ਪੱਤਰ ਪ੍ਰੇਰਕ
ਨਿਹਾਲ ਸਿੰਘ ਵਾਲਾ, 21 ਸਤੰਬਰ
ਪੰਜਾਬ ਦੇ ਖੇਡ ਅਤੇ ਉਚੇਰੀ ਸਿੱਖਿਆ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅੱਜ ਨਿਹਾਲ ਸਿੰਘ ਵਾਲਾ ਅਤੇ ਬੱਧਨੀ ਕਲਾਂ ਪਹੁੰਚੇ। ਇੱਥੇ ਉਨ੍ਹਾਂ ਦੋਵੇਂ ਨਗਰ ਪੰਚਾਇਤਾਂ ਦੇ ਪ੍ਰਧਾਨਾਂ ਤੇ ਮੀਤ ਪ੍ਰਧਾਨਾਂ ਨੂੰ ਅਹੁਦਾ ਸੰਭਾਲਣ ’ਤੇ ਥਾਪੜਾ ਦਿੱਤਾ।
ਇਸ ਦੌਰਾਨ ਨਿਹਾਲ ਸਿੰਘ ਵਾਲਾ ਵਿੱਚ ਜਗਦੀਪ ਸਿੰਘ ਧਾਲੀਵਾਲ ਨੇ ਨਗਰ ਪੰਚਾਇਤ ਨਿਹਾਲ ਸਿੰਘ ਵਾਲਾ ਦੇ ਪ੍ਰਧਾਨ ਤੇ ਗੁਰਪ੍ਰੀਤ ਕੌਰ ਭੱਟੀ ਨੇ ਮੀਤ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ। ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਨੇ ਦੋਹਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੌਜਵਾਨਾਂ ਨੂੰ ਸੂਬੇ ਦੀ ਵਾਗਡੋਰ ਸੰਭਾਲ ਰਹੀ ਹੈ। ਉਨ੍ਹਾਂ ਕਿਹਾ ਕਿ ਨਿਹਾਲ ਸਿੰਘ ਵਾਲਾ ਪੁਰਾਣੀ ਮੰਡੀ ਹੈ ਤੇ ਇਸ ਨੂੰ ਵਿਕਾਸ ਪੱਖੋਂ ਮੋਹਰੀ ਬਣਾਇਆ ਜਾਵੇਗਾ। ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਹਲਕਾ ਅਤੇ ਨਿਹਾਲ ਸਿੰਘ ਵਾਲਾ ਦੀਆਂ ਸਮੱਸਿਆਵਾਂ ਬਾਰੇ ਸ੍ਰੀ ਮੀਤ ਹੇਅਰ ਨੂੰ ਜਾਣੂ ਕਰਵਾਇਆ ਤੇ ਮੰਤਰੀ ਨੇ ਸਮੱਸਿਆਵਾਂ ਦੇ ਹੱਲ ਦਾ ਭਰੋਸਾ ਦਿੱਤਾ।
ਇਸੇ ਦੌਰਾਨ ਬੱਧਨੀਂ ਕਲਾਂ ਨਗਰ ਪੰਚਾਇਤ ਦੇ ਪ੍ਰਧਾਨ ਜਗਜੀਤ ਸਿੰਘ ਦੀਸ਼ਾ ਅਤੇ ਮੀਤ ਪ੍ਰਧਾਨ ਜਸਵੀਰ ਕੌਰ ਨੇ ਵੀ ਅਹੁਦਾ ਸੰਭਾਲਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਮਨਜੀਤ ਸਿੰਘ ਬਰਾੜ, ਅਮਨਦੀਪ ਕੌਰ ਬਿਲਾਸਪੁਰ, ਡਾ. ਵਰਿੰਦਰ ਕੌਰ ਸਮੇਤ ਪਾਰਟੀ ਦੇ ਕਾਰਕੁਨ ਅਤੇ ਜ਼ਿਲ੍ਹੇ ਦੇ ਅਧਿਕਾਰੀ ਤੇ ਹੋਰ ਪਤਵੰਤੇ ਮੌਜੂਦ ਸਨ।