ਐੱਨ ਓ ਸੀ: ਵਿਰੋਧੀਆਂ ਨੇ ਪ੍ਰਸ਼ਾਸਨ ’ਤੇ ਪੱਖਪਾਤ ਦੇ ਦੋਸ਼ ਲਾਏ
ਬਲਾਕ ਸਮਿਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਲਈ ਨਾਮਜ਼ਦਗੀ ਪੱਤਰ ਭਰਨ ਦੌਰਾਨ ਪ੍ਰਸ਼ਾਸਨ ਉੱਪਰ ਕਥਿਤ ਪੱਖਪਾਤ ਕਰਨ ਦੇ ਇਲਜ਼ਾਮ ਲਗਾਏ। ਕਾਂਗਰਸੀ ਆਗੂ ਕੁਸ਼ਲਦੀਪ ਸਿੰਘ ਢਿੱਲੋਂ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਅੰਗਰੇਜ਼ ਸਿੰਘ ਗੋਰਾ ਮੱਤਾ ਨੇ ਦੋਸ਼ ਲਾਇਆ ਕਿ ਹਾਕਮ ਧਿਰ ਦੇ ਦਬਾਅ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਵਿਰੋਧੀ ਪਾਰਟੀ ਦੇ ਉਮੀਦਵਾਰਾਂ ਨੂੰ ਨਾਮਜ਼ਦਗੀਆਂ ਲਈ ਲੋੜੀਂਦੀਆਂ ਐੱਨ ਓ ਸੀ ਅਤੇ ਹੋਰ ਜ਼ਰੂਰੀ ਦਸਤਾਵੇਜ਼ ਮੁਹੱਈਆ ਨਹੀਂ ਕਰਵਾ ਰਿਹਾ। ਕੁਸ਼ਲਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਚੋਣ ਲੜਨ ਦੇ ਚਾਹਵਾਨ ਉਮੀਦਵਾਰਾਂ ਨੂੰ ਲੋੜ ਅਨੁਸਾਰ ਵੋਟਰ ਸੂਚੀਆਂ ਵੀ ਨਹੀਂ ਮਿਲ ਰਹੀਆਂ। ਕੁਸ਼ਲਦੀਪ ਸਿੰਘ ਢਿੱਲੋਂ ਨੇ ਅੱਜ ਇੱਥੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨਾਲ ਮੀਟਿੰਗ ਵੀ ਕੀਤੀ। ਮੀਟਿੰਗ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਨਿਰਪੱਖ ਤਰੀਕੇ ਨਾਲ ਚੋਣ ਪ੍ਰਕਿਰਿਆ ਨੂੰ ਨੇਪਰੇ ਚੜ੍ਹਾਏਗਾ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਨਾਮਜ਼ਦਗੀ ਪੱਤਰ ਦਾਖਲ ਕਰਨ ਵੇਲੇ ਕਿਸੇ ਵੀ ਤਰ੍ਹਾਂ ਦੀ ਐੱਨ ਓ ਸੀ ਦੀ ਜ਼ਰੂਰਤ ਨਹੀਂ ਅਤੇ ਆਪਣੀਆਂ ਦੇਣਦਾਰੀਆਂ ਬਾਰੇ ਉਮੀਦਵਾਰ ਦਾ ਬਿਆਨ ਹਲਫ਼ੀਆ ਹੀ ਕਾਫ਼ੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਦਫ਼ਤਰ ਨੇ ਪੱਤਰ ਨੰਬਰ 2355 ਜਾਰੀ ਕਰਕੇ ਸਾਰੀ ਸਥਿੱਤੀ ਸਪੱਸ਼ਟ ਕਰ ਦਿੱਤੀ ਹੈ। ਫਰੀਦਕੋਟ ਜ਼ਿਲ੍ਹੇ ਵਿੱਚ ਜ਼ਿਲ੍ਹਾ ਪਰਿਸ਼ਦ ਲਈ 10 ਅਤੇ ਬਲਾਕ ਸਮਿਤੀ ਲਈ 63 ਜ਼ੋਨਾਂ ਵਿੱਚ ਚੋਣ ਹੋਣੀ ਹੈ।
