ਸਿਹਤ ਵਿਭਾਗ ਦੇ ਐੱਨ ਐੱਚ ਐੱਮ ਕਾਮੇ ਸੰਘਰਸ਼ ’ਤੇ ਡਟੇ
ਸਿਹਤ ਵਿਭਾਗ ਮਾਨਸਾ ਅਧੀਨ ਕੰਮ ਕਰਦੇ ਐੱਨ ਐੱਚ ਐੱਮ ਮੁਲਾਜ਼ਮਾਂ ਵੱਲੋਂ ਤਨਖਾਹਾਂ ਸਮੇਂ-ਸਿਰ ਨਾ ਮਿਲਣ ਨੂੰ ਲੈ ਕੇ ਆਰੰਭ ਕੀਤੀ ਕੰਮ ਛੱਡੋ ਹੜਤਾਲ ਅੱਜ ਦੂਜੇ ਦਿਨ ਵੀ ਜਾਰੀ ਰਹੀ। ਹੜਤਾਲੀ ਵੱਲੋਂ ਪੰਜਾਬ ਸਰਕਾਰ ਅਤੇ ਵਿਭਾਗ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਦੂਜੇ ਪਾਸੇ ਇਸ ਕੰਮ ਛੱਡੋ ਹੜਤਾਲ ਕਾਰਨ ਦਫ਼ਤਰਾਂ ਵਿੱਚ ਸਰਕਾਰੀ ਕੰਮ-ਕਾਜ ਲਈ ਆਉਣ ਵਾਲੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਐੱਨ ਐੱਚ ਐੱਮ ਐਂਪਲਾਈਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਕੁਮਾਰ ਨੇ ਕਿਹਾ ਕਿ ਸਿਹਤ ਵਿਭਾਗ ਵਿੱਚ ਐੱਨ ਐੱਚ ਐੱਮ ਅਧੀਨ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਹਰ ਵਾਰ ਤਨਖਾਹ 2-2 ਮਹੀਨੇ ਲੇਟ ਮਿਲਦੀ ਹੈ, ਜਿਸ ਕਾਰਨ ਉਨ੍ਹਾਂ ਨੂੰ ਆਪਣੇ ਘਰਾਂ ਦਾ ਗੁਜ਼ਾਰਾ ਚਲਾਉਣ ਵਿੱਚ ਮੁਸ਼ਕਲ ਆ ਰਹੀ ਹੈ। ਉਨ੍ਹਾਂ ਕਿਹਾ ਕਿ ਹਾਲੇ ਤੱਕ ਕਰਮਚਾਰੀਆਂ ਨੂੰ ਅਕਤੂਬਰ ਅਤੇ ਨਵੰਬਰ ਮਹੀਨੇ ਦੀ ਤਨਖਾਹ ਨਹੀਂ ਮਿਲੀ ਹੈ, ਤਨਖਾਹਾਂ ਜਾਰੀ ਹੋਣ ਤੱਕ ਕੰਮ ਛੱਡੋ ਹੜਤਾਲ ਜਾਰੀ ਰਹੇਗੀ।
ਜਥੇਬੰਦੀ ਦੇ ਸੂਬਾ ਆਗੂ ਅਵਤਾਰ ਸਿੰਘ ਨੇ ਕਿਹਾ ਕਿ ਜੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।
ਤਪਾ ਮੰਡੀ (ਰੋਹਿਤ ਗੋਇਲ/ਸੀ ਮਾਰਕੰਡਾ): ਸਿਹਤ ਵਿਭਾਗ ’ਚ ਕੰਮ ਕਰਦੇ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਵਲੋਂ ਦੋ ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਸਬ-ਡਿਵੀਜ਼ਨਲ ਹਸਪਤਾਲ ਤਪਾ ’ਚ ਧਰਨਾ ਦੇ ਕੇ ਰੋਸ ਪ੍ਰਗਟ ਕੀਤਾ ਗਿਆ। ਐੱਨ ਐੱਚ ਐੱਮ ਐਂਪਲਾਈਜ਼ ਯੂਨੀਅਨ ਦੀ ਆਗੂ ਸੰਦੀਪ ਕੌਰ ਨੇ ਦੱਸਿਆ ਕਿ ਸਮੂਹ ਕੱਚੇ ਮੁਲਾਜ਼ਮਾਂ ਨੂੰ ਪਿਛਲੇ ਦੋ ਮਹੀਨਿਆਂ ਤੋਂ ਤਨਖ਼ਾਹਾਂ ਨਹੀਂ ਦਿੱਤੀਆਂ ਗਈਆਂ ਹਨ ਜਿਸ ਕਾਰਨ ਉਨ੍ਹਾਂ ਨੂੰ ਆਰਥਿਕ ਮੰਦਹਾਲੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕੁੰਭਕਰਨੀ ਨੀਂਦ ਚੋਂ ਜਗਾਉਣ ਲਈ 3 ਦਸੰਬਰ ਨੂੰ ਸਿਵਲ ਸਰਜਨ ਦਫਤਰ ਬਰਨਾਲਾ ਅੱਗੇ ਧਰਨਾ ਦਿੱਤਾ ਜਾਵੇਗਾ।
ਦੋ ਮਹੀਨੇ ਤੋਂ ਤਨਖਾਹਾਂ ਨਾ ਮਿਲਣ ਕਾਰਨ ਸਰਕਾਰ ਵਿਰੁੱਧ ਨਾਅਰੇਬਾਜ਼ੀ
ਮਹਿਲਕਲਾਂ (ਲਖਵੀਰ ਸਿੰਘ ਚੀਮਾ): ਕਮਿਊਨਿਟੀ ਹੈਲਥ ਸੈਂਟਰ ਮਹਿਲ ਕਲਾਂ ਵਿੱਚ ਵੀ ਰਾਸ਼ਟਰੀ ਸਿਹਤ ਮਿਸ਼ਨ ਤਹਿਤ ਸੇਵਾਵਾਂ ਨਿਭਾ ਰਹੇ ਕੱਚੇ ਕਾਮਿਆਂ ਵੱਲੋਂ ਦੋ ਮਹੀਨੇ ਤੋਂ ਰੁਕੀਆਂ ਤਨਖਾਹਾਂ ਜਾਰੀ ਕਰਵਾਉਣ ਲਈ ਅੱਜ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਮੁਜ਼ਾਹਰਾਕਾਰੀ ਕਰਮਚਾਰੀ ਵਿੱਕੀ ਕੌਰ, ਪਰਮਜੀਤ ਕੌਰ, ਬਲਦੀਪ ਕੌਰ, ਸੋਨੀ, ਦਵਿੰਦਰ ਸਿੰਘ ਤੇ ਸੁਭਾਸ਼ ਨੇ ਦੱਸਿਆ ਕਿ ਦੋ ਮਹੀਨੇ ਤੋਂ ਤਨਖ਼ਾਹ ਨਾ ਮਿਲਣ ਕਾਰਨ ਉਨ੍ਹਾਂ ਦੇ ਘਰਾਂ ਦੇ ਖਰਚੇ ਮੁਸ਼ਕਿਲ ਨਾਲ ਚੱਲ ਰਹੇ ਹਨ।
