ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 24 ਜੂਨ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਆਪਣਾ ਘਰ’ ਯੋਜਨਾ ਤਹਿਤ ਸਰਵੇ ਸਬੰਧੀ ਵੱਡੇ ਪੱਧਰ ’ਤੇ ਅਧਿਆਪਕਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।
ਡੈਮੋਕ੍ਰੈਟਿਕ ਟੀਚਰਜ਼ ਫਰੰਟ ਮੁਕਤਸਰ ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਹਰੀਕੇ, ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ (ਸਬੰਧਿਤ ਡੀਐੱਮਐੱਫ) ਦੇ ਜ਼ਿਲ੍ਹਾ ਪ੍ਰਧਾਨ ਪਵਨ ਕੁਮਾਰ ਅਤੇ ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਆਗੂ ਮਨਜੀਤ ਸਿੰਘ ਥਾਂਦੇਵਾਲਾ ਨੇ ਡਿਊਟੀਆਂ ਸਬੰਧੀ ਵਿਰੋਧ ਦਰਜ ਕਰਵਾਉਂਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਕੀਤੀ ਪਹਿਲੀ ਸੂਚੀ ਅਨੁਸਾਰ ਕੁੱਲ 241 ਵਿੱਚੋਂ 160 ਡਿਊਟੀਆਂ ਅਧਿਆਪਕਾਂ ਦੀਆਂ ਲਗਾਈਆਂ ਗਈਆਂ ਹਨ, ਜਿਹੜੀਆਂ ਕਿ 60 ਫ਼ੀਸਦੀ ਦੇ ਕਰੀਬ ਬਣਦੀਆਂ ਹਨ। ਅਧਿਆਪਕ ਆਗੂਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਧਿਆਪਕਾਂ ਦੀਆਂ ਗੈਰ ਵਿੱਦਿਅਕ ਡਿਊਟੀਆਂ ਤੁਰੰਤ ਖਾਰਜ ਕਰਨ ਦੀ ਮੰਗ ਕਰਦਿਆਂ ਅਧਿਆਪਕਾਂ ਨੂੰ ਕੇਵਲ ਅਤੇ ਕੇਵਲ ਵਿਦਿਆਰਥੀਆਂ ਦੀ ਪੜ੍ਹਾਈ ਤੱਕ ਸੀਮਤ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਸਲੇ ਦਾ ਸੰਜੀਦਾ ਅਤੇ ਵਾਜਬ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਕੀਤਾ ਜਾਵੇਗਾ।