ਬਲਜੀਤ ਸਿੰਘ
ਸਰਦੂਲਗੜ੍ਹ, 17 ਫਰਵਰੀ
ਹਲਕਾ ਸਰਦੂਲਗੜ੍ਹ ਤੋਂ ਕਾਂਗਰਸ ਦੇ ਉਮੀਦਵਾਰ ਬਿਕਰਮ ਮੋਫਰ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਵਿਚ ਮਿਲ ਰਹੇ ਭਰਵੇਂ ਪਿਆਰ ਸਦਕਾ ਉਹ ਹਲਕਾ ਸਰਦੂਲਗੜ੍ਹ ਦੀ ਸੀਟ ਜਿੱਤ ਕੇ ਕਾਂਗਰਸ ਪਾਰਟੀ ਦੀ ਝੋਲੀ ਵਿਚ ਪਾਉਣਗੇ। ਉਨ੍ਹਾਂ ਕਿਹਾ ਕਿ ਪਿਛਲੇ ਦੋ ਸਾਲਾਂ ਤੋਂ ਲਗਾਤਾਰ ਹਲਕੇ ਦੇ ਪਿੰਡਾਂ ਦਾ ਵਿਕਾਸ ਕਰਦੇ ਆ ਰਹੇ ਹਨ ਅਤੇ ਵਿਧਾਨ ਸਭਾ ਦੀ ਸੀਟ ਜਿੱਤਣ ਤੋਂ ਬਾਅਦ ਹਲਕੇ ਦੇ ਪਿੰਡਾਂ ਦਾ ਰਿਕਾਰਡ ਤੋੜ ਵਿਕਾਸ ਕਰਵਾਇਆ ਜਾਵੇਗਾ। ਉਨ੍ਹਾਂ ਸੰਬੋਧਨ ਕਰਦਿਆਂ ਵੋਟਰਾਂ ਨੂੰ ਅਪੀਲ ਕੀਤੀ ਕਿ ਵੀਹ ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਉਹ ਪੰਜੇ ਦਾ ਬਟਨ ਦੱਬ ਕੇ ਭਾਰੀ ਬਹੁਮੱਤ ਨਾਲ ਸਰਦੂਲਗੜ੍ਹ ਦੀ ਸੀਟ ਤੋਂ ਕਾਂਗਰਸ ਉਮੀਦਵਾਰਾਂ ਨੂੰ ਜਿਤਾਉਣ। ਉਨ੍ਹਾਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਦੋ ਦਰਜਨ ਪਰਿਵਾਰਾਂ ਨੂੰ ਕਾਂਗਰਸ ਪਾਰਟੀ ਵਿੱਚ ਸ਼ਾਮਲ ਕੀਤਾ। ਇਸ ਮੌਕੇ ਪਿੰਡਾਂ ਵਿਚ ਬਿਕਰਮ ਮੋਫਰ ਨੂੰ ਲੱਡੂਆਂ, ਸੰਤਰਿਆਂ ਤੇ ਕੇਲਿਆਂ ਨਾਲ ਵੀ ਤੋਲਿਆ ਗਿਆ।