ਜੋਗਿੰਦਰ ਸਿੰਘ ਮਾਨ
ਮਾਨਸਾ, 16 ਜੂਨ
ਮਾਲਵਾ ਖੇਤਰ ਵਿੱਚ 17 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ ਜਾਵੇਗੀ। ਸੂਬੇ ਵਿੱਚ ਪਹਿਲੀ ਵਾਰ ਪੰਜਾਬ ਸਰਕਾਰ ਵੱਲੋਂ ਜ਼ੋਨ-ਵਾਈਜ਼ ਝੋਨੇ ਦੀ ਲੁਆਈ ਸ਼ੁਰੂ ਕਰਵਾਈ ਗਈ ਹੈ। ਕੌਮਾਂਤਰੀ ਸਰਹੱਦ ਲਾਗੇ ਕੰਡਿਆਲੀ ਤਾਰ ਤੋਂ ਪਾਰ 10 ਜੂਨ ਤੋਂ ਝੋਨੇ ਦੀ ਲੁਆਈ ਆਰੰਭੀ ਗਈ ਸੀ ਜਦੋਂ ਕਿ 14 ਜੂਨ ਤੋਂ ਮਾਝੇ ਅਤੇ ਦੁਆਬੇ ਦੇ ਜ਼ਿਲ੍ਹਿਆਂ ਵਿੱਚ ਝੋਨੇ ਦੀ ਲੁਆਈ ਦਾ ਕਾਰਜ ਸ਼ੁਰੂ ਹੋਇਆ ਸੀ। ਹੁਣ 17 ਜੂਨ ਤੋਂ ਮਾਨਸਾ, ਬਠਿੰਡਾ, ਸੰਗਰੂਰ, ਮੋਗਾ, ਬਰਨਾਲਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਫਿਰੋਜ਼ਪੁਰ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਵਿੱਚ ਝੋਨੇ ਦੀ ਲੁਆਈ ਦਾ ਕੰਮ ਆਰੰਭਿਆ ਜਾਵੇਗਾ।
ਇਸੇ ਦੌਰਾਨ ਪਾਵਰਕੌਮ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਲਗਾਤਾਰ 8 ਘੰਟੇ ਬਿਜਲੀ ਸਪਲਾਈ ਮਿਲਣੀ ਆਰੰਭ ਹੋ ਜਾਵੇਗੀ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਤਲਵੰਡੀ ਸਾਬੋ ਦੇ ਬਣਾਂਵਾਲਾ ਸਥਿਤ ਤਾਪਘਰ ਅਤੇ ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਨੂੰ ਚਲਾਉਣ ਲਈ ਬਕਾਇਦਾ ਆਦੇਸ਼ ਜਾਰੀ ਕੀਤੇ ਗਏ ਹਨ। ਪਾਵਰਕੌਮ ਅਧਿਕਾਰੀ ਜਸਪ੍ਰੀਤ ਸਿੰਘ ਮਾਨ ਦਾ ਕਹਿਣਾ ਹੈ ਕਿ ਸਰਕਾਰੀ ਆਦੇਸ਼ਾਂ ਤਹਿਤ ਭਲਕ ਤੋਂ ਝੋਨੇ ਦੀ ਲੁਆਈ ਲਈ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਆਰੰਭ ਕੀਤੀ ਜਾ ਰਹੀ ਹੈ।
ਮਾਲਵਾ ਖੇਤਰ ਵਿੱਚ ਝੋਨੇ ਦੀ ਲੁਆਈ ਲਈ ਵੱਡੀ ਗਿਣਤੀ ਵਿੱਚ ਪਰਵਾਸੀ ਮਜ਼ਦੂਰ ਮਾਨਸਾ ਤੇ ਬਠਿੰਡਾ ਦੇ ਰੇਲਵੇ ਸਟੇਸ਼ਨਾਂ ’ਤੇ ਉਤਰੇ ਹਨ। ਪਿੰਡਾਂ ਦੇ ਲੋਕਲ ਮਜ਼ਦੂਰਾਂ ਵੱਲੋਂ ਝੋਨਾ ਲਾਉਣ ਲਈ ਕਿਸਾਨਾਂ ਨਾਲ ਰਾਬਤਾ ਕਾਇਮ ਕੀਤਾ ਹੈ।
ਹੰਡਿਆਇਆ (ਕੁਲਦੀਪ ਸੂਦ): ਇਲਾਕੇ ਦੇ ਪਿੰਡਾਂ ਵਿੱਚ ਕਿਸਾਨਾਂ ਨੇ ਝੋਨਾ ਲਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਹੰਡਿਆਇਆ ਦਿਹਾਤੀ, ਹੰਡਿਆਇਆ, ਖੁੱਡੀ ਖੁਰਦ, ਧਨੌਲਾ ਖੁਰਦ, ਖੁੱਡੀ ਕਲਾਂ, ਬੀਕਾ ਸੂਚ ਪੱਤੀ, ਕੋਠੇ ਸਰਾਂ ਤੇ ਕੋਠੇ ਚੂੰਘਾ ਵਿੱਚ ਕਿਸਾਨਾਂ ਵੱਲੋਂ ਆਪਣੇ ਖੇਤਾਂ ’ਚ ਝੋਨਾ ਲਾਉਣ ਦੀ ਤਿਆਰੀ ਕਰ ਲਈ ਗਈ ਹੈ। ਪੰਜਾਬ ਸਰਕਾਰ ਨੇ ਇਸ ਵਾਰ ਸੂਬੇ ’ਚ ਤਿੰਨ ਪੜਾਆਂ ’ਚ ਝੋਨਾ ਲਾਉਣ ਲਈ ਤਰੀਕਾਂ ਦਾ ਐਲਾਨ ਕੀਤਾ ਹੋਇਆ ਹੈ। ਮਾਲਵਾ ਖੇਤਰ ’ਚ 17 ਜੂਨ ਤੋਂ ਝੋਨੇ ਦੀ ਬਿਜਾਈ ਸ਼ੁਰੂ ਹੋ ਜਾਵੇਗੀ ਅਤੇ ਪਾਵਰਕੌਮ ਵੱਲੋਂ 8 ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਪਿਛਲੇ ਸਾਲਾਂ ’ਚ ਸੂਬੇ ਅੰਦਰ ਝੋਨੇ ਦੀ ਲੁਆਈ 10 ਜੂਨ ਤੋਂ ਸ਼ੁਰੂ ਹੋ ਜਾਂਦੀ ਸੀ ਪਰ ਇਸ ਵਾਰ ਸਰਕਾਰ ਨੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਯਤਨ ਕੀਤੇ ਹਨ।
ਮਾਲਵਾ ਵਿੱਚ ਅਗਲੇ ਤਿੰਨ-ਚਾਰ ਦਿਨ ਮੀਂਹ ਪੈਣ ਦੇ ਆਸਾਰ
ਮੌਸਮ ਵਿਭਾਗ ਮੁਤਾਬਕ ਮਾਨਸਾ ਤੋਂ ਇਲਾਵਾ ਬਠਿੰਡਾ, ਬਰਨਾਲਾ, ਮੋਗਾ, ਫਾਜ਼ਿਲਕਾ, ਫਰੀਦਕੋਟ, ਮੁਕਤਸਰ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀਆਂ ਸੰਭਾਵਨਾਵਾਂ ਹਨ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਾਰਾ ਬੀਤੇ। ਦਿਨ ਮੁਕਾਬਲੇ ਘਟਿਆ ਹੈ ਅਤੇ ਅੱਜ ਸਾਰਾ ਦਿਨ ਲੋਕਾਂ ਨੂੰ ਲੂ ਤੋਂ ਰਾਹਤ ਮਿਲੀ ਰਹੀ ਹੈ। ਮੌਸਮ ਮਹਿਕਮੇ ਨੇ ਮਾਲਵਾ ਖੇਤਰ ਵਿੱਚ ਲਗਾਤਾਰ ਤਿੰਨ ਦਿਨ ਹਲਕੀਆਂ-ਫੁਲਕੀਆਂ ਕਣੀਆਂ ਤੋੋਂ ਲੈਕੇ ਦਰਮਿਆਨੇ ਮੀਂਹ ਪੈਣ ਦੀਆਂ ਸੰਭਾਵਨਾਵਾਂ ਪ੍ਰਗਟ ਕੀਤੀਆਂ ਹਨ। ਗ੍ਰਾਮੀਣ ਕ੍ਰਿਸ਼ੀ ਮੌਸਮ ਸੇਵਾ (ਭਾਰਤ ਮੌਸਮ ਵਿਭਾਗ) ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਮੌਸਮੀ ਸਲਾਹ ਬੁਲੇਟਿਨ ਅਨੁਸਾਰ ਅਗਲੇ ਤਿੰਨ-ਚਾਰ ਦਿਨ ਹਲਕੀ ਤੋਂ ਦਰਮਿਆਨੀ ਬਾਰਸ਼ ਦੀ ਸੰਭਾਵਨਾ ਹੈ। ਰਿਪੋਰਟ ਮੁਤਾਬਕ ਮਾਲਵਾ ਖੇਤਰ ਵਿੱਚ ਗਰਜ਼-ਚਮਕ/ਤੇਜ਼ ਹਵਾਵਾਂ ਚੱਲਣ ਦੀ ਸੂਚਨਾ ਦਿੱਤੀ ਗਈ ਹੈ। ਇਹ ਹਵਾਵਾਂ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੇ ਹਿਸਾਬ ਨਾਲ ਚੱਲਣ ਦਾ ਅਨੁਮਾਨ ਹੈ। ਮੌਸਮ ਵਿਗਿਆਨੀ ਡਾ. ਰਾਜ ਕੁਮਾਰ ਪਾਲ ਨੇ ਦੱਸਿਆ ਕਿ 17 ਜੂਨ ਦੀ ਸਵੇਰ ਨੂੰ ਮਾਲਵਾ ਖੇਤਰ ਵਿਚਲੇ ਅਲੱਗ-ਅਲੱਗ ਹਿੱਸਿਆਂ ਵਿੱਚ ਹਲਕੀ ਬਾਰਸ਼ ਅਤੇ ਕਣੀਆਂ ਡਿੱਗਣ ਦੀ ਸੰਭਾਵਨਾ ਹੈ ਅਤੇ 17 ਤੋਂ 19 ਜੂਨ ਤੱਕ ਚੰਗਾ ਮੀਂਹ ਪੈਣ ਦੀ ਸੂਚਨਾ ਮਿਲੀ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਬਠਿੰਡਾ ਸਥਿਤ ਖੇਤਰੀ ਖੋਜ ਕੇਂਦਰ ਦੇ ਵਿਗਿਆਨੀ ਡਾ. ਜੀ. ਐੱਸ ਰੋਮਾਣਾ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਮਾਲਵਾ ਖੇਤਰ ਵਿੱਚ ਕਿਸਾਨਾਂ ਨੂੰ 17 ਜੂਨ ਤੋਂ ਝੋਨੇ ਦੀ ਲੁਆਈ ਦਾ ਕਾਰਜ ਆਰੰਭ ਦੇਣਾ ਚਾਹੀਦਾ ਹੈ।