ਪੱਤਰ ਪ੍ਰੇਰਕ
ਭੁੱਚੋ ਮੰਡੀ, 8 ਸਤੰਬਰ
ਜੀਐੱਚਟੀਪੀ ਠੇਕਾ ਮੁਲਾਜ਼ਮ ਯੂਨੀਅਨ (ਆਜ਼ਾਦ) ਥਰਮਲ ਪਲਾਂਟ ਲਹਿਰਾ ਮੁਹੱਬਤ ਨੇ ਸਰਕਾਰ ਵੱਲੋਂ ਪੰਜਾਬ ਵਿੱਚ ਪ੍ਰੀਪੇਡ ਸਮਾਰਟ ਬਿਜਲੀ ਮੀਟਰ ਲਗਾਉਣ ਦੇ ਕੀਤੇ ਹੁਕਮਾਂ ਦਾ ਵਿਰੋਧ ਕੀਤਾ ਹੈ। ਯੂਨੀਅਨ ਦੇ ਆਗੂਆਂ ਜਗਰੂਪ ਸਿੰਘ, ਜਗਸੀਰ ਸਿੰਘ ਭੰਗੂ, ਬਾਦਲ ਸਿੰਘ ਭੁੱਲਰ ਅਤੇ ਬਲਜਿੰਦਰ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਨਾਲ ਗਰੀਬ ਲੋਕਾਂ ਨੂੰ ਭਾਰੀ ਸਮੱਸਿਆ ਆਵੇਗੀ। ਕਾਰਪੋਰੇਟ ਕੰਪਨੀਆਂ ਨੂੰ ਮੋਟਾ ਮੁਨਾਫਾ ਹੋਵੇਗਾ, ਪਰ ਮੀਟਰ ਰੀਡਰ, ਲੈਜ਼ਰ ਕਲਰਕ, ਬਿੱਲ ਵੰਡਕ ਅਤੇ ਕੈਸ਼ੀਅਰ ਸਮੇਤ ਚਾਰ ਪੋਸਟਾਂ ਖ਼ਤਮ ਹੋ ਜਾਣਗੀਆਂ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਇਸ ਫੈਸਲੇ ਨੂੰ ਵਾਪਸ ਲਿਆ ਜਾਵੇ।