ਹਰਿਆਣਾ ਸਰਕਾਰ ਦੇ ਜ਼ਮੀਨਾਂ ਐਕੁਆਇਰ ਕਰਨ ਦੇ ਫ਼ੈਸਲੇ ਦਾ ਵਿਰੋਧ
ਭਾਰਤੀ ਕਮਿਊਨਿਸਟ ਪਾਰਟੀ ਨੇ ਕਾਮਰੇਡ ਪਾਲਾ ਸਿੰਘ ਚੀਮਾ ਦੀ ਪ੍ਰਧਾਨਗੀ ਵਿੱਚ ਇੱਕ ਮੀਟਿੰਗ ਬਾਬਾ ਬੰਤਾ ਸਿੰਘ ਭਵਨ ਰਾਣੀਆਂ ’ਚ ਕੀਤੀ। ਇਸ ਦੌਰਾਨ ਹਰਿਆਣਾ ਸਰਕਾਰ ਵੱਲੋਂ ਸ਼ਹਿਰਾਂ ਨਾਲ ਲੱਗਦੇ ਪਿੰਡਾਂ ਦੀਆਂ ਵਾਹੀਯੋਗ ਜ਼ਮੀਨਾਂ ਨੂੰ ਸਰਕਾਰੀ ਪ੍ਰਾਜੈਕਟਾਂ ਲਈ ਐਕੁਆਇਰ ਕਰਨ ਦਾ ਵਿਰੋਧ ਕੀਤਾ ਗਿਆ ਅਤੇ ਆਉਣ ਵਾਲੇ ਦਿਨਾਂ ਵਿੱਚ ਵੱਡਾ ਅੰਦੋਲਨ ਛੇੜਨ ਦੀ ਚਿਤਾਵਨੀ ਦਿੱਤੀ ਗਈ। ਇਸ ਦੌਰਾਨ ਪਾਰਟੀ ਦੇ ਸੀਨੀਅਰ ਆਗੂ ਕਾਮਰੇਡ ਸੁਵਰਨ ਸਿੰਘ ਵਿਰਕ ਨੇ 7 ਸਤੰਬਰ 2025 ਨੂੰ ਸਿਰਸਾ ਦੇ ਸ਼ਹੀਦ ਕਰਤਾਰ ਸਿੰਘ ਸਰਾਭਾ ਭਵਨ ਵਿਖੇ ਪਾਰਟੀ ਦੇ 100ਵੇਂ ਸਥਾਪਨਾ ਦਿਵਸ ਸਮਾਗਮ ਦਾ ਸੱਦਾ ਦਿੰਦਿਆਂ ਪਾਰਟੀ ਦੇ ਸ਼ਾਨਦਾਰ ਜਨ ਸੰਘਰਸ਼ਾਂ ਦੇ ਇਤਿਹਾਸ ’ਤੇ ਚਾਨਣਾ ਪਾਇਆ। ਆਲ ਇੰਡੀਆ ਕਿਸਾਨ ਸਭਾ ਦੇ ਸੂਬਾਈ ਜਨਰਲ ਸਕੱਤਰ ਡਾ. ਸੁਖਦੇਵ ਸਿੰਘ ਜੰਮੂ ਨੇ ਕਿਹਾ ਕਿ 13 ਅਗਸਤ ਨੂੰ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤੇ ਟੈਕਸ ਮੁਕਤ ਵਿਸ਼ਵ ਵਪਾਰ ਸਮਝੌਤੇ ਵਿਰੁੱਧ ਟਰੰਪ ਅਤੇ ਮੋਦੀ ਦੇ ਪੁਤਲੇ ਸਾੜ ਕੇ ਕਾਰਪੋਰੇਟ ਭਾਰਤ ਛੱਡੋ ਪ੍ਰੋਗਰਾਮ ਤਹਿਤ ਦੇਸ਼ ਭਰ ਦੇ ਸਾਰੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਾਹਮਣੇ ਪ੍ਰਦਰਸ਼ਨ ਕੀਤੇ ਜਾਣਗੇ। ਮੀਟਿੰਗ ਦੌਰਾਨ ਸਮਾਰਟ ਮੀਟਰ ਲਗਾਉਣ ਦੀ ਸਰਕਾਰ ਦੀ ਯੋਜਨਾ ਦਾ ਵਿਰੋਧ ਕਰਨ ਦਾ ਪ੍ਰਸਤਾਵ ਵੀ ਪਾਸ ਕੀਤਾ ਗਿਆ।