ਝੋਨੇ ਦੀ ਖਰੀਦ: ਮੰਡੀ ਦੇ ਗੇਟ ’ਤੇ ਚੈੱਕ ਹੋਵੇਗੀ ਨਮੀ ਦੀ ਮਾਤਰਾ
ਪੰਜਾਬ ਸਰਕਾਰ ਵੱਲੋਂ ਇਸ ਵਾਰ ਝੋਨੇ ਦੀ ਖਰੀਦ ਵੇਲੇ ਅਨਾਜ ਮੰਡੀਆਂ ਦੇ ਗੇਟ ’ਤੇ ਹੀ ਨਮੀ ਮਾਤਰਾ ਚੈੱਕ ਕੀਤੀ ਜਾਵੇਗੀ ਅਤੇ ਫਿਰ ਹੀ ਟਰਾਲੀ ਨੂੰ ਅੰਦਰ ਜਾਣ ਦਿੱਤਾ ਜਾਵੇਗਾ। ਸਰਕਾਰ ਵੱਲੋਂ ਝੋਨੇ ਦੀ ਖਰੀਦ ਲਈ ਨਮੀ ਦੀ ਮਾਤਰਾ 17 ਫ਼ੀਸਦੀ ਨਿਰਧਾਰਤ ਕੀਤੀ ਗਈ ਹੈ। ਅਜਿਹੇ ਸਰਕਾਰੀ ਹੁਕਮਾਂ ਕਰਕੇ ਕਿਸਾਨ ਹੁਣ ਮੰਡੀਆਂ ਵਿੱਚ ਆਪਣਾ ਝੋਨਾ ਨਹੀਂ ਸੁਕਾ ਸਕਣਗੇ।
ਡਿਪਟੀ ਕਮਿਸ਼ਨਰ ਨਵਜੋਤ ਕੌਰ ਅਜਿਹੇ ਸਰਕਾਰੀ ਹੁਕਮਾਂ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਝੋਨੇ ਦੀ ਖਰੀਦ ਪ੍ਰਕਿਰਿਆ ਮੁਕੰਮਲ ਪ੍ਰਬੰਧਾਂ ਅਤੇ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਈ ਜਾਵੇ। ਉਨ੍ਹਾਂ ਕਿਹਾ ਕਿ ਮੰਡੀਆਂ ਅੰਦਰ ਪੀਣ ਵਾਲੇ ਪਾਣੀ, ਬਿਜਲੀ ਅਤੇ ਬਾਰਦਾਨੇ ਦੀ ਕੋਈ ਸਮੱਸਿਆ ਪੇਸ਼ ਨਾ ਆਵੇ। ਉਹ ਅੱਜ ਇਥੇ ਝੋਨੇ ਦੀ ਖਰੀਦ ਪ੍ਰਕਿਰਿਆ ਦੇ ਮੱਦੇਨਜਰ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਸੰਬੋਧਨ ਕਰ ਰਹੇ ਸਨ।
ਉਨ੍ਹਾਂ ਕਿਹਾ ਕਿ ਖਰੀਦ ਪ੍ਰਕਿਰਿਆ ਦੌਰਾਨ ਪੰਜਾਬ ਸਰਕਾਰ ਦੇ ਨਿਯਮਾਂ ਅਤੇ ਹਦਾਇਤਾਂ ਦੀ ਇੰਨਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹੈ ਕਿ ਕਿਸਾਨ ਦੀ ਫਸਲ ਦਾ ਦਾਣਾ ਦਾਣਾ ਖਰੀਦਿਆ ਜਾਵੇਗਾ। ਇਸ ਲਈ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਕਿ ਉਹ ਸੁੱਕਾ ਝੋਨਾ ਹੀ ਮੰਡੀਆਂ ਵਿਚ ਲੈਕੇ ਆਉਣ ਤਾਂ ਜੋ ਉਨ੍ਹਾਂ ਦੀ ਫਸਲ ਦੀ ਨਾਲੋ ਨਾਲ ਖਰੀਦ ਕੀਤੀ ਜਾ ਸਕੇ।