ਜਸਵੰਤ ਸਿੰਘ ਥਿੰਦ
ਮਮਦੋਟ, 20 ਦਸੰਬਰ
ਪੁਲੀਸ ਥਾਣਾ ਮਮਦੋਟ ਅਧੀਨ ਪੈਂਦੇ ਪਿੰਡ ਬੋਦਲ ਵਿੱਚ ਰਸਤੇ ’ਤੇ ਪਈ ਰੂੜੀ ’ਤੇ ਖੜ੍ਹੇ ਟਰੈਕਟਰ-ਟਰਾਲੀ ਨੂੰ ਲੈ ਕੇ ਹੋਏ ਵਿਵਾਦ ਵਿੱਚ ਗੋਲੀ ਚੱਲ ਗਈ। ਇਸ ਦੌਰਾਨ ਚੱਲੀ ਗੋਲੀ ਵਿੱਚ ਇਕ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਦੂਜਾ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਡੀਐੱਸਪੀ ਯਾਦਵਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਟਰੈਕਟਰ ਅਤੇ ਟਰਾਲੀ ਨੂੰ ਲੈ ਕੇ ਹੋਏ ਝਗੜੇ ਵਿੱਚ ਚੱਲੀ ਗੋਲੀ ਦੌਰਾਨ ਯਾਦਵਿੰਦਰ ਸਿੰਘ ਪੁੱਤਰ ਕੇਹਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਹੈ ਜਦੋਂਕਿ ਉਸ ਦੇ ਪਿਤਾ ਕੇਹਰ ਸਿੰਘ ਗੋਲੀ ਲੱਗਣ ਕਾਰਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ। ਇਸ ਵੇਲੇ ਉਹ ਮੈਡੀਕਲ ਕਾਲਜ ਫਰੀਦਕੋਟ ਵਿੱਚ ਇਲਾਜ ਅਧੀਨ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਘਟਨਾ ਦੀ ਪੂਰੀ ਬਰੀਕੀ ਨਾਲ ਛਾਣਬੀਣ ਕੀਤੀ ਜਾ ਰਹੀ ਹੈ। ਉਧਰ, ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਯਾਦਵਿੰਦਰ ਸਿੰਘ (23) ਦਾ ਬੀਤੇ ਕਰੀਬ ਅੱਠ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ।