ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 26 ਮਈ
ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਤੋਂ ਬਾਅਦ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਮੂਹ ਅਮਲੇ ਨੇ ਵੀ ਛੁੱਟੀ ਲੈ ਕੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਹੜਤਾਲ ਕੀਤੀ, ਜਿਸ ਕਰ ਕੇ ਸਕੱਤਰੇਤ ਵਿਚ ਸਥਿਤ 200 ਤੋਂ ਵੱਧ ਦਫ਼ਤਰ ਮੁਕੰਮਲ ਤੌਰ ’ਤੇ ਬੰਦ ਰਹੇ।
ਪੰਜਾਬ ਸਰਕਾਰ ਦੇ ਮੁਲਾਜ਼ਮ ਪਿਛਲੇ ਇੱਕ ਹਫ਼ਤੇ ਤੋਂ ਹੜਤਾਲ ’ਤੇ ਚੱਲ ਰਹੇ ਹਨ, ਜਿਸ ਕਰ ਕੇ ਲੋਕਾਂ ਨੂੰ ਆਪਣੇ ਜ਼ਰੂਰੀ ਕੰਮਾਂ ਲਈ ਖੱਜਲ-ਖੁਆਰ ਹੋਣਾ ਪੈ ਰਿਹਾ ਹੈ। ਕਰੋਨਾਵਾਇਰਸ ਕਾਰਨ ਸਰਕਾਰੀ ਦਫ਼ਤਰ ਪਹਿਲਾਂ ਹੀ ਮੁਲਜ਼ਮਾਂ ਦੀ 50 ਫੀਸਦੀ ਸਮਰੱਥਾ ਨਾਲ ਚੱਲ ਰਹੇ ਸਨ ਅਤੇ ਬਹੁਤ ਸਾਰੇ ਸਰਕਾਰੀ ਮੁਲਾਜ਼ਮਾਂ ਦੀਆਂ ਡਿਊਟੀਆਂ ਕਰੋਨਾ ਖ਼ਿਲਾਫ਼ ਮੁਹਿੰਮ ਵਿੱਚ ਲਗਾਈਆਂ ਹੋਈਆਂ ਹਨ, ਜਿਸ ਕਰ ਕੇ ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਦੇ ਜ਼ਰੂਰੀ ਕੰਮ ਲਗਾਤਾਰ ਲਟਕ ਰਹੇ ਹਨ। ਮੁਲਾਜ਼ਮ ਆਗੂ ਮਹਿੰਦਰ ਪਾਲ, ਬਲਵੀਰ ਸਿੰਘ, ਭੁਪਿੰਦਰ ਸਿੰਘ, ਸੁਖਵਿੰਦਰ ਸਿੰਘ, ਸਰਬਜੀਤ ਸਿੰਘ, ਧਰਮਿੰਦਰ ਸਿੰਘ ਅਤੇ ਕਮਲਜੀਤ ਕੌਰ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਦਾ ਪਿਛਲੇ ਲੰਬੇ ਸਮੇਂ ਤੋਂ ਨਿਪਟਾਰਾ ਨਹੀਂ ਹੋ ਰਿਹਾ ਜਿਸ ਕਰ ਕੇ ਉਨ੍ਹਾਂ ਨੂੰ ਅੰਦੋਲਨ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਇਸੇ ਤਰ੍ਹਾਂ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਵੀ 16ਵੇਂ ਦਿਨ ਵਿੱਚ ਸ਼ਾਮਲ ਹੋ ਗਈ ਹੈ ਪ੍ਰੰਤੂ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਬਾਰੇ ਸਰਕਾਰ ਨੇ ਅਜੇ ਤੱਕ ਕੋਈ ਫੈਸਲਾ ਨਹੀਂ ਲਿਆ ਹੈ।
ਨਿਹਾਲ ਸਿੰਘ ਦੀਪ ਸਿੰਘ ਵਾਲਾ, ਕੁਲਦੀਪ ਸਿੰਘ ਗੋਲੇਵਾਲਾ ਨੇ ਕਿਹਾ ਕਿ ਉਹ ਆਪਣੇ ਕੰਮਾਂ ਲਈ ਸਕੱਤਰੇਤ ਵਿੱਚ ਪਿਛਲੇ ਇੱਕ ਮਹੀਨੇ ਤੋਂ ਲਗਾਤਾਰ ਆ ਰਹੇ ਹਨ ਪ੍ਰੰਤੂ ਕਰੋਨਾ ਅਤੇ ਮੁਲਾਜ਼ਮਾਂ ਦੀ ਹੜਤਾਲ ਕਾਰਨ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਸਫ਼ਾਈ ਕਰਮਚਾਰੀਆਂ ਦੇ ਹੜਤਾਲ ’ਤੇ ਜਾਣ ਕਾਰਨ ਸ਼ਹਿਰ ਵਿੱਚ ਦਰਜਨਾਂ ਥਾਵਾਂ ’ਤੇ ਕੂੜੇ ਦੇ ਵੱਡੇ ਵੱਡੇ ਢੇਰ ਲੱਗ ਹੋਏ ਹਨ ਜਿਸ ਕਾਰਨ ਬਦਬੂ ਤੇ ਗੰਦਗੀ ਫੈਲੀ ਹੋਈ ਹੈ। ਮੈਡੀਕਲ ਕਾਲਜ ਵਿੱਚ ਜਿੱਥੇ ਮੁੱਖ ਕਰੋਨਾ ਆਈਸੋਲੇਸ਼ਨ ਵਾਰਡ ਬਣਾਇਆ ਗਿਆ ਹੈ, ਉਸ ਦੇ ਆਸ-ਪਾਸ ਵੀ ਕੂੜੇ ਦੇ ਢੇਰ ਲੱਗੇ ਹੋਏ ਹਨ। ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਕੁਸ਼ਲਦੀਪ ਸਿੰਘ ਢਿੱਲੋਂ ਅਤੇ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਸਫ਼ਾਈ ਕਰਮਚਾਰੀਆਂ ਨੂੰ ਹੜਤਾਲ ਵਾਪਸ ਲੈਣ ਦੀ ਅਪੀਲ ਕੀਤੀ ਸੀ ਪ੍ਰੰਤੂ ਸਫਾਈ ਕਰਮਚਾਰੀ ਆਪਣੀਆਂ ਮੰਗਾਂ ਦੇ ਹੱਕ ਵਿੱਚ ਡਟੇ ਹੋਏ ਹਨ।