ਜਸਵੰਤ ਜੱਸ
ਫ਼ਰੀਦਕੋਟ, 25 ਅਕਤੂਬਰ
ਪਿਛਲੇ ਕੁਝ ਸਮੇਂ ਤੋਂ ਪੰਜਾਬ ਸਰਕਾਰ ਵੱਲੋਂ ਸਰਹਿੰਦ ਅਤੇ ਰਾਜਸਥਾਨ ਫੀਡਰ ਨੂੰ ਪੱਕਾ ਕੀਤੇ ਜਾਣ ਦਾ ਫ਼ਰੀਦਕੋਟ ਸ਼ਹਿਰ ਵਿੱਚ ਵੱਡੇ ਪੱਧਰ ‘ਤੇ ਵਿਰੋਧ ਹੋ ਰਿਹਾ ਹੈ। ਪਹਿਲਾਂ ਹੀ ਫ਼ਰੀਦਕੋਟ ਦੀਆਂ ਸਾਰੀਆਂ ਸਮਾਜ ਸੇਵੀ ਸੰਸਥਾਵਾਂ, ਧਾਰਮਿਕ ਸੰਸਥਾਵਾਂ, ਵਪਾਰ ਮੰਡਲ, ਮੁਲਾਜ਼ਮ ਫਰੰਟ, ਪੈਨਸ਼ਨਰ ਐਸੋਸੀਏਸ਼ਨ ਅਤੇ ਸ਼ਹਿਰ ਨਿਵਾਸੀਆਂ ਵੱਲੋਂ ਮਿਲ ਕੇ ਜਲ ਜੀਵਨ ਬਚਾਓ ਮੋਰਚੇ ਦਾ ਗਠਨ ਕੀਤਾ ਗਿਆ ਸੀ ਅਤੇ ਪਿਛਲੇ ਦਿਨੀਂ ਜਲ ਜੀਵਨ ਬਚਾਓ ਮੋਰਚੇ ਵੱਲੋਂ ਸ਼ਹਿਰ ਵਿੱਚ ਦਸਤਖ਼ਤ ਮੁਹਿੰਮ ਚਲਾਈ ਗਈ ਜਿਸ ’ਚ ਸ਼ਹਿਰ ਨਿਵਾਸੀਆਂ ਨੇ ਵੱਡੀ ਗਿਣਤੀ ਵਿੱਚ ਦਸਤਖ਼ਤ ਕਰਕੇ ਮੋਰਚੇ ਦੀ ਹਮਾਇਤ ਕੀਤੀ। ਸਾਰੀਆਂ ਰਾਜਨੀਤਿਕ ਪਾਰਟੀਆਂ ਨੇ ਵੀ ਖੁੱਲ੍ਹ ਕੇ ਮੋਰਚੇ ਦਾ ਸਮਰਥਨ ਕਰਦੇ ਹੋਏ ਸਰਕਾਰ ਦੇ ਲੋਕ ਵਿਰੋਧੀ ਫ਼ੈਸਲੇ ਨੂੰ ਰੱਦ ਕਰਨ ਦੀ ਅਪੀਲ ਕੀਤੀ। ਜਲ-ਜੀਵਨ ਬਚਾਓ ਮੋਰਚੇ ਦੇ ਸਮਰਥਨ ਵਿੱਚ ਹੁਣ ਕਿਸਾਨ ਜਥੇਬੰਦੀਆਂ ਵੀ ਖੁੱਲ੍ਹ ਕੇ ਆ ਗਈਆਂ ਹਨ ਅਤੇ ਸਥਾਨਕ ਮਿਨੀ ਸਕੱਤਰੇਤ ਵਿੱਚ ਪੱਕਾ ਧਰਨਾ ਲਾ ਕੇ 27 ਅਕਤੂਬਰ ਨੂੰ ਵੱਧ ਤੋਂ ਵੱਧ ਲੋਕਾਂ ਨੂੰ ਇਸ ਧਰਨੇ ਵਿੱਚ ਸ਼ਾਮਲ ਹੋ ਕੇ ਸਰਕਾਰ ਤੱਕ ਆਵਾਜ਼ ਪਹੁੰਚਾਉਣ ਦੀ ਅਪੀਲ ਕੀਤੀ ਹੈ। ਵਾਤਾਵਰਣ ਪ੍ਰੇਮੀ ਸੰਦੀਪ ਅਰੋੜਾ, ਡਾ. ਪ੍ਰਿਤਪਾਲ ਸਿੰਘ, ਪ੍ਰੀਤਮ ਸਿੰਘ ਭਾਣਾ, ਵਰਿੰਦਰ ਸਿੰਘ ਗਿੱਲ, ਡਾ. ਧਰਮਵੀਰ, ਸ਼ਿਵਜੀਤ ਸਿੰਘ, ਗਗਨ ਪਾਹਵਾ ਅਤੇ ਕਰਮਜੀਤ ਸਿੰਘ ਨੇ ਕਿਹਾ ਕਿ ਮਾਲਵੇ ਵਿੱਚ ਧਰਤੀ ਹੇਠਲਾ ਪਾਣੀ ਖਾਰਾ ਹੈ ਅਤੇ ਮਾਲਵਾ ਵਿੱਚ ਇਨ੍ਹਾਂ ਦੋਹਾਂ ਨਹਿਰਾਂ ਦੇ ਪਾਣੀ ਰਿਸਣ ਕਾਰਨ ਆਸ-ਪਾਸ ਦੇ ਇਲਾਕਿਆਂ ਦਾ ਪਾਣੀ ਮਿੱਠਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਨਹਿਰਾਂ ਦੇ ਤਲੇ ਅਤੇ ਕਿਨਾਰੇ ਕੰਕਰੀਟ ਨਾਲ ਬਣਦੇ ਹਨ ਤਾਂ ਪਾਣੀ ਦਾ ਰਿਸਾਅ ਪੂਰੀ ਤਰ੍ਹਾਂ ਬੰਦ ਹੋ ਜਾਵੇਗਾ ਅਤੇ ਫਰੀਦਕੋਟ, ਫਿਰੋਜ਼ਪੁਰ, ਮੁਕਤਸਰ, ਫਾਜ਼ਿਲਕਾ ਆਦਿ ਜ਼ਿਲ੍ਹਿਆਂ ਵਿੱਚ ਪੀਣ ਵਾਲੇ ਪਾਣੀ ਦੀ ਵੱਡੀ ਸਮੱਸਿਆ ਖੜ੍ਹੀ ਹੋ ਜਾਵੇਗੀ। ਵਰਿੰਦਰ ਸਿੰਘ ਗਿੱਲ ਨੇ ਕਿਹਾ ਕਿ ਰਾਜਸਥਾਨ ਅਤੇ ਪੰਜਾਬ ਸਰਕਾਰ ਨੇ ਨਹਿਰਾਂ ਦੇ ਤਲੇ ਤੇ ਕਿਨਾਰੇ ਪੱਕੇ ਕਰਨ ਦੇ ਪ੍ਰੋਜੈਕਟ ਨੂੰ ਹਰੀ ਝੰਡੀ ਦੇ ਦਿੱਤੀ ਹੈ ਜਿਸ ਦਾ ਹਰ ਪੱਧਰ ‘ਤੇ ਵਿਰੋਧ ਕੀਤਾ ਜਾਵੇਗਾ। ਵਰਿੰਦਰ ਸਿੰਘ ਗਿੱਲ ਨੇ ਕਿਹਾ ਕਿ ਜੇਕਰ ਸਰਕਾਰ ਦਾ ਪ੍ਰੋਜੈਕਟ ਸ਼ੁਰੂ ਹੋ ਗਿਆ ਤਾਂ ਰਾਜਸਥਾਨ ਅਤੇ ਸਰਹਿੰਦ ਫੀਡਰ ਦੇ ਦੋਹਾਂ ਕਿਨਾਰਿਆਂ ‘ਤੇ ਲੱਗੇ ਲੱਖਾਂ ਰੁੱਖ ਵੀ ਪੁੱਟ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਜੇਕਰ ਨਹਿਰਾਂ ਪੱਕੀਆਂ ਕਰਨ ਦਾ ਇਹ ਲੋਕ ਵਿਰੋਧੀ ਫ਼ੈਸਲਾ ਇੰਨ ਬਿੰਨ ਲਾਗੂ ਹੋ ਜਾਂਦਾ ਹੈ ਤਾਂ ਫ਼ਰੀਦਕੋਟ ਸ਼ਹਿਰ ਅਤੇ ਲਾਗਲੇ ਪਿੰਡਾਂ ਵਿੱਚ ਪੀਣ ਵਾਲੇ ਪਾਣੀ ਦਾ ਵੱਡਾ ਸੰਕਟ ਖੜ੍ਹਾ ਹੋ ਜਾਵੇਗਾ।