ਜ਼ਿਲ੍ਹਾ ਮੋਗਾ ਦੇ 15 ਜ਼ਿਲ੍ਹਾ ਪਰਿਸ਼ਦ ਮੈਂਬਰਾਂ ਅਤੇ ਮੋਗਾ, ਬਾਘਾ ਪੁਰਾਣਾ, ਨਿਹਾਲ ਸਿੰਘ ਵਾਲਾ, ਧਰਮਕੋਟ ਅਤੇ ਕੋਟ ਈਸੇ ਖਾਂ ਬਲਾਕ ਸਮਿਤੀਆਂ ਦੇ 101 ਮੈਂਬਰਾਂ ਨੂੰ ਸੰਵਿਧਾਨ ਪ੍ਰਤੀ ਸੱਚੀ ਸ਼ਰਧਾ, ਭਾਰਤ ਦੀ ਪ੍ਰਭੂ ਸੱਤਾ ਤੇ ਅਖੰਡਤਾ ਨੂੰ ਕਾਇਮ ਰੱਖਣ ਬਿਨਾਂ ਕਿਸੇ ਡਰ, ਪੱਖਪਾਤ, ਸੰਦੇਹ ਜਾਂ ਮਾੜੀ ਭਾਵਨਾ, ਭਾਰਤ ਦੇ ਸੰਵਿਧਾਨ ਅਤੇ ਕਾਨੂੰਨ ਮੁਤਾਬਿਕ ਨਿਆਂ ਕਰਨ ਦੀ ਸਹੁੰ ਚੁਕਾਈ ਗਈ। ਇਸ ਮੌਕੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਕਿਹਾ ਕਿ ਉਹ ਪੇਂਡੂ ਖੇਤਰਾਂ ਦੇ ਵਿਕਾਸ ਲਈ ਮੋਹਰੀ ਭੂਮਿਕਾ ਨਿਭਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਤੇ ਕਸਬਿਆਂ ਦੇ ਵਿਕਾਸ ਲਈ ਪਹਿਲ ਦੇ ਆਧਾਰ ’ਤੇ ਕੰਮ ਕੀਤਾ ਜਾ ਰਿਹਾ ਹੈ ਜਿਸ ਵਿੱਚ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸਮਿਤੀ ਮੈਂਬਰਾਂ ਦੀ ਭੂਮਿਕਾ ਬਹੁਤ ਅਹਿਮ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ( ਵਿਕਾਸ) ਕੁਲਪ੍ਰੀਤ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਰਜਨੀਸ਼ ਗਰਗ ਆਦਿ ਹਾਜ਼ਰ ਸਨ।
ਮਾਨਸਾ (ਜੋਗਿੰਦਰ ਸਿੰਘ ਮਾਨ): ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਚਾਇਤ ਸਮਿਤੀ ਅਤੇ ਜ਼ਿਲ੍ਹਾ ਪਰਿਸ਼ਦ ਦੇ ਨਵੇਂ ਚੁਣੇ ਗਏ ਮੈਂਬਰਾਂ ਲਈ ਇੱਕ ਵਿਸ਼ੇਸ਼ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਏ.ਡੀ.ਸੀ. (ਵਿਕਾਸ) ਆਕਾਸ਼ ਬਾਂਸਲ ਨੇ ਨਵੇਂ ਚੁਣੇ ਨੁਮਾਇੰਦਿਆਂ ਨੂੰ ਸਹੁੰ ਚੁਕਾਈ। ਇਸ ਮੌਕੇ ਮਾਨਸਾ ਜ਼ਿਲ੍ਹੇ ਦੇ ਤਿੰਨੋਂ ਵਿਧਾਇਕਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਵਿਧਾਇਕ ਡਾ. ਵਿਜੈ ਸਿੰਗਲਾ, ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਅਤੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਨਵੇਂ ਮੈਂਬਰਾਂ ਨੂੰ ਵਧਾਈ ਦਿੱਤੀ।
ਬਠਿੰਡਾ (ਸ਼ਗਨ ਕਟਾਰੀਆ): ਜ਼ਿਲ੍ਹਾ ਬਠਿੰਡਾ ਦੇ ਨਵੇਂ ਚੁਣੇ 17 ਜ਼ਿਲ੍ਹਾ ਪਰਿਸ਼ਦ ਅਤੇ 137 ਬਲਾਕ ਸਮਿਤੀ ਮੈਂਬਰਾਂ ਨੂੰ ਅੱਜ ਇੱਥੇ ਬਲਵੰਤ ਗਾਰਗੀ ਆਡੀਟੋਰੀਅਮ ਵਿੱਚ ਕਰਵਾਏ ਗਏ ਸਮਾਗਮ ਦੌਰਾਨ ਹਲਕਾ ਮੌੜ ਦੇ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਨੇ ਸਹੁੰ ਚੁਕਾਈ। ਇਸ ਸਮਾਗਮ ਦੀ ਅਗਵਾਈ ਏ ਡੀ ਸੀ (ਪੇਂਡੂ ਵਿਕਾਸ) ਕੰਚਨ ਵੱਲੋਂ ਕੀਤੀ ਗਈ।
ਇਸ ਮੌਕੇ ਵਿਧਾਇਕ ਨੇ ਬਲਾਕ ਸਮਿਤੀਆਂ ਅਤੇ ਜ਼ਿਲ੍ਹਾ ਪਰਿਸ਼ਦ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਲੋਕਤੰਤਰ ਪ੍ਰਣਾਲੀ ਵਿੱਚ ਤਿੰਨ ਪੱਧਰੀ ਪੰਚਾਇਤੀ ਰਾਜ ਪ੍ਰਣਾਲੀ ਹੈ। ਇਸ ਮੌਕੇ ਏ ਡੀ ਸੀ ਕੰਚਨ ਨੇ ਦੱਸਿਆ ਕਿ 137 ਪੰਚਾਇਤ ਸਮਿਤੀਆਂ ’ਚ ਬਠਿੰਡਾ ਦੀਆਂ 15, ਗੋਨਿਆਣਾ ਦੀਆਂ 15, ਨਥਾਣਾ ਦੀਆਂ 16, ਮੌੜ ਦੀਆਂ 15, ਫੂਲ ਦੀਆਂ 18, ਰਾਮਪੁਰਾ ਦੀਆਂ 18, ਸੰਗਤ ਦੀਆਂ 15 ਅਤੇ ਤਲਵੰਡੀ ਦੀਆਂ 25 ਸਮਿਤੀਆਂ ਸ਼ਾਮਲ ਹਨ। ਉਨ੍ਹਾਂ ਆਖਿਆ ਕਿ ਇਸੇ ਤਰ੍ਹਾਂ ਜ਼ਿਲ੍ਹੇ ’ਚ 17 ਜ਼ਿਲ੍ਹਾ ਪਰਿਸ਼ਦ ਮੈਂਬਰ ਚੁਣੇ ਗਏ ਸਨ, ਜਿਨ੍ਹਾਂ ਨੇ ਅੱਜ ਸਹੁੰ ਚੁੱਕੀ ਹੈ।
ਹੰਢਿਆਇਆ (ਕੁਲਦੀਪ ਸੂਦ): ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀਆਂ ਦੇ ਮੈਂਬਰਾਂ ਨੂੰ ਸਹੁੰ ਚੁਕਾਉਣ ਲਈ ਜ਼ਿਲ੍ਹਾ ਪੱਧਰੀ ਸਮਾਗਮ ਅੱਜ ਇਥੇ ਵਾਈ ਐੱਸ ਕਾਲਜ ਹੰਢਿਆਇਆ ਵਿੱਚ ਕਰਵਾਇਆ ਗਿਆ। ਇਸ ਮੌਕੇ ਵਿਧਾਇਕ ਮਹਿਲ ਕਲਾਂ ਅਤੇ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ ਵਿਧਾਨ ਸਭਾ ਕੁਲਵੰਤ ਸਿੰਘ ਪੰਡੋਰੀ ਨੇ ਸਾਰੇ ਚੁਣੇ ਹੋਏ ਮੈਂਬਰਾਂ ਨੂੰ ਅਹੁਦੇ ਦੀ ਸਹੁੰ ਚੁੱਕਵਾਈ ਅਤੇ ਵਧਾਈ ਦਿੱਤੀ। ਫਿਰੋਜ਼ਪੁਰ (ਜਸਪਾਲ ਸਿੰਘ ਸੰਧੂ): ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਕ੍ਰਿਸ਼ਨਾ ਪਾਲ ਰਾਜਪੂਤ ਨੇ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀਆਂ ਦੇ ਮੈਂਬਰਾਂ ਨੂੰ ਸਹੁੰ ਚੁਕਾਈ। ਇਸ ਸਹੁੰ ਚੁੱਕ ਸਮਾਮਗ ਵਿਚ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਅਤੇ ਵਿਧਾਇਕ ਜ਼ੀਰਾ ਨਰੇਸ਼ ਕਟਾਰੀਆ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ।

