Paddy Arrival in Tapa: ਤਪਾ ਦੀ ਅਨਾਜ ਮੰਡੀ ’ਚ ਝੋਨੇ ਦੀ ਆਮਦ
ਨਿਰਧਾਰਤ ਮਾਪਦੰਡਾਂ ਅਨੁਸਾਰ ਸਰਕਾਰੀ ਖ਼ਰੀਦ ਅੱਜ ਤੋਂ: ਸਕੱਤਰ
ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋਣ ਤੋਂ ਇੱਕ ਦਿਨ ਪਹਿਲਾਂ ਹੀ ਤਪਾ ਦੀ ਅੰਦਰਲੀ ਅਨਾਜ ਮੰਡੀ ਵਿੱਚ ਪਰਮਲ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ। ਅਨਾਜ ਮੰਡੀ ਵਿੱਚ ਕਿਸਾਨ ਕੇਵਲ ਸਿੰਘ ਪੁੱਤਰ ਦਰਸ਼ਨ ਸਿੰਘ ਵੱਲੋਂ ਪਰਮਲ ਝੋਨੇ ਦੀ ਢੇਰੀ ਲਿਆਂਦੀ ਗਈ। ਇਸੇ ਤਰ੍ਹਾਂ ਤਾਜੋ ਵਾਸੀ ਕਿਸਾਨ ਬਲਵੀਰ ਸਿੰਘ ਨੇ ਆਪਣੀ ਫ਼ਸਲ ਪਹੁੰਚਾਈ। ਮਾਰਕੀਟ ਕਮੇਟੀ ਤਪਾ ਦੇ ਸਕੱਤਰ ਹਰਦੀਪ ਸਿੰਘ ਗਿੱਲ ਨੇ ਦੱਸਿਆ ਕਿ ਸਰਕਾਰ ਵੱਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਪਰਮਲ ਝੋਨੇ ਦੀ ਸਰਕਾਰੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਕਿਸਮ ਦੇ ਝੋਨੇ ਲਈ ਸਰਕਾਰੀ ਭਾਅ 2461 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਖ਼ਰੀਦ ਕੇਂਦਰਾਂ ਵਿੱਚ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਐੱਸ ਡੀ ਐੱਮ ਨੇ ਖ਼ਰੀਦ ਏਜੰਸੀਆਂ ਨਾਲ ਮੀਟਿੰਗ ਕੀਤੀ
ਤਪਾ ਦੇ ਐੱਸ ਡੀ ਐੱਮ ਆਯੁਸ਼ ਗੋਇਲ ਵੱਲੋਂ ਝੋਨੇ ਦੀ ਖ਼ਰੀਦ ਦੇ ਪ੍ਰਬੰਧਾਂ ਬਾਰੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਮੰਡੀਆਂ ਵਿੱਚ ਕਿਸਾਨਾਂ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਫ਼ਸਲ ਦੀ ਆਮਦ ਅਤੇ ਸਾਰੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਰੱਖੇ ਜਾਣ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਆੜ੍ਹਤੀਆਂ ਨੂੰ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਸੁਕਾ ਕੇ ਹੀ ਮੰਡੀ ਵਿੱਚ ਲਿਆਉਣ। ਇਸ ਮੌਕੇ ਮਾਰਕੀਟ ਕਮੇਟੀ ਤਪਾ ਦੇ ਸਕੱਤਰ ਹਰਦੀਪ ਸਿੰਘ, ਆੜ੍ਹਤੀਆ ਐਸੋਸੀਏਸ਼ਨ ਭਦੌੜ ਦੇ ਪ੍ਰਧਾਨ ਮੁਨੀਸ਼ ਕੁਮਾਰ, ਮਾਰਕਫੈਡ ਮੈਨੇਜਰ ਇੰਸਪੈਕਟਰ ਮਹਿੰਦਰ ਪਾਲ, ਇੰਸਪੈਕਟਰ ਮੋਹਿਤ ਗੋਇਲ ਸਮੇਤ ਅਧਿਕਾਰੀ ਹਾਜ਼ਰ ਸਨ।

