ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 25 ਅਪਰੈਲ
ਸਿਹਤ ਵਿਭਾਗ ਵੱਲੋਂ ਨੈਸ਼ਨਲ ਹੈਲਥ ਮਿਸ਼ਨ ਤਹਿਤ ਸਥਾਨਕ ਡਾ. ਮਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਸ਼ਵ ਮਲੇਰੀਆ ਦਿਵਸ ’ਤੇ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਹਲਕਾ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਿਤ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਘਰ ਅਤੇ ਆਲੇ-ਦੁਆਲੇ ਸਾਫ਼-ਸਫ਼ਾਈ ਰੱਖਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਧਾਇਕ ਨੇ ਸਿਹਤ ਸੰਭਾਲ ਵਿਸ਼ੇ ’ਤੇ ਕਰਵਾਏ ਪੇਂਟਿੰਗ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਆ। ਸਿਵਲ ਸਰਜਨ ਡਾ. ਸੰਜੇ ਕਪੂਰ ਨੇ ਸਮਾਗਮ ਦੌਰਾਨ ਸਿਹਤ ਵਿਭਾਗ ਵੱਲੋਂ ਵਿੱਢੀਆਂ ਜਾਗਰੂਕਤਾ ਮੁਹਿੰਮਾਂ ਅਤੇ ਸਿਵਲ ਹਸਪਤਾਲ ਵਿੱਚ ਮਿਲਦੀਆਂ ਸਹੂਲਤਾਂ ਤੇ ਸਕੀਮਾਂ ਸੰਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਡਾ. ਚੰਦਰ ਸ਼ੇਖਰ, ਡਾ. ਹਿਮਾਂਸ਼ੂ, ਪ੍ਰਿੰਸੀਪਲ ਭੁਪਿੰਦਰ ਸਿੰਘ ਬਰਾੜ ਹਾਜ਼ਰ ਸਨ।
ਬਰਨਾਲਾ (ਖੇਤਰੀ ਪ੍ਰਤੀਨਿਧ): ਸਿਹਤ ਵਿਭਾਗ ਬਰਨਾਲਾ ਵੱਲੋਂ ਕਾਰਜਕਾਰੀ ਸਿਵਲ ਸਰਜਨ ਬਰਨਾਲਾ ਡਾ. ਪ੍ਰਵੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਵੱਖ-ਵੱਖ ਸਕੂਲਾਂ ਵਿੱਚ ਮਲੇਰੀਆ ਦਿਵਸ ਮੌਕੇ ਪੇਂਟਿੰਗ ਮੁਕਾਬਲੇ ਕਰਵਾਏ ਗਏ। ਇਸ ਮੌਕੇ ਡਾ. ਮੁਨੀਸ਼ ਕੁਮਾਰ, ਕੁਲਦੀਪ ਸਿੰਘ ਮਾਨ ਤੇ ਗੁਰਮੇਲ ਸਿੰਘ ਢਿੱਲੋਂ ਨੇ ਸੰਬੋਧਨ ਕੀਤਾ। ਇਸ ਮੌਕੇ ਜੇਤੂਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।