ਸ਼ਗਨ ਕਟਾਰੀਆ
ਬਠਿੰਡਾ, 13 ਅਗਸਤ
ਫੌਜ ’ਚ ਭਰਤੀ ਲਈ ਕੇਂਦਰ ਸਰਕਾਰ ਦੀ ‘ਅਗਨੀਪਥ’ ਸਕੀਮ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨੇ ਅੱਜ ਇੱਥੇ ਮਿਨੀ ਸਕੱਤਰੇਤ ਅੱਗੇ ਕਾਨਫਰੰਸ ਕੀਤੀ। ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਨੂੰ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਦਿੱਤਾ। ਕਾਨਫਰੰਸ ’ਚ ਸੈਨਿਕ ਏਕਤਾ ਵੈੱਲਫੇਅਰ ਸੁਸਾਇਟੀ ਤਰਫ਼ੋਂ ਸਾਬਕਾ ਸੈਨਿਕ ਵੀ ਸ਼ਾਮਿਲ ਹੋਏ।
ਇੱਥੇ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਅਤੇ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਅਗਨੀਪਥ ਸਕੀਮ ਦੀ ਚਾਰ ਸਾਲਾ ਭਰਤੀ ਨਾਲ ਬੇਰੁਜ਼ਗਾਰੀ ਵਧੇਗੀ। ਇਸ ਸਕੀਮ ਵਾਲੇ ਨੌਜਵਾਨ ਪੈਨਸ਼ਨ ਅਤੇ ਹੋਰ ਸਹੂਲਤਾਂ ਤੋਂ ਸੱਖਣੇ ਰਹਿਣਗੇ। ਉਨ੍ਹਾਂ ਖ਼ਦਸ਼ਾ ਜਤਾਇਆ ਕਿ ਇਸ ਨਾਲ ਦੇਸ਼ ਦੀ ਸੁਰੱਖਿਆ ਨੂੰ ਵੀ ਖ਼ਤਰਾ ਖੜ੍ਹਾ ਹੋ ਸਕਦਾ ਹੈ। ਰਾਸ਼ਟਰਪਤੀ ਨੂੰ ਭੇਜੇ ਪੱਤਰ ਰਾਹੀਂ ਨੋਟੀਫਿਕੇਸ਼ਨ ਵਾਪਿਸ ਲੈ ਕੇ ਸਕੀਮ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ। ਆਗੂਆਂ ਮੰਗ ਕੀਤੀ ਕਿ ਜਿਨ੍ਹਾਂ ਥਾਵਾਂ ’ਤੇ ਭਰਤੀ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਸੀ, ਇਸ ਨੂੰ ਪੂਰਾ ਕੀਤਾ ਜਾਵੇ ਅਤੇ ਪਿਛਲੇ 2 ਸਾਲਾਂ ਤੋਂ ਭਰਤੀ ਨਾ ਹੋਣ ਦੇ ਬਦਲੇ ਆਮ ਭਰਤੀ ਲਈ ਨੌਜਵਾਨਾਂ ਨੂੰ ਉਮਰ ਵਿੱਚ 2 ਸਾਲ ਦੀ ਛੋਟ ਦਿੱਤੀ ਜਾਵੇ। ਅਗਨੀਪਥ ਵਿਰੋਧੀ ਪ੍ਰਦਰਸ਼ਨਾਂ ’ਚ ਸ਼ਾਮਿਲ ਨੌਜਵਾਨਾਂ ਵਿਰੁੱਧ ਦਰਜ ਕੇਸ ਰੱਦ ਹੋਣ ਅਤੇ ਅੰਦੋਲਨਕਾਰੀਆਂ ਨੂੰ ਨੌਕਰੀਆਂ ਤੋਂ ਹਟਾਉਣ ਦੀ ਸ਼ਰਤ ਹਟਾਈ ਜਾਵੇ।
ਆਗੂਆਂ ਨੇ ਨਰਮੇ ਦੀ ਫ਼ਸਲ ’ਤੇ ਚਿੱਟੀ ਮੱਖੀ ਤੇ ਗੁਲਾਬੀ ਸੁੰਡੀ ਦੇ ਹਮਲੇ ਦੀ ਰੋਕਥਾਮ ਤੋਂ ਇਲਾਵਾ ਨੁਕਸਾਨੀ ਫ਼ਸਲ ਲਈ ਮੁਆਵਜ਼ਾ ਦੇਣ ਲਈ ਪੰਜਾਬ ਸਰਕਾਰ ਤੋਂ ਮੰਗ ਕੀਤੀ। ਪਸ਼ੂਆਂ ’ਚ ਆਈ ਲੰਪੀ ਸਕਿਨ ਦੀ ਬਿਮਾਰੀ ਦਾ ਮੁਫ਼ਤ ਇਲਾਜ ਕਰਨ ਸਮੇਤ ਮਰੇ ਪਸ਼ੂਆਂ ਨੂੰ ਦਫ਼ਨਾਉਣ ਦੀ ਵੀ ਸਰਕਾਰ ਤੋਂ ਮੰਗ ਕੀਤੀ। ਇਸ ਮੌਕੇ ਬਸੰਤ ਸਿੰਘ ਕੋਠਾਗੁਰੂ, ਮਾਲਣ ਕੌਰ ਕੋਠਾਗੁਰੂ, ਹਰਪ੍ਰੀਤ ਕੌਰ ਜੇਠੂਕੇ, ਕਰਮਜੀਤ ਕੌਰ ਲਹਿਰਾਖਾਨਾ, ਰਾਜਵਿੰਦਰ ਸਿੰਘ ਰਾਮਨਗਰ, ਜਸਪਾਲ ਸਿੰਘ ਕੋਠਾਗੁਰੂ, ਬਲਦੇਵ ਸਿੰਘ ਚੌਂਕੇ, ਗੁਰਪਾਲ ਸਿੰਘ ਦਿਓਣ, ਸਰਬਜੀਤ ਮੌੜ ਅਤੇ ਸਾਬਕਾ ਸੈਨਿਕ ਏਕਤਾ ਸੁਸਾਇਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਦਰਸ਼ਨ ਸਿੰਘ ਅਤੇ ਅਵਤਾਰ ਸਿੰਘ ਫ਼ਕਰਸਰ ਨੇ ਸੰਬੋਧਨ ਕੀਤਾ।