ਨਿੱਜੀ ਪੱਤਰ ਪ੍ਰੇਰਕ
ਫਾਜ਼ਿਲਕਾ, 5 ਜਨਵਰੀ
ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਅੱਜ ਸੂਬਾ ਪੱਧਰੀ ਸੱਦੇ ਤਹਿਤ ਐੱਮ.ਆਰ. ਸਰਕਾਰੀ ਕਾਲਜ ਫਾਜ਼ਿਲਕਾ ਦੇ ਗੇਟ ਅੱਗੇ ਵਿੱਦਿਅਕ ਸੰਸਥਾਵਾਂ ਬੰਦ ਕਰਨ ਦੇ ਫੈਸਲੇ ਖ਼ਿਲਾਫ਼ ਰੋਸ ਰੈਲੀ ਕਰ ਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਧੀਰਜ ਕੁਮਾਰ, ਕਾਲਜ ਕਮੇਟੀ ਪ੍ਰਧਾਨ ਜਸਪ੍ਰੀਤ ਸਿੰਘ ਅਤੇ ਪ੍ਰਵੀਨ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇੱਕ ਵਾਰ ਫਿਰ ਤੋਂ ਵਿਦਿਆਰਥੀਆਂ ਖ਼ਿਲਾਫ਼ ਫੁਰਮਾਨ ਜਾਰੀ ਕੀਤਾ ਗਿਆ ਹੈ, ਜਿਸ ਨੂੰ ਹੁਣ ਉਹ ਬਰਦਾਸ਼ਤ ਨਹੀਂ ਕਰਨਗੇ। ਪੀਐੱਸਯੂ ਦੇ ਆਗੂ ਅਨੀਤਾ ਨਿਉਂਲਾ ਅਤੇ ਗਗਨ ਕਾਵਾਂਵਾਲੀ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਹ ਫੈਸਲਾ ਵਾਪਸ ਨਹੀਂ ਲਿਆ ਤਾਂ ਸੰਘਰਸ਼ ਦੀ ਅਗਲੀ ਰੂਪ ਰੇਖਾ ਉਲੀਕੀ ਜਾਵੇਗੀ।
ਸ੍ਰੀ ਮੁਕਤਸਰ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਆਗੂ ਸੁਖਪ੍ਰੀਤ ਕੌਰ ਅਤੇ ਕਾਲਜ ਕਮੇਟੀ ਪ੍ਰਧਾਨ ਮਮਤਾ ਰਾਣੀ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਨੂੰ ਬੰਦ ਕਰਨ ਦੇ ਹੁਕਮਾਂ ਦਾ ਵਿਰੋਧ ਕਰਦਿਆਂ ਸਰਕਾਰ ਦਾ ਪੁਤਲਾ ਫੂਕਿਆ। ਇਸ ਦੌਰਾਨ ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵਿਦਿਆਰਥੀਆਂ ਤੋਂ ਸਿੱਖਿਆ ਖੋਹ ਰਹੀ ਹੈ ਤਾਂ ਉਹ ਰੁਜ਼ਗਾਰ ਨਾ ਮੰਗ ਸਕਣ। ਇਸ ਮੌਕੇ ਜ਼ਿਲ੍ਹਾ ਆਗੂ ਜਸਪ੍ਰੀਤ ਕੌਰ ਅਤੇ ਦਿਲਕਰਨ ਸਿੰਘ, ਗੁਰਪ੍ਰੀਤ ਕੌਰ, ਲਵਜੋਤ ਕੌਰ, ਗੁਰਪ੍ਰੀਤ ਕੌਰ, ਗਗਨਦੀਪ ਸਿੰਘ, ਰਾਜ ਕੌਰ, ਗੁਰਚਰਨ ਸਿੰਘ ਤੇ ਨੀਰਜ ਸਣੇ ਹੋਰ ਵਿਦਿਆਰਥੀ ਸ਼ਾਮਲ ਸਨ।
ਸਰਕਾਰ ਦੇ ਫ਼ੈਸਲੇ ਦੀ ਨਿਖੇਧੀ
ਸਮਾਲਸਰ (ਪੱਤਰ ਪ੍ਰੇਰਕ): ਪੰਜਾਬ ਵਿੱਚ ਸਕੂਲ ਬੰਦ ਹੋਣ ਤੋਂ ਲੋਕ ਪ੍ਰੇਸ਼ਾਨ ਹਨ। ਪ੍ਰਾਇਮਰੀ ਸਕੂਲ ਦੀ ਇਕ ਅਧਿਆਪਕ ਨੇ ਦੱਸਿਆ ਕਿ ਪ੍ਰਾਇਮਰੀ ਸਕੂਲਾਂ ਦੇ ਬੱਚੇ ਤਾਂ ਪਹਿਲਾਂ ਹੀ ਕਰੋਨਾ ਦੀ ਮਾਰ ਕਾਰਨ ਪੜ੍ਹਾਈ ਤੋਂ ਝੰਬੇ ਪਏ ਸਨ ਅਤੇ ਹੁਣ ਬੱਚੇ ਲੀਹ ’ਤੇ ਆ ਰਹੇ ਸੀ ਤਾਂ ਸਰਕਾਰ ਨੇ ਸਕੂਲ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ। ਹੋਰਨਾਂ ਅਧਿਆਪਕਾਂ ਨੇ ਸਰਕਾਰ ਦੇ ਫ਼ੈਸਲੇ ਦੀ ਨਿਖੇਧੀ ਕੀਤੀ ਹੈ। ਬੱਚਿਆਂ ਦੇ ਮਾਪਿਆਂ ਕੁਲਵੀਰ ਕੌਰ, ਮਨਜੀਤ ਕੌਰ, ਸਰਬਜੀਤ ਕੌਰ, ਸੁਖਦੀਪ ਕੌਰ ਤੇ ਜਸਵੰਤ ਸਿੰਘ ਨੇ ਕਿਹਾ ਕਿ ਸਕੂਲ ਬੰਦ ਕਰਨਾ ਕਰੋਨਾ ਦਾ ਹੱਲ ਨਹੀਂ ਹੈ।