ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 28 ਨਵੰਬਰ
ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਇੱਥੇ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਜ਼ਿਲ੍ਹੇ ਭਰ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ। ਮੀਟਿੰਗ ਵਿੱਚ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ, ਡਿਪਟੀ ਕਮਿਸ਼ਨਰ ਫ਼ਰੀਦਕੋਟ ਵਿਮਲ ਕੁਮਾਰ ਸੇਤੀਆ ਅਤੇ ਉੱਚ ਪ੍ਰਸ਼ਾਸਨਿਕ ਅਧਿਕਾਰੀ ਸ਼ਾਮਿਲ ਹੋਏ।
ਮੀਟਿੰਗ ਵਿੱਚ ਲੋਕਾਂ ਨੇ ਪ੍ਰਸ਼ਾਸਨ ਖਿਲਾਫ਼ ਸ਼ਿਕਾਇਤ ਦਰਜ ਕਰਵਾਈ ਕਿ ਸਕੱਤਰੇਤ ਦੇ ਬਾਹਰਵਾਰ ਮੰਡੀ ਨੂੰ ਜਾਂਦੀ ਪੱਕੀ ਸੜਕ ਉੱਪਰ ਜ਼ਿਲ੍ਹਾ ਪ੍ਰਸ਼ਾਸਨ ਨੇ ਆਪਣੀ ਕਮਾਈ ਲਈ ਗੈਰਕਾਨੂੰਨੀ ਬੈਰੀਅਰ ਲਾ ਕੇ ਇਹ ਸੜਕ ਠੇਕੇ ਉੱਪਰ ਦੇ ਦਿੱਤੀ ਹੈ ਜੋ ਇੱਥੋਂ ਲੰਘਣ ਵਾਲੇ ਲੋਕਾਂ ਤੋਂ ਗੈਰ ਕਾਨੂੰਨੀ ਤਰੀਕੇ ਨਾਲ ਪੈਸੇ ਵਸੂਲ ਰਹੇ ਹਨ।
ਮੁੱਖ ਮੰਤਰੀ ਸਿਆਸੀ ਸਲਾਹਕਾਰ ਕੁਸ਼ਲਦੀਪ ਸਿੰਘ ਢਿੱਲੋਂ ਨੇ ਇਸ ਬੈਰੀਅਰ ਨੂੰ ਬੰਦ ਕਰਨ ਦੇ ਹੁਕਮ ਦਿੱਤੇ। ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਮੀਟਿੰਗ ਦੌਰਾਨ ਲੋਕਾਂ ਨੇ ਸ਼ਹਿਰ ਦੀ ਭਲਾਈ ਲਈ ਅਹਿਮ ਸੁਝਾਅ ਦਿੱਤੇ ਹਨ ਜਿਨ੍ਹਾਂ ਨੂੰ ਬਿਨਾਂ ਦੇਰੀ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਖਿਲਾਫ਼ ਆਈਆਂ ਸ਼ਿਕਾਇਤਾਂ ਦਾ ਨਬਿੇੜਾ ਪਹਿਲ ਦੇ ਆਧਾਰ ’ਤੇ ਹੋਵੇਗਾ। ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਦੇ ਕੰਮਾਂ ਦਾ ਨਬਿੇੜਾ ਤੇਜ਼ੀ ਨਾਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਸੀਵਰੇਜ ਪ੍ਰਾਜੈਕਟ ਬਹੁਤ ਜਲਦ ਮੁਕੰਮਲ ਕੀਤਾ ਜਾ ਰਿਹਾ ਹੈ।