ਮਾਲਵਾ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਫ਼ਸਲ ਵਿਕਣੀ ਸ਼ੁਰੂ ਹੋ ਗਈ ਹੈ। ਇਹ ਪਹਿਲੀ ਵਾਰ ਹੋਇਆ ਕਿ ਮੰਡੀਆਂ ਵਿੱਚ ਝੋਨੇ ਦੀ ਬੋਲੀ ਸਤੰਬਰ ਮਹੀਨੇ ਦੇ ਅੱਧ ਵਿੱਚ ਆਰੰਭ ਹੋਈ ਹੈ। ਅੱਜ ਝੋਨੇ ਦੀ ਖਰੀਦ ਮਾਨਸਾ ਜ਼ਿਲ੍ਹੇ ਦੀ ਬਰੇਟਾ ਮੰਡੀ ਵਿੱਚ ਡਿਪਟੀ ਕਮਿਸ਼ਨਰ ਨਵਜੋਤ ਕੌਰ ਅਤੇ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਵੱਲੋਂ ਸਾਂਝੇ ਤੌਰ ’ਤੇ ਆਰੰਭ ਕਰਵਾਈ ਗਈ। ਉਨ੍ਹਾਂ ਆੜ੍ਹਤੀਆਂ ਅਤੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਖ਼ਰੀਦ ਦੌਰਾਨ ਉਨ੍ਹਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਡੀ ਸੀ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਪੁਰਜ਼ੋਰ ਅਪੀਲ ਕੀਤੀ ਕਿ ਉਹ ਵਾਤਾਵਰਨ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਤੇ ਇਸ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ। ਉਨ੍ਹਾਂ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਹਦਾਇਤ ਕੀਤੀ ਕਿ ਮੰਡੀਆਂ ਅੰਦਰ ਪ੍ਰਬੰਧਾਂ ਵਿਚ ਕੋਈ ਕਮੀ ਨਾ ਆਵੇ ਤਾਂ ਜੋ ਖਰੀਦ ਪ੍ਰਕਿਰਿਆ ਸੁਖਾਲੇ ਢੰਗ ਨਾਲ ਨੇਪਰੇ ਚੜ੍ਹ ਸਕੇ। ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਿਆਂ ਜਾਵੇਗਾ।ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਖਰੀਦ ,ਅਦਾਇਗੀ ਜਾਂ ਲਿਫਟਿੰਗ ਸਬੰਧੀ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਨੂੰ ਖਰੀਦ ਕੀਤੇ ਝੋਨੇ ਦੀ ਸਮੇਂ-ਸਿਰ ਅਦਾਇਗੀ ਕੀਤੀ ਜਾਵੇਗੀ। ਇਸ ਮੌਕੇ ਗੁਰਲੀਨ ਕੌਰ, ਐੱਸ ਡੀ ਐੱਮ ਗਗਨਦੀਪ ਸਿੰਘ, ਮਨਦੀਪ ਸਿੰਘ ਮਾਨ, ਜ਼ਿਲ੍ਹਾ ਮੰਡੀ ਅਫ਼ਸਰ ਅਮਨ ਮੰਗਲਾ ਵੀ ਮੌਜੂਦ ਸਨ।
+
Advertisement
Advertisement
Advertisement
Advertisement
×