ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 19 ਸਤੰਬਰ
ਇਤਰਾਜ਼ਯੋਗ ਵੀਡੀਓ ਵਾਇਰਲ ਹੋਣ ਤੋਂ ਬਾਅਦ ਸਬੰਧਤ ਚੰਡੀਗੜ੍ਹ ਯੂਨੀਵਰਸਿਟੀ ਦੇ ਪ੍ਰਬੰਧਕਾਂ ਵੱਲੋਂ ਕਥਿਤ ਤੌਰ ’ਤੇ ਵਿਦਿਆਰਥੀਆਂ ਨੂੰ ਹੋਸਟਲਾਂ ’ਚ ਬੰਦ ਕਰ ਕੇ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੇ ਕੀਤੇ ਜਾ ਰਹੇ ਯਤਨਾਂ ਖ਼ਿਲਾਫ਼ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਰੋਸ ਵਿਖਾਵਾ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਅਤੇ ਮਹਿਲਾ ਕਮਿਸ਼ਨ ਨੇ ਇਸ ਮਾਮਲੇ ਵਿੱਚ ਸਖਤ ਕਾਰਵਾਈ ਨਾ ਕੀਤੀ ਤਾਂ ਉਹ ਕਰੜਾ ਸੰਘਰਸ਼ ਕਰਨਗੇ| ਵਿਦਿਆਰਥੀ ਸੰਘਰਸ਼ ਦੀ ਹਮਾਇਤ ਕਰਦਿਆਂ ਪੀਐੱਸਯੂ ਦੇ ਜ਼ਿਲ੍ਹਾ ਆਗੂ ਸੁਖਪ੍ਰੀਤ ਕੌਰ ਤੇ ਦਿਲਕਰਨ ਸਿੰਘ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਨਿੱਜੀ ਯੂਨੀਵਰਸਿਟੀ ਦੇ ਹਿੱਤਾਂ ਨੂੰ ਬਚਾਉਣ ਖਾਤਰ ਹਕੀਕਤ ਤੱਕ ਪਹੁੰਚ ਨਹੀਂ ਕੀਤੀ ਜਾ ਰਹੀ ਹੈ ਸਗੋਂ ਵਿਦਿਆਰਥੀਆਂ ਨੂੰ ਚੁੱਪ ਕਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਵਿਦਿਆਰਥੀ ਆਗੂ ਨਿਹਾਲ ਸਿੰਘ ਨੇ ਕਿਹਾ ਕਿ ਜੇਕਰ ਵਿਦਿਆਰਥੀਆਂ ਨਾਲ ਇਸ ਤਰ੍ਹਾਂ ਧੱਕੇਸ਼ਾਹੀ ਹੋ ਰਹੀ ਹੈ ਤਾਂ ਆਮ ਆਦਮੀ ਨਾਲ ਹੁੰਦੇ ਜਬਰ ਦਾ ਅੰਦਾਜ਼ਾ ਆਸਾਨੀ ਨਾਲ ਲਾਇਆ ਜਾ ਸਕਦਾ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਜਾਂਚ ਹਾਈ ਕੋਰਟ ਦੇ ਜੱਜ ਤੋਂ ਕਰਵਾਈ ਜਾਵੇ। ਇਸ ਮੌਕੇ ਅਯਾਨ ਰਾਏਜ਼ਾਦਾ, ਗੁਰਪ੍ਰੀਤ ਸਿੰਘ, ਲਖਵਿੰਦਰ ਸਿੰਘ, ਪੂਜਾ ਰਾਣੀ, ਲਵਪ੍ਰੀਤ ਕੌਰ, ਵਿਕਾਸ ਕੁਮਾਰ ਅਤੇ ਸੁਮਨਪ੍ਰੀਤ ਕੌਰ ਵੀ ਮੌਜੂਦ ਸਨ।
ਜੈਤੋ (ਸ਼ਗਨ ਕਟਾਰੀਆ): ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੀ ਅਗਵਾਈ ਵਿੱਚ ਅੱਜ ਇੱਥੇ ਯੂਨੀਵਰਸਿਟੀ ਕਾਲਜ ਦੇ ਵਿਦਿਆਰਥੀਆਂ ਵੱਲੋਂ ਚੰਡੀਗੜ੍ਹ ਯੂਨੀਵਰਸਿਟੀ ’ਦੇ ਮਾਮਲੇ ਨੂੰ ਲੈ ਕੇ ਤਿੱਖਾ ਪ੍ਰਦਰਸ਼ਨ ਕੀਤਾ ਗਿਆ। ਵਿਦਿਆਰਥੀਆਂ ਨੇ ਦੋਸ਼ ਲਾਇਆ ਕਿ ਘੜੂੰਆਂ ਸਥਿਤ ਇਸ ਯੂਨੀਵਰਸਿਟੀ ’ਚ ਵਿਦਿਆਰਥਣਾਂ ਦੀ ਅਸ਼ਲੀਲ ਵੀਡੀਓ ਬਣਾਉਣ ਦੇ ਮਾਮਲੇ ਨੂੰ ਦਬਾਉਣ ਲਈ ’ਵਰਸਿਟੀ ਦੇ ਪ੍ਰਬੰਧਕਾਂ ਅਤੇ ਉਨ੍ਹਾਂ ਦੀ ਪਿੱਠ ’ਤੇ ਆਏ ਸਰਕਾਰੀ ਤੰਤਰ ਵੱਲੋਂ ਕੋਸ਼ਿਸ਼ਾਂ ਜਾਰੀ ਹਨ। ਮੰਗ ਕੀਤੀ ਗਈ ਕਿ ਮਾਮਲੇ ਦੀ ਨਿਰਪੱਖ ਜਾਂਚ ਕਰ ਕੇ ਅਸਲ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਵਿਦਿਆਰਥੀ ਆਗੂ ਗੁਰਸੇਵਕ ਬਰਕੰਦੀ, ਅਨਮੋਲ ਦਬੜ੍ਹੀਖਾਨਾ, ਧੰਨ ਸਿੰਘ, ਨੀਰਜ, ਬਲਵੀਰ ਤੇ ਦੀਪਕ ਆਦਿ ਨੇ ਮੰਗ ਕੀਤੀ ਕਿ ਯੂਨੀਵਰਸਿਟੀ ਮੈਨੇਜਮੈਂਟ ’ਤੇ ਫੌਰੀ ਪੁਲੀਸ ਕੇਸ ਦਰਜ ਕੀਤਾ ਜਾਵੇ ਅਤੇ ਮਸਲੇ ਦੀ ਉੱਚ ਪੱਧਰੀ ਨਿਰਪੱਖ ਜਾਂਚ ਕਰਵਾਈ ਜਾਵੇ।
ਫਾਜ਼ਿਲਕਾ (ਪਰਮਜੀਤ ਸਿੰਘ): ਚੰਡੀਗੜ੍ਹ ਯੂਨੀਵਰਸਿਟੀ ਵਿੱਚੋਂ ਇਤਰਾਜ਼ਯੋਗ ਵੀਡੀਓ ਵਾਇਰਲ ਹੋਣ ਦੇ ਵਿਰੋਧ ’ਚ ਪੰਜਾਬ ਸਟੂਡੈਂਟ ਯੂਨੀਅਨ ਵੱਲੋਂ ਅੱਜ ਇੱਥੇ ਐੱਮ.ਆਰ. ਸਰਕਾਰੀ ਕਾਲਜ ਫਾਜ਼ਿਲਕਾ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਅਤੇ ਘਟਨਾ ਦੀ ਨਿਖੇਧੀ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਯੂਨੀਅਨ ਆਗੂ ਮਮਤਾ ਲਾਧੂਕਾ, ਕਮਲਜੀਤ ਸਿੰਘ ਸਣੇ ਹੋਰਨਾਂ ਆਗੂਆਂ ਨੇ ਕਿਹਾ ਕਿ ਚੰਡੀਗੜ੍ਹ ਯੂਨੀਵਰਸਿਟੀ ’ਚ ਵਾਪਰੀ ਘਟਨਾ ਬੇਹੱਦ ਸ਼ਰਮਨਾਕ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਨੂੰ ਵਿਦਿਆਰਥਣਾਂ ਨਾਲ ਕੋਈ ਮਤਲਬ ਨਹੀਂ ਹੈ, ਉਹ ਸਿਰਫ਼ ਆਪਣੀ ਇਜ਼ਤ ਬਾਰੇ ਸੋਚ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਆਉਣ ਵਾਲੇ ਸਮੇਂ ’ਚ ਦੋਸ਼ੀਆਂ ਨੂੰ ਸਜ਼ਾ ਨਹੀਂ ਹੁੰਦੀ ਅਤੇ ਵਿਦਿਆਰਥਣਾਂ ਨੂੰ ਇਨਸਾਫ਼ ਨਹੀਂ ਮਿਲਦਾ ਤਾਂ ਅਗਲਾ ਸੰਘਰਸ਼ ਤਿੱਖਾ ਹੋਵੇਗਾ।