ਪੱਤਰ ਪ੍ਰੇਰਕ
ਮਾਨਸਾ, 27 ਜਨਵਰੀ
ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਮਾਨਸਾ ਵਿਖੇ 73ਵੇਂ ਗਣਤੰਤਰ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਉਨ੍ਹਾਂ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਮੁਬਾਰਕਬਾਦ ਦਿੱਤੀ। ਉਨ੍ਹਾਂ ਭਾਰਤੀ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਨੂੰ ਮਹਾਨ ਰਣਨੀਤੀਕਾਰ, ਦੂਰ ਅੰਦੇਸ਼ੀ ਸਿਆਸਤਦਾਨ ਦਾ ਦਰਜਾ ਦਿੱਤਾ, ਜਿਨ੍ਹਾਂ ਨੇ ਵੱਖ-ਵੱਖ ਧਰਮਾਂ, ਜਾਤਾਂ, ਸੱਭਿਆਚਾਰ ਵਾਲੇ ਮੁਲਕ ਨੂੰ ਇਕ ਮਾਲਾ ਵਿੱਚ ਪਰੋਇਆ। ਇਸ ਮੌਕੇ ਸਮਾਗਮ ਦੌਰਾਨ ਭਾਗ ਲੈਣ ਵਾਲੀਆਂ ਵਿਦਿਆਰਥਣਾਂ ਦਾ ਸਨਮਾਨ ਵੀ ਕੀਤਾ ਗਿਆ।
ਬਰਨਾਲਾ (ਨਿੱਜੀ ਪੱਤਰ ਪ੍ਰੇਰਕ/ਖੇਤਰੀ ਪ੍ਰਤੀਨਿਧ): ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਹੋਏ ਸੰਖੇਪ ਸਮਾਗਮ ’ਚ ਲੋਕ ਨਿਰਮਾਣ ਤੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਕੌਮੀ ਝੰਡਾ ਲਹਿਰਾਇਆ ਗਿਆ। ਇਸ ਮੌਕੇ ਡੀਐੱਸਪੀ ਸੰਦੀਪ ਕੌਰ ਸੰਧੂ ਦੀ ਅਗਵਾਈ ਵਾਲੀ ਪੁਲੀਸ ਟੁਕੜੀ ਨੇ ਸਲਾਮੀ ਦਿੱਤੀ। ਮੁੱਖ ਮਹਿਮਾਨ ਵੱਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁੱਖ ਮਹਿਮਾਨ ਸ੍ਰੀ ਵਿਜੈ ਇੰਦਰ ਸਿੰਗਲਾ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ ਕੀਤਾ ਗਿਆ।
ਬਠਿੰਡਾ (ਪੱਤਰ ਪ੍ਰੇਰਕ): ਉਪ ਮੁੱਖ ਮੰਤਰੀ ਓਪੀ ਸੋਨੀ ਨੇ ਗਣਤੰਤਰ ਦਿਵਸ ਮੌਕੇ ਸਥਾਨਕ ਸਰਕਾਰੀ ਰਾਜਿੰਦਰਾ ਕਾਲਜ ਦੇ ਹਾਕੀ ਸਟੇਡੀਅਮ ਵਿੱਚ ਤਿਰੰਗਾ ਲਹਿਰਾਇਆ। ਉਨ੍ਹਾਂ ਆਖਿਆ ਕਿ ਪੰਜਾਬੀਆਂ ਦੀਆਂ ਕੁਰਬਾਨੀਆਂ ਅਤੇ ਸਾਡੇ ਮਹਾਨ ਸ਼ਹੀਦਾਂ ਸਦਕਾ ਹੀ ਅੱਜ ਅਸੀਂ ਆਜ਼ਾਦ ਫਿਜ਼ਾ ਵਿੱਚ ਜ਼ਿੰਦਗੀ ਬਿਤਾ ਰਹੇ ਹਾਂ। 26 ਜਨਵਰੀ, 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋ ਜਾਣ ਨਾਲ ਗਣਰਾਜ ਦੀ ਸਥਾਪਨਾ ਹੋਈ ਤੇ ਦੁਨੀਆਂ ਚ ਸਭ ਤੋਂ ਵੱਡੇ ਲੋਕਤੰਤਰ ਹੋਣ ਦਾ ਮਾਣ ਹਾਸਲ ਹੋਇਆ।
ਸਿਰਸਾ (ਨਿੱਜੀ ਪੱਤਰ ਪ੍ਰੇਰਕ): ਹਰਿਆਣਾ ਵਿਧਾਨ ਸਭਾ ਦੇ ਡਿਪਟੀ ਸਪੀਕਰ ਰਣਵੀਰ ਸਿੰਘ ਗੰਗਵਾ ਨੇ ਬਤੌਰ ਮੁੱਖ ਮਹਿਮਾਨ ਵਜੋਂ ਕੌਮੀ ਝੰਡਾ ਲਹਿਰਾਇਆ ਤੇ ਮਾਰਚ ਫਾਸਟ ਦੀ ਸਲਾਮੀ ਲਈ।