ਪਰਮਜੀਤ ਸਿੰਘ
ਫ਼ਾਜ਼ਿਲਕਾ, 9 ਨਵੰਬਰ
ਪਿੰਡ ਬਕੈਨਵਾਲਾ ‘ਚ ਮਗਨਰੇਗਾ ਮਜ਼ਦੂਰਾਂ ਵੱਲੋਂ ਕੰਮ ਕਰਨ ਦੇ ਬਾਵਜੂਦ ਬੀ.ਡੀ.ਪੀ.ਓ ਦਫਤਰ ਖੂਈਆਂ ਸਰਵਰ ਵੱਲੋਂ ਜਾਣਬੁੱਝ ਕੇ ਗੈਰਹਾਜ਼ਰੀ ਲਗਾਉਣ ਅਤੇ ਮਜ਼ਦੂਰਾਂ ਨੂੰ ਬਣਦੀ ਮਜ਼ਦੂਰੀ ਨਾ ਦੇਣ ਵਿਰੁੱਧ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਬੀ.ਡੀ.ਪੀ.ਓ ਵਿਰੁੱਧ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਜਾਣਕਾਰੀ ਦਿੰਦਿਆਂ ਪਿੰਡ ਦੇ ਪੰਚ ਸੁਖਦੇਵ ਸਿੰਘ ਨੇ ਦੱਸਿਆ ਕਿ ਪਿੰਡ ਵਿੱਚ ਮਗਨਰੇਗਾ ਮਜ਼ਦੂਰਾਂ ਨੂੰ ਮਗਨਰੇਗਾ ਤਹਿਤ ਕੰਮ ਨਹੀਂ ਦਿੱਤਾ ਜਾਂਦਾ, ਜਿਸ ਕਰਕੇ ਪਿੰਡ ਦੇ 31 ਮਗਨਰੇਗਾ ਮਜ਼ਦੂਰਾਂ ਨੇ ਬੀ.ਡੀ.ਪੀ.ਓ. ਦਫਤਰ ਪਾਸੋਂ ਕੰਮ ਦੀ ਮੰਗ ਕੀਤੀ ਸੀ ਅਤੇ ਉਨ੍ਹਾਂ ਮਜ਼ਦੂਰਾਂ ਵੱਲੋਂ ਮਸਟਰੋਲ ਤਹਿਤ ਕੰਮ ਕੀਤਾ ਗਿਆ।ਇਸ ਦੌਰਾਨ ਮਗਨਰੇਗਾ ਮਜ਼ਦੂਰ ਗੁਰਮੀਤ ਸਿੰਘ, ਸੁਰਜੀਤ ਸਿੰਘ ਤੇ ਪਿਆਰਾ ਸਿੰਘ ਨੇ ਦੱਸਿਆ ਕਿ ਪਿੰਡ ਦੇ ਸਰਪੰਚ ਦੀ ਸ਼ਹਿ ’ਤੇ ਬੀ.ਡੀ.ਪੀ.ਓ ਦਫਤਰ ਵੱਲੋਂ ਜਾਣਬੁੱਝ ਕੇ ਗੈਰਹਾਜ਼ਰੀ ਲਗਾ ਕੇ ਉਨ੍ਹਾਂ ਨੂੰ ਬਣਦੀ ਮਿਹਨਤ ਨਹੀਂ ਦਿੱਤੀ ਗਈ। ਇਸ ਮੌਕੇ ਭਾਕਿਯੂ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਪਰਗਟ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਦੇ ਏ.ਡੀ.ਸੀ (ਵਿਕਾਸ) ਵੱਲੋਂ ਇਹ ਮਸਲਾ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਅਤੇ ਪਿੰਡ ਬਕੈਨਵਾਲਾ ਦੇ ਸਰਪੰਚ, ਗ੍ਰਾਮ ਸੇਵਕ, ਜੀਓਜੀ ਨੂੰ ਬੁਲਾ ਕੇ ਮਗਨਰੇਗਾ ਮਜ਼ਦੂਰਾਂ ਨੂੰ ਬਣਦੀ ਦਿਹਾੜੀ ਦੇਣ ਦੇ ਹੁਕਮ ਦਿੱਤੇ ਸਨ, ਪਰ ਮਜ਼ਦੂਰਾਂ ਨੂੰ ਦੋ ਮਹੀਨੇ ਤੋਂ ਵੱਧ ਸਮਾਂ ਬੀਤਣ ਉਪਰੰਤ ਵੀ ਇਸ ਮਸਲੇ ਦਾ ਹੱਲ ਨਹੀਂ ਹੋਇਆ ਅਤੇ ਅੱਜ 3 ਵਜੇ ਤੱਕ ਧਰਨੇ ਵਿੱਚ ਪ੍ਰਸ਼ਾਸਨ ਦਾ ਕੋਈ ਵੀ ਨੁਮਾਇੰਦਾ ਸਾਰ ਲੈਣ ਲਈ ਨਹੀਂ ਪਹੁੰਚਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮਜ਼ਦੂਰਾਂ ਦਾ ਮਸਲਾ ਹੱਲ ਹੋਣ ਤੱਕ ਕਿਸਾਨ ਜਥੇਬੰਦੀਆਂ ਮਗਨਰੇਗਾ ਮਜ਼ਦੂਰਾਂ ਦੇ ਹੱਕਾਂ ਲਈ ਅਣਮਿੱਥੇ ਸਮੇਂ ਲਈ ਧਰਨਾ ਦੇਣ ਲਈ ਮਜਬੂਰ ਹੋਣਗੀਆਂ।