ਥਰਮਲ ਦੀ ਜ਼ਮੀਨ ਵੇਚਣ ਦੇ ਫ਼ੈਸਲੇ ਦਾ ਵਿਰੋਧ
ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਜਥੇਬੰਦੀ ਦੀ ਮੀਟਿੰਗ ਪਿੰਡ ਸ਼ਾਹਵਾਲਾ ਵਿੱਚ ਹੋਈ। ਇਸ ਦੌਰਾਨ ਸੂਬਾ ਪ੍ਰੈੱਸ ਅਤੇ ਵਿੱਤ ਸਕੱਤਰ ਮੰਗਲ ਸਿੰਘ ਸੰਧੂ ਸ਼ਾਹਵਾਲਾ ਤੇ ਸੂਬਾ ਜਨਰਲ ਸਕੱਤਰ ਜਸਵੀਰ ਸਿੰਘ ਝਾਮਕਾ ਨੇ ਕਿਹਾ ਕਿ ‘ਆਪ’ ਸਰਕਾਰ ਵੱਲੋਂ ਵਿਕਾਸ ਤੇ ਨਿਵੇਸ਼ ਦੇ ਨਾਂ ਹੇਠ ਸਰਕਾਰੀ ਅਦਾਰਿਆਂ ਦੀਆਂ ਜ਼ਮੀਨਾਂ ਵੇਚਣ ਦੇ ਹੱਲੇ ਨੂੰ ਤੇਜ਼ ਕਰਦਿਆਂ ਥਰਮਲ ਬਠਿੰਡਾ ਦੀ ਜ਼ਮੀਨ ਵੇਚਣ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਪਹਿਲਾਂ ਹੀ ਸਰਕਾਰ ਸਰਕਾਰੀ ਵਿਭਾਗਾਂ ਤੇ ਅਦਾਰਿਆਂ ਦੀਆਂ 26 ਜਾਇਦਾਦਾਂ ਵੇਚਣ ਦੀ ਨਿਸ਼ਾਨਦੇਹੀ ਕਰ ਚੁੱਕੀ ਹੈ। ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਜਥੇਬੰਦੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਜ਼ਮੀਨਾਂ ਵੇਚਣ ਦੀ ਨੀਤੀ ਦਾ ਵਿਰੋਧ ਕਰਨ। ਆਗੂਆਂ ਨੇ ਅੱਗੇ ਕਿਹਾ ਕਿ ਜੱਥੇਬੰਦੀ ਸਰਕਾਰ ਦੇ ਇਸ ਫੈਸਲੇ ਦਾ ਡਟ ਕੇ ਵਿਰੋਧ ਕਰੇਗੀ।
ਇਸ ਮੌਕੇ ਜ਼ਿਲ੍ਹਾ ਪ੍ਰੈੱਸ ਸਕੱਤਰ ਦੀਪਕ ਭਾਰਗੋ, ਬਲਾਕ ਪ੍ਰਧਾਨ ਜ਼ੀਰਾ ਗੁਰਪ੍ਰੀਤ ਸਿੰਘ ਭੁੱਲਰ, ਸਾਬਕਾ ਸਰਪੰਚ ਗੁਰਮੇਲ ਸਿੰਘ, ਲੰਬੜਦਾਰ ਲਖਬੀਰ ਸਿੰਘ ਸਲਾਹਕਾਰ ਜ਼ੀਰਾ, ਬਲਾਕ ਆਗੂ ਬਲਜਿੰਦਰ ਸਿੰਘ ਸੰਧੂ, ਖ਼ਜਾਨਚੀ ਹਰਮੰਦਰ ਸਿੰਘ ਸੰਧੂ ਆਦਿ ਹਾਜ਼ਰ ਸਨ।
