ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਇਕ ਰੋਜ਼ਾ ਭੁੱਖ ਹੜਤਾਲ
ਨੈਸ਼ਨਲ ਮੂਵਮੈਂਟ ਸਕੀਮ ਫਾਰ ਓਲਡ ਪੈਨਸ਼ਨ ਸਕੀਮ ਦੇ ਸੱਦੇ ’ਤੇ ਇੱਥੇ ਸੀ ਪੀ ਐੱਫ ਕਰਮਚਾਰੀ ਯੂਨੀਅਨ ਪੰਜਾਬ ਅਤੇ ਪੁਰਾਣੀ ਪੈਨਸ਼ਨ ਸੰਘਰਸ਼ ਬਹਾਲ ਕਮੇਟੀ ਵੱਲੋਂ ਸਾਂਝੇ ਤੌਰ ’ਤੇ ਰੋਜ਼ਾ ਭੁੱਖ ਹੜਤਾਲ ਕੀਤੀ ਗਈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਮੁਲਾਜ਼ਮਾਂ ਨੇ ਭਾਗ ਲਿਆ ਅਤੇ ਕੇਂਦਰ ਤੇ ਸੂਬਾ ਸਰਕਾਰ ਦੇ ਖ਼ਿਲਾਫ਼ ਭਾਰੀ ਨਾਅਰੇਬਾਜ਼ੀ ਕੀਤੀ। ਸੀ ਪੀ ਐੱਫ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕਰਨ ਜੈਨ ਅਤੇ ਪੁਰਾਣੀ ਪੈਨਸ਼ਨ ਸੰਘਰਸ਼ ਬਹਾਲ ਕਮੇਟੀ ਦੇ ਕਨਵੀਨਰ ਗੁਰਤੇਜ ਖੇਹਿਰਾ ਨੇ ਕਿਹਾ ਕਿ ਜੇਕਰ ਆਉਣ ਵਾਲੇ ਸਮੇਂ ਵਿੱਚ ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਹੋਈ ਤਾਂ ਦਿੱਲੀ ਵਿਖੇ ਕੇਂਦਰ ਸਰਕਾਰ ਖ਼ਿਲਾਫ਼ ਕੌਮੀ ਪੱਧਰ ਰੈਲੀ ਕੀਤੀ ਜਾਵੇਗੀ। ਜਿਸ ਵਿੱਚ ਕੇਂਦਰ ਸਰਕਾਰ ਦੇ ਨਾਲ ਨਾਲ ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਝੂਠੇ ਵਾਅਦਿਆਂ ਤੋਂ ਵੱਖ ਵੱਖ ਰਾਜ ਸਰਕਾਰਾਂ ਦੇ ਮੁਲਾਜ਼ਮਾਂ ਨੂੰ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ 25 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਖਿਲਾਫ ਸੂਬਾ ਪੱਧਰੀ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ। ਇਸ ਮੌਕੇ ਗੁਰਪ੍ਰੀਤ ਸਿੰਘ ਔਲਖ, ਸੇਵਕ ਸਿੰਘ, ਅਮਰੀਕ ਸਿੰਘ ਸੰਧੂ, ਇੰਦਰਜੀਤ ਸਿੰਘ ਪੁਰੀ, ਗੁਰਮੀਤ ਸਿੰਘ ਸਿਰਸੜੀ, ਜਤਿੰਦਰ ਢਿਲਵਾਂ ਤੇ ਹੋਰ ਹਾਜ਼ਰ ਸਨ।