ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 10 ਅਕਤੂਬਰ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਜ਼ਦੂਰ ਜਥੇਬੰਦੀਆਂ ਨੂੰ ਮੀਟਿੰਗ ਦੇ ਕੇ ਮੁਕਰਨ ਦੇ ਰੋਸ ਵਜੋਂ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦਾ ਸਾਂਝਾ ਮੋਰਚਾ ਪੰਜਾਬ ਦੇ ਸੂਬਾਈ ਸੱਦੇ ਤਹਿਤ ਅੱਜ ਪੰਜਾਬ ਵੱਖ ਵੱਖ ਪਿੰਡਾਂ ’ਚ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਅਰਥੀਆਂ ਸਾੜੀਆਂ ਗਈਆਂ। ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਭੁੱਟੀਵਾਲਾ , ਖੁੰਡੇ ਹਲਾਲ, ਸਿੰਘੇ ਵਾਲਾ ਵਿੱਚ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਮੁੱਖ ਮੰਤਰੀ ਦੇ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ । ਮਜ਼ਦੂਰ ਆਗੂ ਬਾਜ਼ ਸਿੰਘ ਭੁੱਟੀਵਾਲਾ, ਕਾਕਾ ਸਿੰਘ ਖੁੰਡੇ ਹਲਾਲ, ਰਾਮਪਾਲ ਗੱਗੜ ਤੇ ਲਛਮਣ ਸਿੰਘ ਸੇਵੇਵਾਲਾ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਵਾਅਦਾ ਖਿਲਾਫੀ ਵਿਰੁੱਧ 11 ਤੇ 12 ਅਕਤੂਬਰ ਨੂੰ ਵੀ ਪਿੰਡਾਂ ’ਚ ਅਰਥੀਆਂ ਸਾੜੀਆਂ ਜਾਣਗੀਆਂ ਅਤੇ ਜੇਕਰ ਫਿਰ ਵੀ ਮੁੱਖ ਮੰਤਰੀ ਵੱਲੋਂ ਮੀਟਿੰਗ ਕਰਕੇ ਮਜ਼ਦੂਰਾਂ ਦੇ ਮਸਲੇ ਹੱਲ ਨਾ ਕੀਤੇ ਗਏ ਤਾਂ 18 ਅਕਤੂਬਰ ਨੂੰ ਸੰਗਰੂਰ ਦੇ ਪਿੰਡ ਕਾਲਵਣਜਾਰਾ ਵਿਖੇ ਮੁੱਖ ਮੰਤਰੀ ਦੇ ਉਦਘਾਟਨੀ ਸਮਾਰੋਹ ਸਮੇਂ ਤਿੱਖਾ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। ਵਰਨਣਯੋਗ ਹੈ ਕਿ ਮਜ਼ਦੂਰ ਜਥੇਬੰਦੀਆਂ ਵੱਲੋਂ 12 ਤੋ 14 ਸਤੰਬਰ ਤੱਕ ਮੁੱਖ਼ ਮੰਤਰੀ ਦੀ ਸੰਗਰੂਰ ਕੋਠੀ ਅੱਗੇ ਲਾਏ ਤਿੰਨ ਰੋਜ਼ਾ ਧਰਨੇ ਸਮੇਂ ਮੁੱਖ ਮੰਤਰੀ ਵੱਲੋਂ 3 ਅਕਤੂਬਰ ਨੂੰ ਮਜ਼ਦੂਰ ਆਗੂਆਂ ਨਾਲ਼ ਮੀਟਿੰਗ ਤਹਿ ਕੀਤੀ ਸੀ ਜੋ ਬਾਅਦ ਵਿਧਾਨ ਸਭਾ ਦੇ ਅਜਲਾਸ ਬਹਾਨੇ ਬਦਲਵੀਂ ਤਰੀਕ ਦਿੱਤੇ ਬਿਨਾਂ ਹੀ ਰੱਦ ਕਰ ਦਿੱਤੀ ਸੀ। ਮਜ਼ਦੂਰ ਮੰਗ ਕਰ ਰਹੇ ਹਨ ਕਿ ਮਜ਼ਦੂਰਾਂ ਦੇ ਸਾਲ ਭਰ ਦੇ ਰੁਜ਼ਗਾਰ ਦੀ ਗਰੰਟੀ ਕਰਕੇ ਦਿਹਾੜੀ 700 ਰੁਪਏ ਕੀਤੀ ਜਾਵੇ, ਮਜ਼ਦੂਰਾਂ ਤੇ ਗਰੀਬ ਕਿਸਾਨਾਂ ਦਾ ਸਰਕਾਰੀ ਤੇ ਪ੍ਰਾਈਵੇਟ ਕਰਜ਼ਾ ਖਤਮ ਕੀਤਾ ਜਾਵੇ। ਪੰਚਾਇਤੀ ਜ਼ਮੀਨਾਂ ਦਾ ਤੀਜਾ ਹਿੱਸਾ ਜ਼ਮੀਨ ਮਜ਼ਦੂਰਾਂ ਨੂੰ ਸਸਤੇ ਭਾਅ ਦੇਣ ਦੀ ਗਰੰਟੀ ਦਿੱਤੀ ਜਾਵੇ, ਗੁਲਾਬੀ ਸੁੰਡੀ ਕਾਰਨ ਨੁਕਸਾਨੇ ਨਰਮੇ ਦਾ ਮਜ਼ਦੂਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ।
ਮਾਨਸਾ (ਜੋਗਿੰਦਰ ਸਿੰਘ ਮਾਨ): ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵੱਲੋਂ ਅੱਜ ਇਥੇ ਜ਼ਿਲ੍ਹਾ ਪ੍ਰੀਸ਼ਦ ਦੇ ਮੁੱਖ ਗੇਟ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਰਥੀ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਉਹ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈਕੇ ਲਗਾਤਾਰ 67 ਦਿਨਾਂ ਤੋਂ ਵਧੀਕ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਦਿਨ-ਰਾਤ ਦੇ ਪੱਕੇ ਮੋਰਚੇ ਉਤੇ ਬੈਠੇ ਹਨ, ਪਰ ਉਨ੍ਹਾਂ ਦੀਆਂ ਤਕਲੀਫ਼ਾਂ ਲਈ ਪੰਜਾਬ ਸਰਕਾਰ ਦਾ ਕੋਈ ਅਧਿਕਾਰੀ ਗੱਲ ਕਰਨ ਲਈ ਤਿਆਰ ਨਹੀਂ ਹੈ।
ਜਥੇਬੰਦੀ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓ ਨੇ ਕਿਹਾ ਕਿ ਸੱਤਾ ਦੀ ਕੁਰਸੀ ਉਪਰ ਬੈਠਣ ਸਾਰ ਮਜ਼ਦੂਰਾਂ, ਕਿਸਾਨਾਂ, ਬੇਰੁਜ਼ਗਾਰਾਂ ਦੇ ਮਸਲੇ ਪਹਿਲ ਦੇ ਆਧਾਰ ਤੇ ਹੱਲ ਕਰਨ ਦੀ ਗੱਲ ਕਰਨ ਵਾਲਾ ਮੁੱਖ ਮੰਤਰੀ ਅੱਜ ਮਜ਼ਦੂਰਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕਰ ਰਿਹਾ ਹੈ। ਇਸ ਮੌਕੇ ਜਰਨੈਲ ਸਿੰਘ ਮਾਨਸਾ, ਹਾਕਮ ਸਿੰਘ ਨੇ ਵੀ ਸੰਬੋਧਨ ਕੀਤਾ।
ਮਹਿਲ ਕਲਾਂ (ਨਵਕਿਰਨ ਸਿੰਘ): ਮਜ਼ਦੂਰ ਮੁਕਤੀ ਮੋਰਚਾ ਦੀ ਅਗਵਾਈ ਹੇਠ ਪਿੰਡ ਚੁਹਾਣਕੇ ਕਲਾਂ ਵਿਖੇ ਮੁੱਖ ਮੰਤਰੀ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਮਜ਼ਦੂਰ ਮੁਕਤੀ ਮੋਰਚਾ ਦੇ ਜ਼ਿਲ੍ਹਾ ਸਕੱਤਰ ਸਿੰਗਾਰਾ ਸਿੰਘ ਚੁਹਾਣਕੇ ਨੇ ਕਿਹਾ ਕਿ ਮਜ਼ਦੂਰਾਂ ਨੇ ਬੜੀਆਂ ਆਸਾਂ ਨਾਲ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਈਆਂ ਸਨ ਕਿ ਸ਼ਾਇਦ ਇਸ ਪਾਰਟੀ ਦੇ ਸੱਤਾ ਵਿੱਚ ਆਉਣ ਨਾਲ ਲੋਕਾਂ ਦੇ ਮਸਲੇ ਹੱਲ ਹੋ ਜਾਣਗੇ ਪਰ ਸਰਕਾਰ ਬਣੀ ਨੂੰ ਛੇ ਮਹੀਨੇ ਬੀਤ ਜਾਣ ਦੇ ਬਾਵਜੂਦ ਮਜ਼ਦੂਰ ਪੱਖੀ ਕੋਈ ਫੈਸਲਾ ਨਹੀਂ ਲਿਆ ਗਿਆ ਹੈ ਜਿਸ ਕਾਰਨ ਮਜ਼ਦੂਰ ਸਰਕਾਰ ਤੋਂ ਨਿਰਾਸ਼ ਹੈ।
ਮਲੋਟ (ਲਖਵਿੰਦਰ ਸਿੰਘ): ਖੇਤਰ ਦੇ ਵੱਖ-ਵੱਖ ਪਿੰਡਾਂ ਖੁੰਡੇ ਹਲਾਲ ਅਤੇ ਸਿੰਘੇ ਵਾਲਾ ਵਿੱਚ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਤਲੇ ਫੂਕ ਮੁਜ਼ਾਹਰੇ ਕੀਤੇ ਗਏ। ਮਜ਼ਦੂਰ ਆਗੂ ਬਾਜ਼ ਸਿੰਘ ਭੁੱਟੀਵਾਲਾ, ਕਾਕਾ ਸਿੰਘ ਖੁੰਡੇ ਹਲਾਲ, ਰਾਮਪਾਲ ਗੱਗੜ ਤੇ ਲਛਮਣ ਸਿੰਘ ਸੇਵੇਵਾਲਾ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਵਾਅਦਾ ਖਿਲਾਫੀ ਵਿਰੁੱਧ 11 ਤੇ 12 ਅਕਤੂਬਰ ਨੂੰ ਵੀ ਪਿੰਡਾਂ ‘ਚ ਪੁਤਲੇ ਫੂਕੇ ਜਾਣਗੇ ਅਤੇ ਜੇਕਰ ਫਿਰ ਵੀ ਮੁੱਖ ਮੰਤਰੀ ਵੱਲੋਂ ਮੀਟਿੰਗ ਕਰਕੇ ਮਜ਼ਦੂਰਾਂ ਦੇ ਮਸਲੇ ਹੱਲ ਨਾ ਕੀਤੇ ਗਏ ਤਾਂ 18 ਅਕਤੂਬਰ ਨੂੰ ਸੰਗਰੂਰ ਦੇ ਪਿੰਡ ਕਾਲਵਣਜਾਰਾ ਵਿਖੇ ਮੁੱਖ ਮੰਤਰੀ ਦੇ ਉਦਘਾਟਨੀ ਸਮਾਰੋਹ ਸਮੇਂ ਤਿੱਖਾ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ।