ਪੱਤਰ ਪ੍ਰੇਰਕ
ਭੁੱਚੋ ਮੰਡੀ, 6 ਅਕਤੂਬਰ
ਕਿਰਤੀ ਕਿਸਾਨ ਯੂਨੀਅਨ ਨੇ ਵਿਧਾਨ ਸਭਾ ਵੱਲੋਂ ਜੁਮਲਾ ਮਸ਼ਤਰਕਾ ਮਾਲਕਾਨ ਜ਼ਮੀਨ (ਸਾਂਝੀ ਪੇਂਡੂ ਜ਼ਮੀਨ) ਦੀ ਪੂਰਨ ਮਾਲਕੀ ਗ੍ਰਾਮ ਪੰਚਾਇਤਾਂ ਨੂੰ ਦੇਣ ਲਈ ਪਾਸ ਕੀਤੇ ਬਿੱਲ ਦਾ ਵਿਰੋਧ ਕੀਤਾ ਹੈ। ਯੂਨੀਅਨ ਦੇ ਜ਼ਿਲ੍ਹਾ ਸਕੱਤਰ ਸਵਰਨ ਸਿੰਘ ਪੂਹਲੀ ਨੇ ਕਿਹਾ ਕਿ ਪੰਜਾਬ ਵਿਲੇਜ ਕਾਮਨ ਲੈਂਡਜ਼ (ਰੈਗੂਲੇਸ਼ਨ) ਐਕਟ 1961 ਦੀ ਧਾਰਾ 2 (ਜੀ) ਨੂੰ ਸੋਧ ਕੇ ਜੁਮਲਾ ਮਸ਼ਤਰਕਾ ਮਾਲਕਾਨ ਜ਼ਮੀਨ ਦੀ ਮਾਲਕੀ ਦੇ ਹੱਕ ਗ੍ਰਾਮ ਪੰਚਾਇਤ ਨੂੰ ਦੇਣ ਲਈ ਪਾਸ ਕੀਤੇ ਗਏ ਬਿਲ ਦੇ ਕਾਨੂੰਨ ਬਣਨ ਨਾਲ ਲੱਖਾਂ ਏਕੜ ਜ਼ਮੀਨ ਸਰਕਾਰ ਵੱਲੋਂ ਅਬਾਦਕਾਰ ਕਿਸਾਨਾਂ ਕੋਲੋਂ ਖੋਹ ਲਈ ਜਾਵੇਗੀ। ਇਸ ਨਾਲ ਲੱਖਾਂ ਕਿਸਾਨਾਂ ਦੀ ਰੋਜ਼ੀ-ਰੋਟੀ ਖੁੱਸ ਜਾਵੇਗੀ ਅਤੇ ਪੰਜਾਬ ਵਿੱਚ ਕਈ ਪਿੰਡ ਵੀ ਉੱਜੜ ਜਾਣਗੇ, ਕਿਉਂਕਿ ਬੇਜ਼ਮੀਨੇ ਕਿਸਾਨਾਂ ਨੇ ਪਿੰਡ ਵੀ ਇਸ ਸਾਂਝੀ ਜ਼ਮੀਨ ’ਤੇ ਵਸਾਏ ਹੋਏ ਹਨ। ਗ਼ਰੀਬ ਤੇ ਬੇਜ਼ਮੀਨੇ ਕਿਸਾਨਾਂ ਨੇ ਇੰਨਾਂ ਜ਼ਮੀਨਾਂ ਨੂੰ ਆਪਣੇ ਲਹੂ ਪਸੀਨੇ ਦੀ ਕਮਾਈ ਨਾਲ ਜਰਖੇਜ਼ ਬਣਾਇਆ ਹੈ। ਉਨ੍ਹਾਂ ਸਰਬਸੰਮਤੀ ਨਾਲ ਬਿਲ ਪਾਸ ਕਰਨ ਲਈ ਵਿਰੋਙੀ ਧਿਰਾਂ ਦੀ ਵੀ ਅਲੋਚਨਾ ਕੀਤੀ। ਉਨ੍ਹਾਂ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਇਸ ਬਿੱਲ ਨੂੰ ਵਾਪਸ ਲਿਆ ਜਾਵੇ ਤੇ ਪਿੰਡਾਂ ਦੀਆਂ ਸਾਂਝੀਆਂ ਜ਼ਮੀਨਾਂ ਦੇ ਅਬਾਦਕਾਰ ਕਿਸਾਨਾਂ ਨੂੰ ਮਾਲਕੀ ਹੱਕ ਦਿੱਤੇ ਜਾਣ।