ਪੱਤਰ ਪ੍ਰੇਰਕ
ਜੈਤੋ, 28 ਫਰਵਰੀ
ਹਲਕਾ ਜੈਤੋ ਤੋਂ ਕਾਂਗਰਸੀ ਉਮੀਦਵਾਰ ਦਰਸ਼ਨ ਸਿੰਘ ਢਿੱਲਵਾਂ ਦੀ ਪ੍ਰਧਾਨਗੀ ਵਿਚ ਹਲਕੇ ਦੇ ਕਾਂਗਰਸੀ ਸਰਪੰਚਾਂ ਦੀ ਇੱਥੇ ਹੋਈ ਮੀਟਿੰਗ ਵਿਚ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐੱਮਬੀ) ਸਬੰਧੀ ਕੇਂਦਰ ਸਰਕਾਰ ਵੱਲੋਂ ਲਏ ਤਾਜ਼ਾ ਫ਼ੈਸਲੇ ਦੀ ਸਖ਼ਤ ਆਲੋਚਨਾ ਕੀਤੀ ਹੈ। ਉਨ੍ਹਾਂ ਫ਼ੈਸਲਾ ਵਾਪਸ ਲੈਣ ਦੀ ਅਪੀਲ ਵੀ ਕੀਤੀ।
ਬੁਲਾਰਿਆਂ ਨੇ ਦੋਸ਼ ਲਾਇਆ ਕਿ ਮੋਦੀ ਸਰਕਾਰ ਦਾ ਇਹ ਫ਼ੈਸਲਾ ਦੇਸ਼ ਦੇ ਸੰਘੀ ਢਾਂਚੇ ਉੱਪਰ ਸਿੱਧਾ ਹਮਲਾ ਹੈ ਅਤੇ ਇਸ ਰਾਹੀਂ ਭਾਜਪਾ ਆਪਣੇ ਭਗਵਾਂ ਏਜੰਡੇ ਨੂੰ ਵੀ ਲਾਗੂ ਕਰ ਰਹੀ ਹੈ। ਕਾਂਗਰਸੀ ਆਗੂਆਂ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਤਾਜ਼ਾ ਫ਼ੈਸਲੇ ਸਮੇਤ ਪਹਿਲਾਂ ਲਏ ਗਏ ਸਾਰੇ ਪੰਜਾਬ ਵਿਰੋਧੀ ਫ਼ੈਸਲਿਆਂ ’ਤੇ ਨਜ਼ਰਸਾਨੀ ਕਰਨ ਅਤੇ ਪੰਜਾਬ ਦੇ ਹੱਕ ਬਹਾਲ ਕਰਨ।
ਪੰਜਾਬ ਦੇ ਹੱਕਾਂ ’ਤੇ ਡਾਕਾ ਮਾਰਿਆ: ‘ਆਪ’
ਬਠਿੰਡਾ (ਨਿੱਜੀ ਪੱਤਰ ਪ੍ਰੇਰਕ): ਆਮ ਆਦਮੀ ਪਾਰਟੀ ਦੇ ਆਗੂਆਂ ਨੇ ਇਥੇ ਮੀਟਿੰਗ ਕਰਕੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐੱਮਬੀ) ਵਿੱਚ ਪੰਜਾਬ ਦੀ ਪੱਕੀ ਨੁਮਾਇੰਦਗੀ ਖਤਮ ਕਰਨ ਦੇ ਕੇਂਦਰੀ ਫੈਸਲੇ ਦੀ ਸਖ਼ਤ ਨਿੰਦਾ ਕਰਦਿਆਂ ਇਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ। ‘ਆਪ’ ਦੇ ਬਠਿੰਡਾ (ਸ਼ਹਿਰੀ) ਦੇ ਜ਼ਿਲ੍ਹਾ ਪ੍ਰਧਾਨ ਨੀਲ ਗਰਗ ਅਤੇ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਗੁਰਜੰਟ ਸਿੰਘ ਸਿਵੀਆਂ ਦੀ ਅਗਵਾਈ ਵਿੱਚ ਅਹੁਦੇਦਾਰਾਂ ਦੀ ਹੋਈ ਮੀਟਿੰਗ ਵਿੱਚ ਬੀਬੀਐੱਮਬੀ ਮੋਦੀ ਸਰਕਾਰ ਦੇ ਇਸ ਫੈਸਲੇ ਨੂੰ ਤੁਗ਼ਲਕੀ ਕਰਾਰ ਦਿੰਦਿਆਂ ਇਸ ਦਾ ਵਿਰੋਧ ਕੀਤਾ ਗਿਆ।