ਪਰਮਜੀਤ ਸਿੰਘ
ਫਾਜ਼ਿਲਕਾ, 25,ਅਕਤੂਬਰ
ਪ੍ਰਸ਼ਾਸਨ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਵਿਚ ਧੜੱਲੇ ਨਾਲ ਅਧਿਆਪਕਾਂ ਦੀਆਂ ਬੀਐੱਲਓ ਡਿਊਟੀਆਂ ਲਾਈਆਂ ਜਾ ਰਹੀਆਂ ਹਨ। ਜਦਕਿ ਪਹਿਲਾਂ ਹੀ ਅਧਿਆਪਕਾਂ ਤੋਂ ਇਹ ਕੰਮ ਵੱਡੇ ਪੱਧਰ ’ਤੇ ਲਿਆ ਜਾ ਰਿਹਾ ਹੈ। ਸਿੱਖਿਆ ਅਧਿਕਾਰ ਐਕਟ 2009 ਦੇ ਤਹਿਤ ਅਧਿਆਪਕਾਂ ਤੋਂ ਗ਼ੈਰ-ਵਿੱਦਿਅਕ ਕੰਮ ਨਹੀਂ ਲਏ ਜਾ ਸਕਦੇ ਅਤੇ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦੇ ਸਕੱਤਰ ਵੱਲੋਂ ਬਕਾਇਦਾ ਤੌਰ ’ਤੇ ਕੁਝ ਵਿਸ਼ਿਆਂ ਦੇ ਅਧਿਆਪਕਾਂ ਨੂੰ ਇਸ ਕੰਮ ਵਿਚ ਨਾ ਲਗਾਏ ਜਾਣ ਦੇ ਸਬੰਧ ਵਿਚ ਪੱਤਰ ਵੀ ਜਾਰੀ ਕੀਤੇ ਗਏ ਹਨ। ਪਰ ਇਨ੍ਹਾਂ ਪੱਤਰਾਂ ਨੂੰ ਛਿੱਕੇ ਟੰਗ ਕੇ ਅਧਿਆਪਕਾਂ ਨੂੰ ਇਸ ਕੰਮ ਵਿਚ ਉਲਝਾਇਆ ਹੋਇਆ ਹੈ। ਡੀਟੀਐੱਫ. ਫਾਜ਼ਿਲਕਾ ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਕੋੜਿਆਂਵਾਲੀ, ਸਕੱਤਰ ਸੁਰਿੰਦਰ ਬਿੱਲਾਪੱਟੀ, ਵਿੱਤ ਸਕੱਤਰ ਰਿਸ਼ੂ ਸੇਠੀ, ਜ਼ਿਲ੍ਹਾ ਕਮੇਟੀ ਮੈਂਬਰ ਭਾਰਤ ਭੂਸ਼ਨ ਅਤੇ ਨਾਰੰਗ ਲਾਲ ਨੇ ਇਸ ਕਾਰਵਾਈ ਨਿਖੇਧੀ ਕੀਤੀ ਹੈ। ਉਨ੍ਹਾਂ ਫਾਜ਼ਿਲਕਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਅਧਿਆਪਕਾਂ ਨੂੰ ਇਸ ਡਿਊਟੀ ਤੋਂ ਮੁਕਤ ਕੀਤਾ ਜਾਵੇ।