ਪੱਤਰ ਪ੍ਰੇਰਕ
ਮਾਨਸਾ, 29 ਅਪਰੈਲ
ਪ੍ਰਸ਼ਾਸਨ ਨੇ ਨਰਮੇ ਦੀ ਖ਼ਰਾਬ ਹੋਈ ਫ਼ਸਲ ਦਾ ਮਜ਼ਦੂਰਾਂ ਨੂੰ ਮਿਲਣ ਵਾਲੇ ਮੁਆਵਜ਼ੇ ਲਈ ਬਾਕਾਇਦਾ ਸੂਚੀਆਂ ਬਣਾਉਣ ਦਾ ਕੰਮ ਆਰੰਭ ਦਿੱਤਾ ਹੈ। ਇਸ ਸਬੰਧੀ ਅੱਜ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਐੱਸਡੀਐਮਜ਼ ਨੂੰ ਪਿੰਡਾਂ ਵਿਚਲੇ ਯੋਗ ਖੇਤ ਮਜ਼ਦੂਰਾਂ ਨੂੰ ਮੁਆਵਜ਼ਾ ਦੇਣ ਲਈ 10 ਦਿਨਾਂ ਦੇ ਅੰਦਰ ਸੂਚੀ ਤਿਆਰ ਕਰਨ ਦੇ ਹੁਕਮ ਜਾਰੀ ਕੀਤੇ ਹਨ। ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਤੇ ਤਹਿਸੀਲਦਾਰਾਂ ਨੂੰ ਹਦਾਇਤ ਕੀਤੀ ਕਿ ਪੰਚਾਇਤੀ ਜ਼ਮੀਨਾਂ ’ਤੇ ਕਬਜ਼ਿਆਂ ਨੂੰ ਹਟਾਉਣ ਲਈ ਕਾਰਵਾਈ ਅਮਲ ’ਚ ਲਿਆਂਦੀ ਜਾਵੇ।
ਡੀਸੀ ਨੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ
ਬਰਨਾਲਾ (ਖੇਤਰੀ ਪ੍ਰਤੀਨਿਧ): ਡਿਪਟੀ ਕਮਿਸ਼ਨਰ ਹਰੀਸ਼ ਨਇਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ’ਚ ਪੇਂਡੂ ਵਿਕਾਸ ਤੇ ਪੰਚਾਇਤੀ ਰਾਜ ਵਿਭਾਗ ਸਣੇ ਜੰਗਲਾਤ ਵਿਭਾਗ, ਰੁਜ਼ਗਾਰ ਬਿਊਰੋ, ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਦੀਆਂ ਸਕੀਮਾਂ ਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਦਾ ਜਾਇਜ਼ਾ ਲਿਆ। ਡੀ.ਸੀ. ਨੇ ਪੇਂਡੂ ਵਿਕਾਸ ਵਿਭਾਗ ਨੂੰ ਪਿੰਡਾਂ ਵਿੱਚ ਛੱਪੜਾਂ ਦੀ ਸਫ਼ਾਈ, ਮਗਨਰੇਗਾ ਅਧੀਨ ਕੰਮ, ਖੇਡ ਮੈਦਾਨਾਂ ਦੇ ਕੰਮਾਂ ਵਿੱਚ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਗਈ ਕਿ ਜ਼ਿਲ੍ਹੇ ਦੇ ਵੱਧ ਤੋਂ ਵੱਧ ਸਕੂਲਾਂ ਵਿੱਚ ਖੇਡ ਦੇ ਮੈਦਾਨ ਬਣਾਉਣ ਲਈ ਜਗ੍ਹਾ ਦੀ ਪਛਾਣ ਕੀਤੀ ਜਾਵੇ।