ਪੱਤਰ ਪ੍ਰੇਰਕ
ਭੁੱਚੋ ਮੰਡੀ, 23 ਫਰਵਰੀ
ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਮੁੱਖ ਗੇਟ ’ਤੇ ਸਾਂਝਾ ਫੋਰਮ ਪੰਜਾਬ ਅਤੇ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਸੱਦੇ ’ਤੇ ਯੂਟੀ ਮੁਲਾਜ਼ਮਾਂ ਦੇ ਸੰਘਰਸ਼ ਦੇ ਸਮਰਥਨ ਵਿੱਚ ਵੱਖ ਵੱਖ ਜੱਥੇਬੰਦੀਆਂ ਵੱਲੋਂ ਸਾਂਝੀ ਰੋਸ ਰੈਲੀ ਕੀਤੀ ਗਈ। ਇਸ ਮੌਕੇ ਵੱਖ ਵੱਖ ਜੱਥੇਬੰਦੀਆਂ ਦੇ ਆਗੂ ਜਗਜੀਤ ਸਿੰਘ ਕੋਟਲੀ, ਅਮਰਜੀਤ ਸਿੰਘ ਮੰਗਲੀ, ਬਲਜੀਤ ਸਿੰਘ ਬਰਾੜ ਬੋਦੀ ਵਾਲਾ, ਲਖਵੰਤ ਸਿੰਘ ਬਾਂਡੀ, ਕਿਰਨਜੀਤ ਸਿੰਘ, ਵਿਜੈ ਕੁਮਾਰ ਆਦਿ ਨੇ ਕਿਹਾ ਕਿ ਕੇਂਦਰ ਸਰਕਾਰ ਹਰ ਵਿਭਾਗ ਦਾ ਨਿੱਜੀਕਰਨ ਕਰਨ ’ਤੇ ਤੁਲੀ ਹੋਈ ਹੈ। ਏਅਰਪੋਰਟ, ਡਰਾਈ ਪੋਰਟ ਅਤੇ ਰੇਲਵੇ ਤੋਂ ਬਾਅਦ ਹੁਣ ਚੰਡੀਗੜ੍ਹ ਦਾ ਬਿਜਲੀ ਵਿਭਾਗ ਵੇਚਣਾ ਚਾਹੁੰਦੀ ਹੈ, ਜੋ ਮੁਨਾਫੇ ਵਿੱਚ ਹੈ। ਵਿਭਾਗ ਦੀ ਜਾਇਦਾਦ ਕਰੀਬ 25000 ਕਰੋੜ ਦੀ ਹੈ, ਜਿਸ ਨੂੰ ਸਿਰਫ 871 ਕਰੋੜ ਵਿੱਚ ਵੇਚ ਦਿੱਤਾ ਗਿਆ ਹੈੇ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਜਥੇਬੰਦੀਆਂ ਚੰਡੀਗੜ੍ਹ ਦੇ ਬਿਜਲੀ ਮੁਲਾਜ਼ਮਾਂ ਨਾਲ ਮੋਢੇ ਨਾਲ ਮੋਢਾ ਲਾ ਕੇ ਖੜੀਆਂ ਹਨ।
ਜ਼ੀਰਾ (ਪੱਤਰ ਪ੍ਰੇਰਕ): ਪੀਐੈੱਸਈਬੀ ਜੁਆਇੰਟ ਫੋਰਮ ਉਪਮੰਡਲ ਜ਼ੀਰਾ ਦੇ ਕਰਮਚਾਰੀਆਂ ਨੇ ਚੰਡੀਗੜ੍ਹ ਦੇ ਬਿਜਲੀ ਕਾਮਿਆਂ ਦੇ ਸੰਘਰਸ਼ ਦੀ ਹਮਾਇਤ ਵਿੱਚ ਅੱਜ ਰੋਸ ਰੈਲੀ ਕੀਤੀ। ਰੋਸ ਰੈਲੀ ਨੂੰ ਮਨਜੀਤ ਸਿੰਘ, ਜਗਦੇਵ ਸਿੰਘ, ਤਰਸੇਮ ਸਿੰਘ ਸਰਕਲ ਪ੍ਰਧਾਨ, ਅਵਤਾਰ ਸਿੰਘ ਬਾਠ, ਸੁਖਦੇਵ ਸਿੰਘ ਬੱਗੀ ਆਦਿ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਸਰਕਾਰੀ ਅਦਾਰਿਆਂ ਦਾ ਭੋਗ ਪਾਉਣ ’ਤੇ ਤੁਲੀ ਹੋਈ ਹੈ। ਉਨ੍ਹਾਂ ਨੇ ਹੜਤਾਲੀ ਕਰਮਚਾਰੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਸਮੁੱਚੇ ਬਿਜਲੀ ਕਾਮੇ ਉਨ੍ਹਾਂ ਦੇ ਨਾਲ ਹਨ ਤੇ ਜੇਕਰ ਸਰਕਾਰ ਵੱਲੋਂ ਫ਼ੈਸਲਾ ਨਾ ਬਦਲਿਆ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਸਿਰਸਾ(ਨਿੱਜੀ ਪੱਤਰ ਪ੍ਰੇਰਕ): ਹਰਿਆਣਾ ਸਟੇਟ ਇਲੈਕਟ੍ਰੀਸਿਟੀ ਵਰਕਰਜ਼ ਯੂਨੀਅਨ ਦੇ ਬੈਨਰ ਹੇਠ ਬਿਜਲੀ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਬਰਨਾਲਾ ਰੋਡ ਸਥਿਤ ਬਿਜਲੀ ਘਰ ਸਾਹਮਣੇ ਧਰਨਾ ਦਿੱਤਾ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਦੀ ਅਗਵਾਈ ਯੂਨੀਅਨ ਦੇ ਸਰਕਲ ਸਕੱਤਰ ਸਤਿੰਦਰ ਮੋਂਗਾ ਨੇ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਤੇ ਬਿਜਲੀ ਨਿਗਮ ਦੇ ਉੱਚ ਅਧਿਕਾਰੀ ਕਰਮਚਾਰੀਆਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰ ਰਹੇ ਹਨ। ਉਨ੍ਹਾਂ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਦਿੱਤੀ।
ਬਠਿੰਡਾ (ਪੱਤਰ ਪ੍ਰੇਰਕ): ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਬਿਜਲੀ ਕਾਮਿਆਂ ਦੀ ਹੜਤਾਲ ਨੂੰ ਕੁਚਲਣ ਲਈ ਜ਼ਰੂਰੀ ਸੇਵਾਵਾਂ ਐਕਟ (ਐਸਮਾ) ਲਾਏ ਜਾਣ ਦਾ ਡਟਵਾਂ ਵਿਰੋਧ ਕਰਦਿਆਂ ਜਮਹੂਰੀ ਅਧਿਕਾਰ ਸਭਾ ਨੇ ਲੋਕਾਂ ਨੂੰ ਇਸ ਵਿਰੁੱਧ ਆਵਾਜ਼ ਬੁਲੰਦ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੀਆਂ ਹਦਾਇਤਾਂ ’ਤੇ ਯੂਟੀ ਪ੍ਰਸ਼ਾਸਨ ਬਿਜਲੀ ਐਕਟ-2003 ਦੀਆਂ ਧੱਜੀਆਂ ਉਡਾ ਕੇ ਗੈਰ-ਕਾਨੂੰਨੀ ਢੰਗ ਨਾਲ ਮਹਿਜ਼ ਦੋ ਸਾਲ ਪਹਿਲਾਂ ਹੋਂਦ ਵਿੱਚ ਆਈ ਬਿਜਲੀ ਵੇਚਣ ਵਾਲੀ ਕੰਪਨੀ ਕੋਲ ਬਿਜਲੀ ਵਿਭਾਗ ਨੂੰ ਵੇਚ ਰਿਹਾ ਹੈ। ਜਮਹੂਰੀ ਅਧਿਕਾਰ ਸਭਾ ਨੇ ਹੜਤਾਲ ਵਿਰੁੱਧ ਐਸਮਾ ਲਗਾਏ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਮੰਗ ਕੀਤੀ ਹੈ ਕਿ ਹੜਤਾਲੀ ਕਾਮਿਆਂ ਨਾਲ ਤੁਰੰਤ ਬਿਨਾਂ ਸ਼ਰਤ ਗੱਲਬਾਤ ਕੀਤੀ ਜਾਵੇ ਅਤੇ ਬਿਜਲੀ ਵਿਭਾਗ ਦੇ ਨਿੱਜੀਕਰਨ ਦਾ ਫ਼ੈਸਲਾ ਵਾਪਸ ਲਿਆ ਜਾਵੇ
ਬਰਨਾਲਾ (ਪ੍ਰਤੀਨਿਧ): ਇਨਕਲਾਬੀ ਕੇਂਦਰ ਪੰਜਾਬ ਨੇ ਚੰਡੀਗੜ੍ਹ ਦੇ ਬਿਜਲੀ ਮੁਲਾਜ਼ਮਾਂ ਖ਼ਿਲਾਫ਼ ਐਸਮਾ ਲਗਾਉਣ ਦੇ ਫੈਸਲੇ ਦੀ ਸਖ਼ਤ ਨਿੰਦਾ ਕਰਦਿਆਂ ਇਸ ਨੂੰ ਤੁਰੰਤ ਹਟਾਉਣ ਦੀ ਮੰਗ ਕੀਤੀ ਹੈ। ਜਥੇਬੰਦੀ ਦੇ ਪ੍ਰਧਾਨ ਨਰਾਇਣ ਦੱਤ ਅਤੇ ਜਨਰਲ ਸਕੱਤਰ ਕੰਵਲਜੀਤ ਖੰਨਾ ਨੇ ਕਿਹਾ ਕਿ ਯੂਟੀ ਦਾ ਬਿਜਲੀ ਬੋਰਡ ਕਲਕੱਤਾ ਦੀ ਇੱਕ ਨਿਜੀ ਕੰਪਨੀ ਨੂੰ ਕੌਡੀਆਂ ਦੇ ਭਾਅ ਵੇਚਣ ਦਾ ਅਮਲ ਸ਼ੁਰੂ ਕਰ ਦਿੱਤਾ ਗਿਆ ਹੈ ਜੋ ਠੀਕ ਨਹੀਂ ਹੈ।
ਬਿਜਲੀ ਕੱਟਾਂ ਖ਼ਿਲਾਫ਼ ਪ੍ਰਦਰਸ਼ਨ ਅੱਜ
ਜੈਤੋ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਇਕਾਈ ਰੋੜੀਕਪੂਰਾ ਨੇ ਚਿਤਾਵਨੀ ਦਿੱਤੀ ਹੈ ਕਿ ਜੇ ਪਾਵਰਕੌਮ ਨੇ ਦਿਹਾਤੀ ਖੇਤਰਾਂ ’ਚ ਲੱਗਦੇ ਬਿਜਲੀ ਕੱਟਾਂ ਨੂੰ ਖਤਮ ਨਾ ਕੀਤਾ ਤਾਂ ਉਹ 24 ਫਰਵਰੀ ਤੋਂ ਬਿਜਲੀ ਦਫ਼ਤਰ ਜੈਤੋ ਅੱਗੇ ਬੇਮਿਆਦੀ ਧਰਨਾ ਸ਼ੁਰੂ ਕਰੇਗਾ। ਯੂਨੀਅਨ ਵੱਲੋਂ ਇਕਾਈ ਦੇ ਪ੍ਰਧਾਨ ਬਸੰਤ ਸਿੰਘ ਮਾਨ ਦੀ ਅਗਵਾਈ ਵਿੱਚ ਇਕ ਵਫ਼ਦ ਇਸ ਸਬੰਧੀ ਅਧਕਾਰੀਆਂ ਨੂੰ ਮਿਲਿਆ ਪਰ ਉਹ ਕੋਈ ਤਸੱਲੀਬਖ਼ਸ਼ ਉੱਤਰ ਨਾ ਮਿਲਣ ਪਿੱਛੋਂ ਧਰਨਾ ਦੇਣ ਦਾ ਫੈਸਲਾ ਕੀਤਾ ਗਿਆ ਹੈ।