
ਖੇਤਰੀ ਪ੍ਰਤੀਨਿਧ
ਬਰਨਾਲਾ, 27 ਮਾਰਚ
ਜਮਹੂਰੀ ਅਧਿਕਾਰ ਸਭਾ ਪੰਜਾਬ ਵੱਲੋਂ ਸੱਤ ਅਪਰੈਲ ਨੂੰ ਬਰਨਾਲਾ ਵਿੱਚ ਸੂਬਾ ਪੱਧਰੀ ਸਮਾਗਮ ਕਰ ਕੇ ‘ਕਾਲੇ ਕਾਨੂੰਨ ਵਿਰੋਧੀ ਦਿਹਾੜਾ’ ਮਨਾਉਣ ਦਾ ਫ਼ੈਸਲਾ ਲਿਆ ਗਿਆ ਹੈ। ਸਭਾ ਦੇ ਸੂਬਾ ਪ੍ਰਧਾਨ ਪ੍ਰੋ. ਜਗਮੋਹਣ ਸਿੰਘ, ਜਰਨਲ ਸਕੱਤਰ ਪ੍ਰਿਤਪਾਲ ਸਿੰਘ ਤੇ ਪ੍ਰੈੱਸ ਸਕੱਤਰ ਅਮਰਜੀਤ ਸ਼ਾਸਤਰੀ ਨੇ ਕਿਹਾ ਕਿ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਵਾਲਿਆਂ ਦੇ ਜੁਰਮਾਂ ਨੂੰ ਆਮ ਕਾਨੂੰਨਾਂ ਮੁਤਾਬਕ ਨਜਿੱਠਿਆ ਜਾਣਾ ਚਾਹੀਦਾ ਹੈ ਨਾ ਕਿ ਐੱਨਐੱਸਏ ਤਹਿਤ। ਉਨ੍ਹਾਂ ਕਿਹਾ ਕਿ ਐੱਨਐੱਸਏ ਕਾਲਾ ਕਾਨੂੰਨ ਹੈ ਜਿਹੜਾ ਰਾਜਤੰਤਰ ਨੂੰ ਆਪਹੁਦਰੇ ਢੰਗ ਨਾਲ ਲੋਕਾਂ ਨੂੰ ਜੇਲ੍ਹ ਵਿਚ ਰੱਖਣ ਦਾ ਸਾਧਨ ਬਣਦਾ ਹੈ। ਆਗੂਆਂ ਦੱਸਿਆ ਕਿ ਪੰਜਾਬ ਦੇ ਲੋਕ ਫ਼ਿਰਕਾਪ੍ਰਸਤ ਚਾਲਾਂ ਨੂੰ ਪਛਾਣਦੇ ਹੋਏ ਅਜਿਹੇ ਅਨਸਰਾਂ ਨੂੰ ਹੁੰਗਾਰਾ ਨਹੀਂ ਦਿੰਦੇ। ਪਿਛਲੇ ਸਾਲ ਵੀ ਪਟਿਆਲੇ ਵਿਚ ਫ਼ਿਰਕੂ ਚਾਲਾਂ ਨੂੰ ਜਨਤਾ ਨੇ ਅਸਫ਼ਲ ਕੀਤਾ ਸੀ। ਆਗੂਆਂ ਇਨਸਾਫ਼ ਪਸੰਦ ਲੋਕਾਂ ਨੂੰ ਇਨ੍ਹਾਂ ਕਾਲੇ ਕਾਨੂੰਨ ਨੂੰ ਰੱਦ ਕਰਨ ਦੀ ਮੰਗ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਜਮਹੂਰੀ ਅਧਿਕਾਰ ਸਭਾ ਪੰਜਾਬ ਵੱਲੋਂ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ 7 ਅਪਰੈਲ ਨੂੰ ਬਰਨਾਲਾ ਵਿੱਚ ਸੂਬਾ ਪੱਧਰੀ ਚੇਤਨਾ ਕਨਵੈਨਸ਼ਨ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ