂ ਨੇੇ ਕਿਹਾ ਕਿ ਬੀਤੇ ਇੱਕ ਦਹਾਕੇ ਤੋਂ ਵੱਧ ਸਮੇਂ ਦੌਰਾਨ ਸਿਹਤ ਵਿਭਾਗ ਦੇ ਐਨਐਚਐਮ ਮੁਲਾਜ਼ਮ ਬਰਾਬਰ ਕੰਮ ਬਰਾਬਰ ਤਨਖਾਹ ਲਈ ਸੰਘਰਸ਼ ਕਰਦੇ ਆ ਰਹੇ ਹਨ, ਪਰ ਹੁਣ ਤੱਕ ਦੀਆਂ ਸਾਰੀਆਂ ਸਰਕਾਰਾਂ ਤੋਂ ਉਨ੍ਹਾਂ ਪੱਲੇ ਸਿਰਫ ਨਿਰਾਸ਼ਾ ਹੀ ਪਾਈ ਹੈ। ਉਨ੍ਹਾਂ ਕੋਲੋਂ ਬੇਹੱਦ ਨਿਗੂਣੀਆਂ ਤਨਖਾਹਾਂ ’ਤੇ ਕੰਮ ਕਰਵਾ ਕੇ ਸਰਕਾਰਾਂ ਵੱਲੋਂ ਉਨ੍ਹਾਂ ਦਾ ਆਰਥਿਕ ਤੇ ਮਾਨਸਿਕ ਸ਼ੋਸ਼ਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਐਨਐਚਐਮ ਮੁਲਾਜ਼ਮਾਂ ਕਾਰਨ ਹੀ ਸਿਹਤ ਵਿਭਾਗ ਪੰਜਾਬ ਕਰੋਨਾ ਵਰਗੀ ਭਿਆਨਿਕ ਮਹਾਂਮਾਰੀ ਤੋਂ ਨਿਜਾਤ ਪਾਉਣ ’ਚ ਕਾਮਯਾਬ ਹੋ ਸਕਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 36 ਹਜ਼ਾਰ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੇ ਦਮਗਜ਼ੇ ਮਾਰਨਾ ਨਿਰਾ ਝੂਠ ਦਾ ਪੁਲੰਦਾ ਹੈ, ਜਦੋਂ ਕਿ ਅਸਲੀਅਤ ਇਹ ਹੈ ਕਿ ਸਿਹਤ ਵਿਭਾਗ ਅਧੀਨ ਇੱਕ ਦਹਾਕੇ ਤੋਂ ਕੰਮ ਕਰਦੇ ਆ ਰਹੇ 13 ਹਜ਼ਾਰ ਦੇ ਕਰੀਬ ਐੱਨਐੱਚਐੱਮ ਮੁਲਾਜ਼ਮਾਂ ਵਿੱਚੋਂ ਇੱਕ ਵੀ ਮੁਲਾਜ਼ਮ ਰੈਗੂਲਰ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਰੋਨਾ ਸਮੇਂ ਦੌਰਾਨ ਵਧੀਆ ਸੇਵਾਵਾਂ ਦੇਣ ਉੱਤੇ ਉਨ੍ਹਾਂ ਨੂੰ ਕਰੋਨਾ ਯੋਧੇ ਕਰਾਰ ਦਿੰਦੇ ਸਨਮਾਨ ਦਿੱਤੇ ਗਏ ਪਰ ਹੁਣ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨਹੀਂ ਮੰਨੀਆਂ ਜਾ ਰਹੀਆਂ।
ਮਲੋਟ (ਲਖਵਿੰਦਰ ਸਿੰਘ): ਐਨਐਚਐਮ ਮੁਲਾਜ਼ਮਾਂ ਵੱਲੋਂ ਰੋਸ ਧਰਨੇ ਦੇ 22ਵੇਂ ਦਿਨ ਅੱਜ ਦੋ ਘੰਟੇ ਹਾਈਵੇਅ ਜਾਮ ਕਰਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪੁਤਲਾ ਫ਼ੂਕਣ ਦੇ ਨਾਲ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਐਨਐਚਐਮ ਇੰਪਲਾਈਜ ਯੂਨੀਅਨ ਦੇ ਪੰਜਾਬ ਪ੍ਰਧਾਨ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਜੇਕਰ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਪੱਕੇ ਨਾ ਕੀਤਾ ਤਾਂ ਉਹ ਅਣਮਿਥੇ ਸਮੇਂ ਲਈ ਧਰਨੇ ’ਤੇ ਬੈਠਣਗੇ। ਇਸ ਮੌਕੇ ਅਧਿਆਪਕ ਜਥੇਬੰਦੀ ਦੇ ਆਗੂ ਕੁਲਵਿੰਦਰ ਸਿੰਘ, ਆਪ ਆਗੂ ਪਰਮਜੀਤ ਸਿੰਘ ਗਿੱਲ ਆਦਿ ਨੇ ਸੰਬੋਧਨ ਕੀਤਾ।
ਬਰਨਾਲਾ (ਪਰਸ਼ੋਤਮ ਬੱਲੀ): ਐਨਐਚਐਮ ਮੁਲਾਜ਼ਮਾਂ ਵੱਲੋਂ ਅੱਜ ਕਚਹਿਰੀ ਚੌਕ ਵਿਖੇ ਦੋ ਘੰਟੇ ਲਈ ਚੱਕਾ ਜਾਮ ਕੀਤਾ ਗਿਆ। ਪ੍ਰਦਰਸ਼ਨਕਾਰੀ ਐਨਐਚਐਮ ਮੁਲਾਜ਼ਮਾਂ ਨੂੰ ਸ਼ੁਰੂ ਵਿੱਚ ਪੁਲੀਸ ਵੱਲੋਂ ਉਠਾਉਣ ਦਾ ਵੀ ਯਤਨ ਕੀਤਾ ਗਿਆ ਪ੍ਰੰਤੂ ਸਿਹਤ ਕਾਮੇ ਡਟੇ ਰਹੇ। ਇਨ੍ਹਾਂ ਕਾਮਿਆਂ ਦੀ ਹਮਾਇਤ ’ਚ ਕਿਸਾਨ ਤੇ ਮੁਲਾਜ਼ਮ ਜਥੇਬੰਦੀਆਂ ਪੁੱਜਣ ’ਤੇ ਪੁਲੀਸ ਨੇ ਪੈਰ ਪਿੱਛੇ ਖਿੱਚ ਲਏ। ਯੂਨੀਅਨ ਆਗੂ ਕਮਲਜੀਤ ਕੌਰ ਪੱਤੀ, ਸੰਦੀਪ ਕੌਰ, ਨਵਦੀਪ ਸਿੰਘ, ਹਰਜੀਤ ਸਿੰਘ, ਮਨਦੀਪ ਕੌਰ, ਜਸਵਿੰਦਰ ਸਿੰਘ, ਵੀਰਪਾਲ ਕੌਰ ਨੇ ਕਿਹਾ ਕਿ ਹੜਤਾਲ ਤੇ ਚੱਕਾ ਜਾਮ ਕਰਨ ਲਈ ਉਹ ਮਜਬੂਰ ਹਨ।